Close
Menu

‘ਨਾਨਕ ਸ਼ਾਹ ਫਕੀਰ’ ਵਿਵਾਦ: ਸਿੰਘ ਸਾਹਿਬਾਨ ਨੇ ਸਿੱਕਾ ਨੂੰ ਪੰਥ ’ਚੋਂ ਛੇਕਿਆ

-- 13 April,2018

ਅੰਮ੍ਰਿਤਸਰ, 13 ਅਪਰੈਲ
‘ਨਾਨਕਸ਼ਾਹ ਫਕੀਰ’ ਫਿਲਮ ਵਿਵਾਦ ਨੇ ਅੱਜ ਉਦੋਂ ਨਵਾਂ ਮੋੜ  ਲੈ ਲਿਆ ਜਦੋਂ ਸ੍ਰੀ ਅਕਾਲ ਤਖ਼ਤ ਉੱਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਫਿਲਮ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕਰ ਦਿੱਤਾ। ਇਸ ਤੋਂ ਇਲਾਵਾ ਕੇਂਦਰ ਤੇ ਸੂਬਾ ਸਰਕਾਰ ਨੂੰ ਫਿਲਮ ਉੱਤੇ ਪਾਬੰਦੀ ਨਾ ਲਾਉਣ ਦੀ ਸੂਰਤ ਵਿੱਚ ਨਿਕਲਣ ਵਾਲੇ ਗੰਭੀਰ ਸਿੱਟਿਆਂ ਲਈ ਜ਼ਿੰਮੇਵਾਰ ਕਰਾਰ ਦਿੱਤਾ ਹੈ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ  ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲ ਤਖ਼ਤ ਤੋਂ ਗਿਆਨੀ ਜੋਗਿੰਦਰ ਸਿੰਘ ਸ਼ਾਮਲ ਹੋਏ। ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਇੱਕ ਨੁਕਾਤੀ ਏਜੰਡੇ ਵਿਵਾਦਤ  ਫਿਲਮ ਨਾਨਕਸ਼ਾਹ ਫਕੀਰ ਦੇ ਵਿਸ਼ੇ ਉੱਤੇ ਹੀ ਵਿਚਾਰ ਚਰਚਾ ਕੀਤੀ ਗਈ। ਵਿਚਾਰ ਚਰਚਾ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਬਲਬੀਰ ਸਿੰਘ ਬੁੱਢਾ ਦਲ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਭਾਈ ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਕੁੱਝ ਸਿੱਖ ਵਿਦਵਾਨ ਵੀ ਸ਼ਾਮਲ ਸਨ।
ਬਾਅਦ ਦੁਪਹਿਰ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਜਥੇਦਾਰ ਵੱਲੋਂ ਸੁਣਾਏ ਹੁਕਮਨਾਮੇ ਵਿੱਚ ਕਿਹਾ ਗਿਆ ਹੈ ਕਿ ਇਸ ਵਿਵਾਦਤ ਫਿਲਮ ਦੇ ਕਾਰਨ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਇਸੇ ਲਈ ਸ੍ਰੀ ਅਕਾਲ ਤਖ਼ਤ ਤੋਂ ਇਸ ਫਿਲਮ ਨੂੰ ਰਿਲੀਜ਼ ਕਰਨ ‘ਤੇ ਪਾਬੰਦੀ ਵੀ ਲਾਈ ਗਈ ਸੀ ਅਤੇ ਫਿਲਮ ਸਬੰਧੀ ਪਹਿਲਾਂ ਜਾਰੀ ਕੀਤੇ ਸਾਰੇ ਪੱਤਰ ਵੀ ਰੱਦ ਕਰ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਸਿੱਖ ਭਾਵਨਾਵਾਂ ਨੂੰ ਅਣਡਿੱਠਾ ਕਰਦਿਆਂ ਕਾਨੂੰਨੀ ਹੱਥਕੰਡਾ ਵਰਤ ਕੇ 13 ਅਪਰੈਲ ਨੂੰ ਇਸ ਫਿਲਮ ਨੂੰ ਰਿਲੀਜ਼ ਕਰਾਉਣ ਲਈ ਅਦਾਲਤ ਤੋਂ ਹਰੀ ਝੰਡੀ ਪ੍ਰਾਪਤ ਕੀਤੀ ਹੈ। ਉਹ ਫਿਲਮ ਰਿਲੀਜ਼ ਕਰਨ ’ਤੇ ਅੜਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਫਿਲਮ ਸਿੱਖ ਕੌਮ ਦਾ ਘਾਣ ਕਰਾਉਣ ਲਈ ਰਚੀ ਗਈ ਇੱਕ ਡੂੰਘੀ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਆਖਿਆ ਕਿ 13 ਅਪਰੈਲ 1978 ਨੂੰ ਵੀ ਅਜਿਹੀ ਹੀ ਇੱਕ ਸਾਜਿਸ਼ ਦੇ ਸਿੱਟੇ ਵਜੋਂ ਅੰਮ੍ਰਿਤਸਰ ਵਿਚ ਖੂਨ ਦੀ ਹੋਲੀ ਖੇਡੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਵਾਰ ਮੁੜ ਸਿੱਖਾਂ ਦਾ ਖੂਨ ਡੋਲ੍ਹਣ ਲਈ ਇਸ ਵਿਅਕਤੀ ਨੂੰ ਮੋਹਰਾ ਬਣਾਇਆ ਗਿਆ ਹੈ। ਫਿਲਮ ਨਿਰਮਾਤਾ ਦੇ ਹੱਠੀ ਵਤੀਰੇ ਨੂੰ ਦੇਖਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਉਸ ਨੂੰ ਪੰਥ ਵਿੱਚੋਂ ਛੇਕਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ ਆਦੇਸ਼ ਕੀਤਾ ਕਿ ਹਰਿੰਦਰ ਸਿੰਘ ਸਿੱਕਾ ਨਾਲ ਕਿਸੇ ਕਿਸਮ ਦੀ ਕੋਈ ਵੀ ਸਮਾਜਿਕ, ਧਾਰਮਿਕ ਜਾਂ ਰੋਟੀ ਬੇਟੀ ਦੀ ਸਾਂਝ ਨਾ ਰੱਖੀ ਜਾਵੇ।
ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ  ਸਿੱਖ ਸੰਸਦ ਮੈਂਬਰਾਂ ਨੂੰ ਆਖਿਆ ਕਿ ਉਹ ਤੁਰੰਤ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਅਤੇ ਸਿੱਖ ਭਾਵਨਾਵਾਂ ਤੋਂ ਜਾਣੂੰ ਕਰਾ ਕੇ ਫਿਲਮ ਉੱਤੇ ਰੋਕ ਲਾਉਣ ਦੀ ਮੰਗ ਕਰਨ। ਜੇ ਫਿਰ ਵੀ ਸਰਕਾਰ ਵੱਲੋਂ ਫਿਲਮ ਉੱਤੇ ਰੋਕ ਨਹੀਂ ਲਾਈ ਜਾਂਦੀ ਤਾਂ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਕੇਂਦਰ ਤੇ ਸੂਬਾ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਆਖਿਆ ਕਿ ਸਿਨੇਮਾ ਘਰਾਂ ਦੇ ਮਾਲਕ ਜਾਂ ਪ੍ਰਬੰਧਕ ਇਸ ਫਿਲਮ ਨੂੰ ਰਿਲੀਜ਼ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਫਿਲਮ ਦਾ ਮੁਕੰਮਲ ਰੂਪ ਵਿੱਚ ਬਾਈਕਾਟ ਕੀਤਾ ਜਾਵੇ ਅਤੇ ਸ਼ਾਂਤਮਈ ਢੰਗ ਨਾਲ ਫਿਲਮ ਦਾ ਵਿਰੋਧ ਕੀਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਇਸ ਫਿਲਮ ਨੂੰ ਪਹਿਲਾਂ ਹਰੀ ਝੰਡੀ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੇ ਮੈਂਬਰਾਂ ਨੂੰ ਵੀ ਸ੍ਰੀ ਅਕਾਲ ਤਖਤ ਉੱਤੇ ਸੱਦ ਕੇ ਇਸ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਇਸ ਫਿਲਮ ਦਾ ਪੋਸਟਰ ਰਿਲੀਜ਼ ਕਰਨ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਪੁੱਛੇ ਸਵਾਲ ਦਾ ਉੱਤਰ ਦੇਣ ਤੋਂ ਉਨ੍ਹਾਂ ਟਾਲਾ ਵੱਟਿਆ ਅਤੇ ਆਖਿਆ ਕਿ ਮੀਡੀਆ ਖੁਦ ਉਸ ਕੋਲੋਂ ਪੁੱਛੇ ਕਿ ਉਹ ਉਥੇ ਕਿਉਂ ਗਈ ਸੀ ?
ਅੱਜ ਦਾ ਇਹ ਫੈਸਲਾ ਦੇਣ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਵੱਲੋਂ ਵਿਵਾਦਤ ਫਿਲਮ ਸਬੰਧੀ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੇ ਫੈਸਲੇ ਦੀ ਵੀ ਉਡੀਕ ਕੀਤੀ ਗਈ। ਜਦੋਂ ਇਹ ਫੈਸਲਾ ਆਇਆ ਕਿ ਸੁਪਰੀਮ ਕੋਰਟ ਵੱਲੋਂ ਸਿੱਖ ਸੰਸਥਾਵਾਂ ਦੀ ਇਸ ਸਬੰਧੀ ਨਜ਼ਰਸਾਨੀ ਪਟੀਸ਼ਨ ਨੂੰ ਸੋਮਵਾਰ ਤਕ ਟਾਲ ਦਿੱਤਾ ਗਿਆ ਹੈ ਤਾਂ  ਉਨ੍ਹਾਂ ਇਹ ਸਖ਼ਤ ਫੈਸਲਾ ਸੁਣਾ ਦਿੱਤਾ।

