Close
Menu

ਕਰਤਾਰਪੁਰ ਲਾਂਘਾ: ਮੋਦੀ ’ਤੇ ਦਬਾਅ ਬਣਾਉਣ ਬਾਦਲ : ਸਿੱਧੂ

-- 21 September,2018

ਚੰਡੀਗੜ੍ਹ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਤਨੀ ਹਰਸਿਮਰਤ ਕੌਰ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦਬਾਅ ਬਣਾਉਣ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਜ਼ਮੀਨ ’ਤੇ ਲਾਂਘਾ ਲੈਣ ਲਈ ਭਾਰਤ ਸਰਕਾਰ ਨੂੰ ਪਹਿਲਕਦਮੀ ਕਰਨੀ ਪਵੇਗੀ ਤੇ ਭਾਰਤ ਸਰਕਾਰ ’ਤੇ ਬਾਦਲ ਪਰਿਵਾਰ ਦਬਾਅ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਇਸ ਪਵਿੱਤਰ ਕਾਜ ਵਿੱਚ ਰੋੜੇ ਨਹੀਂ ਅਟਕਾਉਣੇ ਚਾਹੀਦੇ, ਸਗੋਂ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਰਾਨ ਖਾਨ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਸੀ ਉਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਮੋਦੀ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਵੀ ਫੋਨ ਕਰਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਸ ਮਾਮਲੇ ਵਿੱਚ ਟੰਗ ਅੜਾ ਰਹੇ ਹਨ ਕਿਉਂਕਿ ਉਸ ਸਮਝ ਰਹੇ ਹਨ ਕਿ ਇਸ ਦਾ ਅਕਾਲੀ ਦਲ ਨੂੰ ਸਿਆਸੀ ਲਾਭ ਨਹੀਂ ਹੋਣਾ। ਸ੍ਰੀ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸਿਆਸਤ ਨਾਲ ਜੋੜਨਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉਪਰ ਉਠ ਕੇ ਸੋਚਣਾ ਚਾਹੀਦਾ ਹੈ। ਉਨ੍ਹਾਂ ਬਾਦਲ ਪਰਿਵਾਰ ’ਤੇ ਹੋਛੀ ਅਤੇ ਕੋਝੀ ਰਾਜਨੀਤੀ ਕਰਨ ਦੇ ਦੋਸ਼ ਲਾਏ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇੱਕ ਵਾਰੀ ਪਾਕਿਸਤਾਨ ਗਏ ਸਨ ਪਰ ਉਹ ਗੁਰਦੁਆਰਾ ਸਾਹਿਬ ਨੂੰ ਲਾਂਘੇ ਦੀ ਗੱਲ ਕਰਨ ਦੀ ਥਾਂ ਭੇਡੂ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਸਾਰੀ ਦੁਨੀਆਂ ਦੇ ਸਾਂਝੇ ਹਨ ਤੇ 10 ਕਰੋੜ ਨਾਨਕ ਨਾਮ ਲੇਵਾ ਲੋਕ ਉਨ੍ਹਾਂ ਵਿੱਚ ਅਥਾਹ ਸ਼ਰਧਾ ਰਖਦੇ ਹੋਏ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ 1947 ਤੋਂ ਇੰਤਜ਼ਾਰ ਕਰ ਰਹੇ ਹਨ।

Facebook Comment
Project by : XtremeStudioz