Close
Menu
Breaking News:

ਅਕਾਲੀਆਂ ਨੇ ਭਾਜਪਾ ਨਾਲ ਨਾਰਾਜ਼ਗੀ ‘ਸਹੇੜਨ’ ਦਾ ਇਰਾਦਾ ਟਾਲਿਆ

-- 09 August,2018

ਚੰਡੀਗੜ੍ਹ, 9 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਦੇ ਅਹੁਦੇ ’ਤੇ ਭਾਜਪਾ ਨਾਲ ਹਾਲ ਦੀ ਘੜੀ ਨਾਰਾਜ਼ਗੀ ਜ਼ਾਹਿਰ ਕਰਨ ਦਾ ਪੈਂਤੜਾ ਤਿਆਗ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਲਗਾਤਾਰ ਦੋ ਦਿਨ ਹੋਈਆਂ ਮੀਟਿੰਗਾਂ ਤੋਂ ਬਾਅਦ ਇਹੀ ਸਿੱਟਾ ਕੱਢਿਆ ਗਿਆ ਕਿ ਭਾਜਪਾ ਵੱਲੋਂ ਜਿੱਚ ਕੀਤੇ ਜਾਣ ਦੇ ਬਾਵਜੂਦ ਸਾਥ ਨਿਭਾਇਆ ਜਾਵੇ। ਸੂਤਰਾਂ ਦਾ ਦੱਸਣਾ ਹੈ ਕਿ ਸੋਮਵਾਰ ਸ਼ਾਮੀਂ ਹੋਈ ਮੀਟਿੰਗ ਦੌਰਾਨ ਅਕਾਲੀ ਲੀਡਰਸ਼ਿਪ ਵੱਲੋਂ ਇਹੋ ਮਨ ਬਣਾਇਆ ਗਿਆ ਸੀ ਕਿ ਡਿਪਟੀ ਚੇਅਰਮੈਨ ਦੀ ਚੋਣ ਮੌਕੇ ਬਾਈਕਾਟ ਕਰ ਦਿੱਤਾ ਜਾਵੇ। ਛੋਟੇ ਬਾਦਲ ਦੀ ਪ੍ਰਧਾਨਗੀ ਹੇਠ ਹੋਈਆਂ ਮੀਟਿੰਗਾਂ ਵਿੱਚ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਗੁਜਰਾਲ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਆਦਿ ਸ਼ਾਮਲ ਸਨ। ਮੰਗਲਵਾਰ ਸਵੇਰੇ ਸਮੇਂ ਹੋਈ ਮੀਟਿੰਗ ਦੌਰਾਨ ਵੀ ਇਸ ਫੈਸਲੇ ’ਤੇ ਕਾਇਮ ਰਹਿਣ ਦਾ ਅਹਿਦ ਕੀਤਾ ਗਿਆ ਪਰ ਸ਼ਾਮ ਸਮੇਂ ਸੁਖਬੀਰ ਸਿੰਘ ਬਾਦਲ ਅਤੇ ਅਮਿਤ ਸ਼ਾਹ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਦੇ ਖਿਲਾਫ਼ ਨਾ ਜਾਣ ਦਾ ਫੈਸਲਾ ਕੀਤਾ। ਸੀਨੀਅਰ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਪਾਰਟੀ ਦੀ ਲੀਡਰਸ਼ਿਪ ਨੂੰ ਭਾਜਪਾ ਦੀ ਹਾਂ ’ਚ ਹਾਂ ਮਿਲਾਉਣ ਦਾ ਹੀ ਮਸ਼ਵਰਾ ਦਿੱਤਾ ਗਿਆ।
ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਇਹੀ ਗੱਲ ਸਾਹਮਣੇ ਆਈ ਹੈ ਕਿ ਪਾਰਟੀ ਵੱਲੋਂ ਭਾਜਪਾ ਲੀਡਰਸ਼ਿਪ ਦੇ ਸਾਹਮਣੇ ਡਿਪਟੀ ਚੇਅਰਮੈਨ ਦੇ ਅਹੁਦੇ ਲਈ ਨਰੇਸ਼ ਗੁਜਰਾਲ ਦੇ ਨਾਮ ਦੇ ਪ੍ਰਸਤਾਵ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਪਾਰਟੀ ਸੂਤਰਾਂ ਦਾ ਦੱਸਣਾ ਹੈ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ’ਤੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਕੁਝ ਇਸ ਤਰ੍ਹਾਂ ਦੀ ਸੁਰ ਅਲਾਪੀ ਗਈ ਜਿਸ ਨਾਲ ਭਾਜਪਾ ਆਗੂਆਂ ਨੂੰ ਨਾਰਾਜ਼ਗੀ ਦਾ ਅਹਿਸਾਸ ਕਰਾਉਣ ਦਾ ਯਤਨ ਕੀਤਾ ਗਿਆ। ਸੂਤਰਾਂ ਮੁਤਾਬਕ ਸੀਨੀਅਰ ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਜੇ ਡਿਪਟੀ ਚੇਅਰਮੈਨ ਦੇ ਮੁੱਦੇ ’ਤੇ ਭਾਜਪਾ ਦੇ ਉਮੀਦਵਾਰ ਦੀ ਹਮਾਇਤ ਕਰਨੀ ਹੈ ਤਾਂ ਸਿੱਖਾਂ ਦੀ ਕੋਈ ਮੰਗ ਹੀ ਕੇਂਦਰ ਸਰਕਾਰ ਤੋਂ ਮੰਨਵਾ ਲਈ ਜਾਵੇ।
ਮੀਟਿੰਗਾਂ ਦੌਰਾਨ ਅਕਾਲੀ ਆਗੂਆਂ ਨੇ ਇਹ ਵੀ ਵਿਚਾਰ ਰੱਖੇ ਕਿ ਭਾਜਪਾ ਤੋਂ ਮੰਗਾਂ ਮਨਵਾਉਣ ਦਾ ਇਹ ਅਹਿਮ ਮੌਕਾ ਹੈ ਤੇ ਇਸ ਨਾਲ ਅਕਾਲੀ ਦਲ ਸਿੱਖ ਵੋਟਾਂ ਦਾ ਰੁਖ਼ ਮੋੜਨ ’ਚ ਵੀ ਕਾਮਯਾਬ ਹੋਵੇਗਾ। ਸਿਆਸੀ ਹਲਕਿਆਂ ਦਾ ਮੰਨਣਾ ਹੈ ਕਿ ਅਕਾਲੀ ਆਗੂਆਂ ਦੀਆਂ ਗਤੀਵਿਧੀਆਂ ਦਾ ਭਾਜਪਾ ਦੀ ਲੀਡਜਸ਼ਿਪ ’ਤੇ ਕੋਈ ਅਸਰ ਨਹੀਂ ਹੋਇਆ। ਇਸ ਮੁੱਦੇ ’ਤੇ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਭਾਜਪਾ ਨਾਲ ਸਬੰਧ ਬਣਾਈ ਰੱਖਣ ਦਾ ਮਸ਼ਵਰਾ ਦਿੱਤਾ ਗਿਆ। ਅਕਾਲੀ ਹਲਕਿਆਂ ਦਾ ਮੰਨਣਾ ਹੈ ਕਿ ਨਿੱਜੀ ਕਾਰਨਾਂ ਕਰਕੇ ਬਾਦਲ ਪਰਿਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਨਾਰਾਜ਼ ਕਰਕੇ ਕੋਈ ਬਿਪਤਾ ਨਹੀਂ ਸਹੇੜਨਾ ਚਹੁੰਦਾ। ਹਾਲਾਂਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਦੱਬਵੀਂ ਸੁਰ ਵਿੱਚ ਮੰਨਣਾ ਹੈ ਕਿ ਪਾਰਟੀ ਨੂੰ ਭਾਜਪਾ ਨਾਲ ਸਿਆਸੀ ਸਾਂਝ ਦਾ ਕੋਈ ਰਾਜਨੀਤਕ ਲਾਭ ਨਹੀਂ ਹੋ ਰਿਹਾ।

Facebook Comment
Project by : XtremeStudioz