Close
Menu

ਕਰਤਾਰਪੁਰ ਲਾਂਘੇ ਦਾ ਮਸਲਾ ਛੇਤੀ ਹੱਲ ਕਰਵਾਏ ਕੇਂਦਰ: ਅਮਰਿੰਦਰ

-- 24 September,2018

ਫਤਿਹਗੜ੍ਹ ਸਾਹਿਬ,  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਨੂੰ ਪਾਕਿਸਤਾਨ ਨਾਲ ਗੱਲ ਕਰਕੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦਾ ਮਾਮਲਾ ਛੇਤੀ ਹੱਲ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁਵੱਲਾ ਮੁੱਦਾ ਹੈ ਅਤੇ ਇਸ ਦੇ ਨਿਪਟਾਰੇ ਲਈ ਭਾਰਤ ਅਤੇ ਪਾਕਿਸਤਾਨ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਮਿਲ ਚੁੱਕੇ ਹਨ ਤੇ ਉਨ੍ਹਾਂ ਨੂੰ ਪਾਕਿਸਤਾਨ ਨਾਲ ਇਹ ਮੁੱਦਾ ਵਿਚਾਰਨ ਦੀ ਬੇਨਤੀ ਕਰ ਚੁੱਕੇ ਹਨ।
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਬਤੌਰ ਮੁੱਖ ਮੰਤਰੀ ਹੁੰਦਿਆਂ (ਸਾਲ 2002-2007) ਗੁਆਂਢੀ ਮੁਲਕ ਦੇ ਆਪਣੇ ਦੌਰੇ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ। ਇਸ ਮੁੱਦੇ ਦਾ ਸਿੱਖ ਸੰਗਤ ਲਈ ਵੱਡਾ ਧਾਰਮਿਕ ਮਹੱਤਵ ਹੈ।
ਉਨ੍ਹਾਂ ਆਪਣੇ ਦਾਦਾ, ਪਟਿਆਲਾ ਸੂਬੇ ਦੇ ਮਰਹੂਮ ਮਹਾਰਾਜਾ ਭੁਪਿੰਦਰ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1920 ਵਿੱਚ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਰਾਵੀ ਨਦੀ ਦੇ ਪਾਣੀ ਤੋਂ ਬਚਾਉਣ ਲਈ 1.35 ਲੱਖ ਰੁਪਏ ਦਾਨ ਦਿੱਤੇ ਸਨ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਮਾਗਮ ਦੀ ਪ੍ਰਗਤੀ ਦੀ ਨਿਗਰਾਨੀ ਲਈ ਬਣਾਈ ਕਾਰਜਕਾਰੀ ਕਮੇਟੀ ਨੇ ਇਤਿਹਾਸਕ ਸ਼ਹਿਰਾਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਉਨ੍ਹਾਂ ਦੀ ਅਪੀਲ ’ਤੇ ਕੇਂਦਰ ਨੇ ਗ੍ਰਹਿ ਮੰਤਰੀ ਦੀ ਅਗਵਾਈ ਵਿੱਚ ਇਕ ਕੌਮੀ ਕਮੇਟੀ ਬਣਾਈ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖਣ ਦਾ ਭਰੋਸਾ ਦਿੱਤਾ ਹੈ। ਕਰਤਾਰਪੁਰ ਸਾਹਿਬ ਨੂੰ ਸਿੱਖਾਂ ਦਾ ‘ਮੱਕਾ’ ਕਰਾਰ ਦਿੰਦਿਆਂ ਸਿੱਧੁੂ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਪਾਕਿਸਤਾਨ ਨਾਲ ਗੱਲ ਕਰੇ।

Facebook Comment
Project by : XtremeStudioz