Close
Menu

ਬਠਿੰਡਾ ਕਨਵੈਨਸ਼ਨ ਦੇ ਮਤਿਆਂ ਤੋਂ ਪਿੱਛੇ ਨਹੀਂ ਹਟਾਂਗੇ: ਖਹਿਰਾ

-- 14 September,2018

ਤਲਵੰਡੀ ਸਾਬੋ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਪੰਜਾਬ ਪੈਲੇਸ ਵਿੱਚ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਚਾਹੇ ਦਿੱਲੀ ਵਾਲਿਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਬਣਾ ਦਿੱਤੀ ਹੈ ਤੇ ਉਹ ਵੀ ਗੱਲਬਾਤ ਕਰਨ ਲਈ ਤਿਆਰ ਹਨ, ਪਰ ਹੁਣ ਗੱਲ ਸਿਰਫ਼ ਬਠਿੰਡਾ ਕਨਵੈਨਸ਼ਨ ਵਿੱਚ ਪਾਸ ਮਤਿਆਂ ਬਾਰੇ ਹੀ ਹੋਵੇਗੀ ਤੇ ਉਹ ਇਨ੍ਹਾਂ ਮਤਿਆਂ ਤੋਂ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਦੇ ਗ਼ਲਤ ਫ਼ੈਸਲਿਆਂ ਕਾਰਨ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 20 ਸੀਟਾਂ ’ਤੇ ਸਿਮਟ ਕੇ ਰਹਿ ਗਈ। ਉਨ੍ਹਾਂ ਪਾਰਟੀ ਹਾਈਕਮਾਂਡ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਾਈਕਮਾਂਡ ਨਹੀਂ ਚਾਹੁੰਦੀ ਕਿ ਕੋਈ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਖ਼ਿਲਾਫ਼ ਆਵਾਜ਼ ਉਠਾਏ। ਸ੍ਰੀ ਖਹਿਰਾ ਨੇ ਭਗਵੰਤ ਮਾਨ ਨੂੰ ਵੀ ਆਪਣੀ ਕਾਰਗੁਜ਼ਾਰੀ ਸੁਧਾਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ 17 ਮਹੀਨਿਆਂ ਤੱਕ ਪੰਜਾਬ ਪ੍ਰਧਾਨ ਰਹੇ, ਉਨ੍ਹਾਂ ਨੇ ਪੰਜਾਬ ਅੰਦਰ ਕੋਈ ਕੰਮ ਨਹੀਂ ਕੀਤਾ, ਸਗੋਂ ਅੜਿੱਕਾ ਹੀ ਡਾਹੇ। ਸ੍ਰੀ ਖਹਿਰਾ ਨੇ ਹਲਕੇ ਦੀ ਵਿਧਾਇਕਾ ’ਤੇ ਵੀ ਨਿਸ਼ਾਨੇ ਸਾਧੇ। ਮੀਟਿੰਗ ਨੂੰ ਵਿਧਾਇਕ ਜਗਦੇਵ ਸਿੰਘ ਕਮਾਲੂ, ਨਾਜ਼ਰ ਸਿੰਘ ਮਾਨਸ਼ਾਹੀਆ ਤੇ ਨਿਰਮਲ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਰੁੱਧ ਛੇਤੀ ਹੀ ਇੱਕ ਸਰਬ ਪਾਰਟੀ ਬੈਠਕ ਸੱਦੀ ਜਾ ਰਹੀ ਹੈ, ਜਿਸ ਵਿੱਚ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਅਤੇ ਪੰਥਕ ਧਿਰਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ ਤੇ ਸਰਕਾਰ ਨੂੰ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕੁਝ ਸਮੇਂ ਦੀ ਮੋਹਲਤ ਦਿੱਤੀ ਜਾਵੇਗੀ। ਇਸ ਮਗਰੋਂ ਸਾਰੀਆਂ ਧਿਰਾਂ ਨੂੰ ਲੈ ਕੇ ਪੰਜਾਬ ਅੰਦਰ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਮੀਟਿੰਗ ਮਗਰੋਂ ਸੁਖਪਾਲ ਸਿੰਘ ਖਹਿਰਾ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।

Facebook Comment
Project by : XtremeStudioz