Close
Menu

ਕਾਂਗਰਸ ਦੇ ਰਾਜ ’ਚ ਨਸ਼ਾ ਘਟਣ ਦੀ ਬਜਾਏ ਵਧਿਆ: ਹਰਸਿਮਰਤ

-- 13 April,2018

ਬਠਿੰਡਾ, 13 ਅਪਰੈਲ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ੇ ਨੂੰ ਚਾਰ ਹਫ਼ਤਿਆਂ ਵਿੱਚ ਬੰਦ ਕਰਨ ਦਾ ਦਾਅਵਾ ਕਰਦੇ ਸਨ, ਪਰ ਕਾਂਗਰਸ ਦੇ ਰਾਜ ਵਿੱਚ ਪੰਜਾਬ ’ਚ ਨਸ਼ਾ ਘਟਣ ਦੀ ਬਜਾਏ 400 ਗੁਣਾ ਵੱਧ ਗਿਆ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੱਤਾ ’ਤੇ ਕਾਬਜ਼ ਹੋ ਕੇ ਐਸ਼ ਕਰ ਰਹੇ ਹਨ। ਉਨ੍ਹਾਂ ਲੰਘੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹੋਣ ਦੀ ਗੱਲ ਪਹਿਲਾਂ ਹੀ ਆਖ ਦਿੱਤੀ ਸੀ, ਇਸ ਲਈ ਉਹ ਹੁਣ ਪੰਜਾਬ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਤਾਂ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ, ਪੰਜਾਬ ਲਈ ਉਨ੍ਹਾਂ ਕੋਲ ਸਮਾਂ ਨਹੀਂ ਹੈ। ਬੀਬੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਹਮਦਰਦ ਅਖਵਾਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਜ਼ਾ ਮੁਆਫ਼ੀ ਸਮਾਗਮ ਵਿੱਚ ਵੀ ਇਸ ਲਈ ਨਹੀਂ ਪਹੁੰਚੇ ਕਿਉਂਕਿ ਹੈਲੀਕਾਪਟਰ ਖ਼ਰਾਬ ਹੋ ਗਿਆ ਸੀ ਜਦੋਂਕਿ ਭਵਾਨੀਗੜ੍ਹ ਤੱਕ ਦਾ ਸੜਕ ਤੋਂ ਰਸਤਾ 40 ਮਿੰਟਾਂ ਦਾ ਹੈ। ਜਦੋਂ ਤੋਂ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕੰਮ ਠੱਪ ਪਏ ਹੋਏ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਤੰਗ ਮਾਨਸਿਕਤਾ ਕਾਰਨ ਕਾਂਗਰਸੀਆਂ ਵੱਲੋਂ ਉਨ੍ਹਾਂ ਨੂੰ ਲੋਕਾਂ ਦਾ ਭਲਾ ਹੀ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਗੁੰਡਾ ਟੈਕਸ ਅਤੇ ਹੋਰ ਟੈਕਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਵਿੱਚ ਮੋਟੇ ਪੈਸੇ ਕੇਂਦਰ ਤੋਂ ਆਉਂਦੇ ਹਨ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

Facebook Comment
Project by : XtremeStudioz