Close
Menu

ਸ਼ਾਹਕੋਟ ’ਚ ਵਿਕਾਸ ਦੀ ਹਨੇਰੀ ਲਿਆ ਦੇਵੇਗਾ ਲਾਡੀ: ਰਾਣਾ ਗੁਰਜੀਤ

-- 16 May,2018

ਸ਼ਾਹਕੋਟ, 16 ਮਈ
ਸਾਬਕਾ ਮੰਤਰੀ ਰਾਣਾ ਗੁਰਜੀਤ ਨੇ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਜਿੱਤ ਨਾਲ ਹੀ ਅਗਲੇ 4 ਸਾਲਾਂ ਵਿੱਚ ਹਲਕੇ ਦਾ ਬੇਮਿਸਾਲ ਵਿਕਾਸ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਹੁੰਦਿਆਂ ਲਾਡੀ ਨੇ ਇਕ ਸਾਲ ਵਿੱਚ ਹਲਕੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾ ਦਿੱਤਾ ਹੈ ਤੇ ਵਿਧਾਇਕ ਬਣਨ ’ਤੇ ਉਹ ਵਿਕਾਸ ਦੀ ਹਨੇਰੀ ਲਿਆ ਦੇਣਗੇ।
ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਰਾਣਾ ਗੁਰਜੀਤ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਨੂੰ ਵੱਡੀ ਹਾਰ ਮਿਲਣ ਤੋਂ ਬਾਅਦ ਪਾਰਟੀ ਲੋਕਾਂ ਵਿੱਚ ਜਾਣ ਦਾ ਨੈਤਿਕ ਹੌਸਲਾ ਵੀ ਨਹੀਂ ਜੁਟਾ ਸਕੇਗੀ। ਅਕਾਲੀ ਦਲ ਵੱਲੋਂ ਕਾਂਗਰਸੀਆਂ ’ਤੇ ਰੇਤ ਮਾਫੀਆ ਵਰਗੇ ਗੰਭੀਰ ਦੋਸ਼ ਲਾਉਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਤਾਂ ਤਵੇ ਵੱਲੋਂ ਪਤੀਲੇ ਨੂੰ ਕਾਲਾ ਕਹਿਣ ਵਾਲੀ ਗੱਲ ਹੈ।
ਉਨ੍ਹਾਂ ਅਫਸੋਸ ਜਤਾਉਂਦੇ ਹੋਏ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੀਨੀਅਰ ਮੰਤਰੀ ਰਹਿਣ ਦੇ ਬਾਵਜੂਦ ਵੀ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਇਸ ਖੇਤਰ ਲਈ ਕੁਝ ਨਹੀਂ ਕੀਤਾ ਸੀ। ਜ਼ਿਕਰਯੋਗ ਹੈ ਕਿ ਰਾਣਾ ਗੁਰਜੀਤ ਨੇ ਸ਼ਾਹਕੋਟ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਹੋਈ ਹੈ ਤੇ ਉਨ੍ਹਾਂ ਦਾ ਸਾਰਾ ਪਰਿਵਾਰ ਚੋਣ ਪ੍ਰਚਾਰ ਵਿੱਚ ਜੁਟਿਆ ਹੋਇਆ ਹੈ।

Facebook Comment
Project by : XtremeStudioz