Close
Menu

ਦਲਿਤ ਵਿਦਿਆਰਥੀਆਂ ਲਈ ਰਾਸ਼ੀ ਛੇਤੀ ਜਾਰੀ ਕਰਨ ਦਾ ਵਾਅਦਾ

-- 17 July,2017

ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਦੇ ਵੱਖ-ਵੱਖ ਪ੍ਰਾਈਵੇਟ ਕਾਲਜਾਂ ਦੀਆਂ 13 ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ (ਜੈਕ) ਦਾ ਵਫ਼ਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲਿਆ। ਵਫ਼ਦ ਨੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਦਲਿਤ ਵਿਦਿਆਰਥੀਆਂ ਦੀ ਪੰਜਾਬ ਤੇ ਕੇਂਦਰ ਸਰਕਾਰ ਵੱਲ ਬਕਾਇਆ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਸਬੰਧੀ ਚਰਚਾ ਕੀਤੀ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਮੁਫ਼ਤ ਪੜ੍ਹਾਈ ਲਈ ਭੇਜੀ ਰਾਸ਼ੀ ਛੇਤੀ ਜਾਰੀ ਕੀਤੀ ਜਾਵੇਗੀ।
ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਅਤੇ ਐਕਸ਼ਨ ਕਮੇਟੀ ਦੇ ਹੋਰਨਾਂ ਮੈਂਬਰਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਸਿੱਖਿਆ ਸੰਸਥਾਵਾਂ ਦੀ ਬਿਨਾਂ ਗੱਲੋਂ ਜਾਂਚ ਅਤੇ ਵੱਖ-ਵੱਖ ਕਮੇਟੀਆਂ ਦੇ ਸੰਸਥਾਵਾਂ ਵਿੱਚ ਜਾਣ ਨਾਲ ਸੰਸਥਾ ਦਾ ਸਿੱਖਿਆ ਸਬੰਧੀ ਮਾਹੌਲ ਖ਼ਰਾਬ ਹੋ ਰਿਹਾ ਹੈ। ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪਿਛਲੇ ਕਈ ਸਾਲਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਰੀਬ 1100 ਕਰੋੜ ਰੁਪਏ ਰਿਲੀਜ਼ ਨਾ ਕਰਨ ਕਰਕੇ ਪ੍ਰਾਈਵੇਟ ਕਾਲਜਾਂ ਲਈ ਦਲਿਤ ਵਿਦਿਆਰਥੀਆਂ ਦੀ ਮੁਫ਼ਤ ਪੜ੍ਹਾਈ ਜਾਰੀ ਰੱਖਣੀ ਅਤੇ ਕਾਲਜ ਦੇ ਸਟਾਫ਼ ਨੂੰ ਸਮੇਂ ਸਿਰ ਤਨਖ਼ਾਹਾਂ ਦੇਣੀਆਂ ਮੁਸ਼ਕਲ ਹੋ ਗਈਆਂ ਹਨ।
ਵਿੱਤ ਮੰਤਰੀ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਤੀਨਿਧੀ ਮੰਡਲ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਮੁਫ਼ਤ ਪੜ੍ਹਾਈ ਦੀ ਬਕਾਇਆ ਰਾਸ਼ੀ ਵਜੋਂ ਭੇਜੇ 115 ਕਰੋੜ ਰੁਪਏ ਜਲਦੀ ਰਿਲੀਜ਼ ਕੀਤੇ ਜਾਣਗੇ ਅਤੇ ਬਾਕੀ ਰਹਿੰਦੇ ਪੈਸੇ ਵੀ ਛੇਤੀ ਰਿਲੀਜ਼ ਕਰਨ ਲਈ ਮੋਦੀ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ।
ਮੀਟਿੰਗ ਵਿੱਚ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੇ. ਐਸ. ਧਾਲੀਵਾਲ, ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਜਿੰਦਰ ਧਨੋਆ, ਆਈਟੀਆਈ ਸਾਬਕਾ ਮੰਤਰੀ ਰਮਨ ਭੱਲਾ ਆਦਿ ਹਾਜ਼ਰ ਸਨ।

Facebook Comment
Project by : XtremeStudioz