Close
Menu

ਵੇਰਕਾ ਮਾਮਲਾ: ਬੈਂਸ ਵੱਲੋਂ ਮੁੱਖ ਮੰਤਰੀ ਨੂੰ ਪੱਤਰ

-- 23 June,2018

ਲੁਧਿਆਣਾ, ਵੇਰਕਾ ਮਿਲਕ ਪਲਾਂਟ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਦੁੱਧ ਵਿੱਚ ਕਥਿਤ ਘੱਟ ਫੈਟ ਦਾ ਮੁੱਦਾ ਭਖ਼ਦਾ ਜਾ ਰਿਹਾ ਹੈ। ਵੇਰਕਾ ਮਿਲਕ ਪਲਾਂਟਾਂ ’ਤੇ ਵਿਜੀਲੈਂਸ ਦੇ ਛਾਪੇ ਤੋਂ ਬਾਅਦ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ ਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮਿਲਕਫੈੱਡ ਦੇ ਐਮਡੀ ਦੀ ਬਦਲੀ ਕਰਨ ਦੀ ਮੰਗ ਕੀਤੀ ਤਾਂ ਜੋ ਇਸ ਮਾਮਲੇ ਵਿੱਚ ਵਿਜੀਲੈਂਸ ਨਿਰਪੱਖਤਾ ਨਾਲ ਜਾਂਚ ਕਰ ਸਕੇ। ਵਿਧਾਇਕ ਬੈਂਸ ਨੇ ਦੱਸਿਆ ਕਿ  ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸ ’ਤੇ ਕਾਰਵਾਈ ਕਰਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤੁਰੰਤ ਇਹ ਕੇਸ ਵਿਜੀਲੈਂਸ ਨੂੰ ਸੌਂਪ ਦਿੱਤਾ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਵੇਰਕਾ ਮਿਲਕ ਪਲਾਂਟ, ਲੁਧਿਆਣਾ ਵਿੱਚ ਛਾਪਾ ਮਾਰਿਆ ਤੇ ਸਾਰਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ।
ਵਿਧਾਇਕ ਬੈਂਸ ਨੇ ਕਿਹਾ ਕਿ ਇਹ ਘਪਲਾ 200 ਕਰੋੜ ਦੀ ਬਜਾਏ 500 ਕਰੋੜ ਤੋਂ ਵੱਧ ਦਾ ਹੈ। ਉਨ੍ਹਾਂ ਦੋਸ਼ ਲਾਏ ਕਿ ਮਿਲਕਫੈੱਡ ਦੇ ਐਮਡੀ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਹੈ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਫਾਰਗ਼ ਕੀਤਾ ਜਾਵੇ। ਵਿਧਾਇਕ ਬੈਂਸ ਨੇ ਕਿਹਾ ਕਿ ਉਨ੍ਹਾਂ ਕੋਲ ਫੈਟ ਸਬੰਧੀ ਪੂਰੇ ਸਬੂਤ ਮੌਜੂਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਿਲਕ ਪਲਾਂਟਾਂ ਵਿੱਚ ਕਾਸਟਿਕ ਸੋਡਾ ਜਾਂ ਕਈ ਹੋਰ ਪਦਾਰਥ ਮਿਲਾ ਕੇ ਦੁੱਧ ਸਪਲਾਈ ਕੀਤਾ ਜਾਂਦਾ ਹੈ, ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੈ।

Facebook Comment
Project by : XtremeStudioz