Close
Menu

ਪਾਰਟੀ ਦੇ ਏਕੇ ਲਈ ਅਹੁਦਾ ਛੱਡਣ ਲਈ ਤਿਆਰ ਹਾਂ: ਹਰਪਾਲ ਚੀਮਾ

-- 09 August,2018

ਪਟਿਆਲਾ,ਆਮ ਆਦਮੀ ਪਾਰਟੀ (ਆਪ) ਦੇ ਹਾਲ ਹੀ ਵਿੱਚ ਬਣੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪਾਰਟੀ ਦੇ ਏਕੇ ਲਈ ਉਹ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਨ। ਜੇਕਰ ਪਾਰਟੀ ਵਿੱਚ ਸੁਲ੍ਹਾ-ਸਫ਼ਾਈ ਹੁੰਦੀ ਹੈ, ਤਾਂ ਉਹ ਪਾਰਟੀ ਦੇ ਹੁਕਮਾਂ ਤਹਿਤ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਛੱਡਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਸਿੰਘ ਖਹਿਰਾ ਅਰਵਿੰਦ ਕੇਜਰੀਵਾਲ ਨਾਲ ਇੱਕ ਮੰਚ ’ਤੇ ਬੈਠਣ ਲਈ ਤਿਆਰ ਹੋ ਜਾਣ ਤਾਂ ਉਹ ਵਾਅਦਾ ਕਰਦੇ ਹਨ ਕਿ ਬੀਤੇ ਨੂੰ ਭੁਲਾ ਕੇ ਉਹ ਪਾਰਟੀ ਦੇ ਭਲੇ ਲਈ ਇਕੱਠਿਆਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਅਹੁਦਿਆਂ ਨਾਲ ਜੁੜ ਕੇ ਪਾਰਟੀ ਵਿਰੋਧੀ ਕੰਮ ਨਹੀਂ ਕਰਨਾ ਚਾਹੀਦਾ। ਸਗੋਂ ਅਹੁਦੇ ਤੋਂ ਬਗੈਰ ਵੀ ਪਾਰਟੀ ਲਈ ਕੰਮ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਇਹ ਖੁਲਾਸਾ ਬੀਤੇ ਦਿਨੀਂ ਇਥੇ ਸਨੌਰ ਥਾਣੇ ਵਿੱਚ ਨੌਜਵਾਨਾਂ ’ਤੇ ਹੋਏ ਤਸ਼ੱਦਦ ਦੇ ਮਾਮਲੇ ਵਿੱਚ ਪੀੜਤ ਨੌਜਵਾਨ ਨਾਲ ਮੁਲਾਕਾਤ ਮਗਰੋਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਐਡਵੋਕੇਟ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਨੌਰ ਥਾਣੇ ਦੇ ਸਾਰੇ ਮੁਲਾਜ਼ਮਾਂ ਸਮੇਤ ਥਾਣਾ ਮੁਖੀ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ। ਸ੍ਰੀ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਲੋਕਾਂ ’ਤੇ ਲਗਾਤਾਰ ਤਸ਼ੱਦਦ ਹੋ ਰਿਹਾ ਹੈ ਪਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ।
ਉਨ੍ਹਾਂ ਕਿਹਾ ਕਿ ਪਟਿਆਲਾ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਦਾ ਸ਼ਹਿਰ ਹੋਣ ਦੇ ਬਾਵਜੂਦ ਇਥੇ ਜੂਆ, ਨਾਜਾਇਜ਼ ਸ਼ਰਾਬ ਤੇ ਨਸ਼ਿਆਂ ਦਾ ਕਾਰੋਬਾਰ ਹੋ ਰਿਹਾ ਹੈ। ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੀੜਤ ਪਰਿਵਾਰਾਂ ਨਾਲ ਮਿਲ ਕੇ ਤੁਰੰਤ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਨਿਆਂਇਕ ਜਾਂਚ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Facebook Comment
Project by : XtremeStudioz