ਫਿਲਮ ਅੱਜ ਹੋਵੇਗੀ ਰਿਲੀਜ਼

ਨਵੀਂ ਦਿੱਲੀ: ਅੱਜ ਸ਼੍ਰੋਮਟੀ ਕਮੇਟੀ ਅਤੇ ਦਿੱਲੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਾਨਕ ਸ਼ਾਹ ਫਕੀਰ ਦੇ ਰਿਲੀਜ਼ ਹੋਣ ਉੱਤੇ ਰੋਕ ਲਾਏ ਜਾਣ ਦੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਨੇ ਫਿਲਮ ਉੱਤੇ ਰੋਕ ਨਹੀਂ ਲਾਈ ਅਤੇ ਫਿਲਮ ਭਲਕੇ ਸਿਨੇਮਾ ਘਰਾਂ ਵਿੱਚ ਲੱਗੇਗੀ। ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ਉੱਤੇ ਤੁਰੰਤ ਸੁਣਵਾਈ ਦੀਆਂ ਪਟੀਸ਼ਨਾਂ ਸੁਣਵਾਈ ਲਈ ਸਵੀਕਾਰ ਨਾ ਕੀਤੀਆਂ ਪਰ ਬਾਅਦ ਵਿੱਚ ਸੁਪਰੀਮ ਕੋਰਟ ਫਿਲਮ ਸਬੰਧੀ ਸੁਣਵਾਈ 16 ਅਪਰੈਲ ਨੂੰ ਅਤੇ ਦਿੱਲੀ ਹਾਈ ਕੋਰਟ 22 ਅਪਰੈਲ ਨੂੰ ਕਰਨ ਲਈ ਤਿਆਰ ਹੋ ਗਈਆਂ। ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਫਿਲਮ ਨੂੰ ਫਿਲਮ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਟ ਨੇ ਪ੍ਰਵਾਨਗੀ ਦਿੱਤੀ ਹੈ ਅਤੇ ਇਸ ਨੂੰ ਕਾਨੂੰਨੀ ਢੰੰਗ ਦੇ ਨਾਲ ਹੀ ਰਿਲੀਜ਼ ਹੋਣ ਤੋਂ ਰੋਕਿਆ ਜਾ ਸਕਦਾ ਹੈ।

Facebook Comment
Project by : XtremeStudioz