Close
Menu

ਬਹਿਬਲ ਗੋਲੀ ਕਾਂਡ: ਕੈਪਟਨ ਸਰਕਾਰ ਨੇ ਲਿਆ ਯੂ-ਟਰਨ

-- 09 August,2018

ਬਠਿੰਡਾ, 9 ਅਗਸਤ
ਕੈਪਟਨ ਸਰਕਾਰ ਨੇ ਬਹਿਬਲ ਗੋਲੀ ਕਾਂਡ ਦੇ ਮਾਮਲੇ ’ਚ ਯੂ-ਟਰਨ ਲੈ ਲਿਆ ਹੈ ਜਿਸ ਤੋਂ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂ ਔਖੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਬਹਿਬਲ ਗੋਲੀ ਕਾਂਡ ਮਾਮਲੇ ’ਚ ਬਾਜਾਖਾਨਾ ਪੁਲੀਸ ਥਾਣੇ ਵਿੱਚ ਦਰਜ ਕੇਸ ਵਿੱਚ ਦਸ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ। ਗ੍ਰਹਿ ਵਿਭਾਗ ਨੇ ਵੀ ਡੀਜੀਪੀ ਨੂੰ ਇਸ ਬਾਰੇ ਸਿਫ਼ਾਰਸ਼ ਕਰ ਦਿੱਤੀ ਸੀ। ਸੂਤਰਾਂ ਅਨੁਸਾਰ ਪੁਲੀਸ ਮੁਖੀ ਸੁਰੇਸ਼ ਅਰੋੜਾ ਨੇ ਮੁੱਖ ਮੰਤਰੀ ਨੂੰ ਭਰੋਸੇ ਵਿੱਚ ਲੈ ਕੇ ਪੁਲੀਸ ਅਫ਼ਸਰਾਂ ਨੂੰ ਕੇਸ ’ਚ ਨਾਮਜ਼ਦ ਕਰਨ ਦਾ ਮਾਮਲਾ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ। ਕਾਂਗਰਸ ਸਰਕਾਰ ਦਾ ਤਰਕ ਹੈ ਕਿ ਬਹਿਬਲ/ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸੀਬੀਆਈ ਨੂੰ ਸਿਫ਼ਾਰਸ਼ ਕਰ ਦਿੱਤੀ ਹੈ ਜਿਸ ਕਰਕੇ ਪੁਲੀਸ ਅਫ਼ਸਰਾਂ ਨੂੰ ਨਾਮਜ਼ਦ ਨਹੀਂ ਕੀਤਾ ਜਾ ਸਕਦਾ। ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਸਪਸ਼ਟ ਕੀਤਾ ਹੈ ਕਿ ਪੁਲੀਸ ਅਫ਼ਸਰਾਂ ਨੂੰ ਐਫ.ਆਈ.ਆਰ ਨੰਬਰ 130 ਵਿਚ ਨਾਮਜ਼ਦ ਕੀਤੇ ਜਾਣ ਦੀ ਕੋਈ ਹਦਾਇਤ ਨਹੀਂ ਹੋਈ। ਪੰਜਾਬ ਪੁਲੀਸ ਦੇ ਖ਼ੁਫ਼ੀਆ ਅਫ਼ਸਰਾਂ ਨੇ ਵੀ ਗੁਪਤ ਪੱਤਰ ਭੇਜ ਕੇ ਬਰਗਾੜੀ ਇਨਸਾਫ਼ ਮੋਰਚਾ ਨੂੰ ਵਿਦੇਸ਼ਾਂ ਤੋਂ ਮਿਲ ਰਹੇ ਫ਼ੰਡਾਂ ਤੋਂ ਪੰਥਕ ਆਗੂਆਂ ਵਿੱਚ ਆਪਸੀ ਲੜਾਈ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਕਾਂਗਰਸ ਸਰਕਾਰ ਦੇ ਯੂ-ਟਰਨ ਮਗਰੋਂ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂ ਖ਼ਫ਼ਾ ਹਨ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਬਾਦਲਾਂ ਦੇ ਦਬਾਅ ਹੇਠ ਸਮਝੌਤੇ ਤੋਂ ਪਿਛਾਂਹ ਹਟਦੀ ਜਾਪਦੀ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਬਾਦਲਾਂ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਹੁਣ ਕੈਪਟਨ ਸਰਕਾਰ ਵੀ ਉਸੇ ਰਾਹ ’ਤੇ ਹੈ। ਬਰਗਾੜੀ ਇਨਸਾਫ਼ ਮੋਰਚਾ ਦੇ ਪ੍ਰਬੰਧਕ ਮੈਂਬਰ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਪੁਲੀਸ ਦੇ ਮਨੋਬਲ ਦਾ ਬਹਾਨਾ ਲਾ ਕੇ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਬਾਦਲਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਗੋਡੇ ਟੇਕ ਰਹੀ ਹੈ। ਮੁੱਖ ਮੰਤਰੀ ਨੂੰ ਚੋਣਾਂ ਵੇਲੇ ਚੁੱਕੀ ਸਹੁੰ ਦਾ ਖ਼ਿਆਲ ਕਰਨਾ ਚਾਹੀਦਾ ਹੈ। ਗੁਰਦੀਪ ਸਿੰਘ ਨੇ ਆਖਿਆ ਕਿ ਵਿਦੇਸ਼ ਤੋਂ ਆ ਰਹੀ ਮਦਦ ਨੂੰ ਲੈ ਕੇ ਮੋਰਚੇ ਦੇ ਕਿਸੇ ਵੀ ਆਗੂ ਵਿੱਚ ਮਤਭੇਦ ਨਹੀਂ ਹਨ ਅਤੇ ਸਰਕਾਰ ਆਨੀਂ ਬਹਾਨੀਂ ਹੁਣ ਟਕਰਾਓ ਦਾ ਮਾਹੌਲ ਪੈਦਾ ਕਰ ਰਹੀ ਹੈ।

