Close
Menu
Breaking News:

ਸਾਬਕਾ ਡੀਜੀਪੀ ਵਿਰਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ

-- 19 May,2017

ਐਸ.ਏ.ਐਸ. ਨਗਰ (ਮੁਹਾਲੀ), ਮੁਹਾਲੀ ਦੀ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰ ਦਿੱਤਾ ਹੈ।
ਵਿਜੀਲੈਂਸ ਵੱਲੋਂ ਕੁੱਝ ਸਮੇਂ ਤੋਂ ਉਨ੍ਹਾਂ ਵਿਰੁੱਧ ਕੇਸ ਖ਼ਤਮ ਕਰਨ ਦੀ ਪੈਰਵੀ ਕੀਤੀ ਜਾ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ ਨੇ ਸ੍ਰੀ ਵਿਰਕ ਵਿਰੁੱਧ ਚਲ ਰਿਹਾ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਲਈ ਵਿਜੀਲੈਂਸ ਦੀ ਅਰਜ਼ੀ ਮਨਜ਼ੂਰ ਕਰ ਲਈ। ਕੇਸ ਦੀ ਸੁਣਵਾਈ ਦੌਰਾਨ ਸ੍ਰੀ ਵਿਰਕ ਆਪਣੇ ਵਕੀਲ ਨਾਲ ਅਦਾਲਤ ਵਿੱਚ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਕੇਸ ਖ਼ਤਮ ਕਰਨ ਲਈ ਵਿਜੀਲੈਂਸ ਵੱਲੋਂ ਅਰਜ਼ੀ ਦਾਇਰ ਕੀਤੀ ਹੋਈ ਹੈ। ਇਸ ਮਾਮਲੇ ਦੀ ਸੁਣਵਾਈ 25 ਮਈ ਨੂੰ ਹੋਣੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਸੁਰਜੀਤ ਸਿੰਘ ਨੇ ਪਿਛਲੀ ਤਰੀਕ ’ਤੇ ਅਦਾਲਤ ਵਿੱਚ ਪੇਸ਼ ਹੋ ਕੇ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਕਿਹਾ ਸੀ ਕਿ ਜੇਕਰ ਅਦਾਲਤ ਸਾਬਕਾ ਪੁਲੀਸ ਮੁਖੀ ਵਿਰੁੱਧ ਦਰਜ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਵਿਜੀਲੈਂਸ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਪਹਿਲਾਂ ਖ਼ੁਦ ਵਿਜੀਲੈਂਸ ਵੱਲੋਂ ਸ੍ਰੀ ਵਿਰਕ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਵਿਰਕ ਵਿਰੁੱਧ ਕੇਸ ਖ਼ਤਮ ਕਰਨ ਦੀ ਅਰਜ਼ੀ ਪ੍ਰਵਾਨ ਕਰ ਲਈ। ਉਂਜ ਇਸ ਮਾਮਲੇ ਵਿੱਚ ਵਿਜੀਲੈਂਸ ਪਹਿਲਾਂ ਕਈ ਸਪਲੀਮੈਂਟਰੀ ਚਲਾਨ ਵੀ ਪੇਸ਼ ਕਰ ਚੁੱਕੀ ਹੈ ਪਰ ਹੁਣ ਤੱਕ ਦੀ ਜਾਂਚ ਪੜਤਾਲ ਦੌਰਾਨ ਵਿਜੀਲੈਂਸ ਸਾਬਕਾ ਪੁਲੀਸ ਮੁਖੀ ਖ਼ਿਲਾਫ਼ ਕੋਈ ਠੋਸ ਸਬੂਤ ਇਕੱਠੇ ਨਹੀਂ ਕਰ ਸਕੀ। ਜਾਣਕਾਰੀ ਅਨੁਸਾਰ ਸ੍ਰੀ ਵਿਰਕ ਨੇ ਹਾਈ ਕੋਰਟ ਵਿੱਚ 16 ਵੱਖ-ਵੱਖ ਰਿੱਟ ਪਟੀਸ਼ਨਾਂ ਦਾਇਰ ਕਰ ਕੇ ਵਿਜੀਲੈਂਸ ਦੀ ਕਾਰਵਾਈ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਕਿ ਵਿਜੀਲੈਂਸ ਵੱਲੋਂ ਦਰਜ ਕੀਤਾ ਕੇਸ ਰੱਦ ਕੀਤਾ ਜਾਵੇ।

ਪਹਿਲਾਂ ਬਾਦਲਾਂ ਖ਼ਿਲਾਫ਼ ਵੀ ਨਹੀਂ ਮਿਲੇ ਸਨ ਪੁਖ਼ਤਾ ਸਬੂਤ

ਜ਼ਿਲ੍ਹਾ ਅਦਾਲਤ ਵੱਲੋਂ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਵਿਜੀਲੈਂਸ ਦੀ ਮਿਹਰਬਾਨੀ ਸਦਕਾ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ। ਵਿਜੀਲੈਂਸ ਬਾਦਲ ਪਰਿਵਾਰ ਖ਼ਿਲਾਫ਼ ਅਦਾਲਤ ਵਿੱਚ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਸੀ। ਹਾਲ ਹੀ ਵਿੱਚ ਵਿਜੀਲੈਂਸ ਨੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਵਿਰੁੱਧ ਕੇਸ ਖ਼ਤਮ ਕਰਨ ਦੀ ਅਰਜ਼ੀ ਦਿੱਤੀ ਸੀ ਪਰ ਮੁਹਾਲੀ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ। ਤੋਤਾ ਸਿੰਘ ਖ਼ਿਲਾਫ਼ ਸਿੱਖਿਆ ਬੋਰਡ ਵਿੱਚ 164 ਕਲਰਕ ਅਤੇ ਹੈਲਪਰ ਭਰਤੀ ਘੁਟਾਲੇ ਦਾ ਕੇਸ ਚਲ ਰਿਹਾ ਹੈ। ਇਸ ਮਾਮਲੇ ਵਿੱਚ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ’ਚੋਂ ਕਈ ਅਧਿਕਾਰੀ ਹੁਣ ਸੇਵਾਮੁਕਤ ਹੋ ਚੁੱਕੇ ਹਨ।

Facebook Comment
Project by : XtremeStudioz