Close
Menu
Breaking News:

ਟਰੂਡੋ ਫੇਰੀ: ਅੰਮ੍ਰਿਤਸਰ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

-- 19 February,2018

ਅੰਮ੍ਰਿਤਸਰ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਦੇਰ ਸ਼ਾਮ ਪਰਿਵਾਰ ਸਣੇ ਦਿੱਲੀ ਪਹੁੰਚ ਗਏ। ਇਸ ਤੋਂ ਪਹਿਲਾਂ ਇਕ ਹਫ਼ਤੇ ਦੀ ਭਾਰਤ ਫੇਰੀ ਦੌਰਾਨ ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਸਬੰਧੀ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੈਨੇਡੀਅਨ ਪ੍ਰਧਾਨ ਮੰਤਰੀ 21 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ     ਮੀਟਿੰਗਾਂ ਕੀਤੀਆਂ ਗਈਆਂ। ਵੇਰਵਿਆਂ ਮੁਤਾਬਕ ਪ੍ਰਧਾਨ ਮੰਤਰੀ ਸ੍ਰੀ ਟਰੂਡੋ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਤਿੰਨ ਬੱਚੇ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣਗੇ। ਇਸ ਤੋਂ ਇਲਾਵਾ ਮੰਤਰੀ ਮੰਡਲ ਵਿੱਚ ਸ਼ਾਮਲ ਪੰਜ ਮੰਤਰੀ, ਜਿਨ੍ਹਾਂ ਵਿੱਚ ਚਾਰ ਪੰਜਾਬੀ ਮੰਤਰੀ ਵੀ ਸ਼ਾਮਲ ਹਨ ਸਮੇਤ ਕਈ ਸੰਸਦੀ ਮੈਂਬਰ ਵੀ ਟਰੂਡੋ ਦੇ ਕਾਫ਼ਲੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੇ ਲਗਪਗ ਇਕ ਘੰਟੇ ਦੇ ਠਹਿਰਾਅ ਦੇ ਮੱਦੇਨਜ਼ਰ ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਛਤਰੀ ਬਣਾਈ ਗਈ ਹੈ। ਜਿਸ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਆਪਣੇ ਸੁਰੱਖਿਆ ਮੁਲਾਜ਼ਮ, ਪੰਜਾਬ ਪੁਲੀਸ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਸ਼ਾਮਲ ਹੋਵੇਗੀ। ਇਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਵਾਸਤੇ ਵੱਖਰਾ ਸੁਰੱਖਿਆ ਘੇਰਾ ਹੋਵੇਗਾ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ, ਸੜਕਾਂ ਦੇ ਆਲੇ ਦੁਆਲੇ ਲੱਗੇ ਨਾਜਾਇਜ਼ ਹੋਰਡਿੰਗਾਂ ਨੂੰ ਤੁਰੰਤ ਹਟਾਉਣ ਦੀ ਹਦਾਇਤ ਕੀਤੀ ਗਈ। ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤੇ ਵਿਚ ਗੈਰਕਾਨੂੰਨੀ ਢੰਗ ਨਾਲ ਲੱਗੀਆਂ ਰੇਹੜੀਆਂ ਅਤੇ ਕਬਜ਼ਿਆਂ ਨੂੰ ਵੀ ਹਟਾਇਆ ਜਾਵੇਗਾ।

 

Facebook Comment
Project by : XtremeStudioz