ਮਾਮਲਾ ਕੈਪਟਨ ਕੋਲ ਉਠਾਇਆ ਜਾਵੇਗਾ: ਬਾਜਵਾ

ਚੰਡੀਗੜ੍ਹ, 
ਪੰਜਾਬ ਪੁਲੀਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿੱਚ ਦੋ ਮੌਤਾਂ ਤੇ ਕੁਝ ਲੋਕ ਜ਼ਖਮੀ ਹੋ ਗਏ ਸਨ,ਸਬੰਧੀ ਕੇਸ ਦਰਜ ਨਾ ਕੀਤੇ ਜਾਣ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਜਾਵੇਗਾ।
ਇਹ ਜਾਣਕਾਰੀ ਸੀਨੀਅਰ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਬਰਗਾੜੀ ਵਿੱਚ ਪਹਿਲੀ ਜੂਨ ਤੋਂ ਸ਼ੁਰੂ ਹੋਏ ਇਨਸਾਫ ਮੋਰਚੇ ਦੇ ਆਗੂਆਂ ਨਾਲ ਤਿੰਨ ਵਾਰ ਗੱਲਬਾਤ ਕੀਤੀ ਹੈ ਤੇ ਇਕ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਕਰਵਾਈ ਸੀ ਜਿਸ ਵਿੱਚ ਮੁੱਖ ਮੰਤਰੀ ਨੇ ਇਨਸਾਫ ਮੋਰਚੇ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਤੇ ਦੋ ਮੰਗਾਂ ’ਤੇ ਸਰਕਾਰ ਨੇ ਅਮਲ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਾਂਗੇ। ਉਨ੍ਹਾਂ ਕਿਹਾ ਕਿ ਉਹ ਤਿੰਨ ਦਿਨਾਂ ਤੋਂ ਬਾਹਰ ਸਨ ਤੇ ਇਸ ਕਰਕੇ ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਹੀ ਸਥਿਤੀ ਦਾ ਪਤਾ ਲੱਗੇਗਾ। ਉਹ ਰਿਸ਼ਤੇਦਾਰੀ ’ਚ ਇੰਗਲੈਂਡ ਗਏ ਹੋਏ ਸਨ ਤੇ ਉਹ ਅੱਜ ਸ਼ਾਮੀ ਦੇਸ਼ ਪਰਤੇ ਹਨ ਤੇ ਦਿੱਲੀ ਤੋਂ ਚੰਡੀਗੜ੍ਹ ਨੂੰ ਆਉਂਦੇ ਸਮੇਂ ਰਸਤੇ ਵਿੱਚ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ।
ਮਾਮਲੇ ਸਬੰਧੀ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰੇ ਤੇ ਕਮਿਸ਼ਨ ਨੇ ਜਿਹੜੇ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਗੋਲੀ ਕਾਂਡ ਲਈ ਜ਼ਿੰਮੇਵਾਰ ਠਹਿਰਾਇਆ ਹੈ, ਉਨ੍ਹਾਂ ਵਿਰੁਧ ਫੌਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸੀਬੀਆਈ ਨੂੰ ਨਹੀਂ ਦੇਣੀ ਚਾਹੀਦੀ ਤੇ ਕਾਰਵਾਈ ਕਰਨੀ ਚਾਹੀਦੀ ਹੈ। ਸੀਬੀਆਈ ਨੂੰ ਜਾਂਚ ਸੌਂਪਣ ਦਾ ਮਤਲਬ ਕਾਰਵਾਈ ਨੂੰ ਲਟਕਾਉਣਾ ਹੈ ਤੇ ਇਹ ਕੰਮ ਪਿਛਲੀ ਅਕਾਲੀ-ਭਾਜਪਾ ਸਰਕਾਰ ਕਰਦੀ ਰਹੀ ਹੈ ਤੇ ਜੋ ਹੁਣ ਕੈਪਟਨ ਸਰਕਾਰ ਨੇ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਜਲਦੀ ਇਨਸਾਫ ਦੀ ਆਸ ਹੈ ਤੇ ਇਸ ਨੂੰ ਇਨਸਾਫ ਦੇਣਾ ਚਾਹੀਦਾ ਹੈ।

Facebook Comment
Project by : XtremeStudioz