Close
Menu

ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ- ਟਰੂਡੋ ਵੱਲੋਂ ਕੈਪਟਨ ਅਮਰਿੰਦਰ ਨੂੰ ਭਰੋਸਾ

-- 21 February,2018

ਅੰਮ੍ਰਿਤਸਰ/ਚੰਡੀਗੜ੍ਹ, 21 ਫਰਵਰੀ:

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਜਾਂ ਕਿਸੇ ਹੋਰ ਖਿੱਤੇ ਵਿੱਚ ਕਿਸੇ ਵੀ ਵੱਖਵਾਦੀ ਲਹਿਰ ਨੂੰ ਉਨ੍ਹਾਂ ਦੇ ਦੇਸ਼ ਵੱਲੋਂ ਸਮਰਥਨ ਨਾ ਕਰਨ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ।

ਸ੍ਰੀ ਟਰੂਡੋ ਨੇ ਇਹ ਭਰੋਸਾ ਉਸ ਵੇਲੇ ਦਿਵਾਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਕੁਝ ਤੱਤਾਂ ਦੁਆਰਾ ਵੱਖਵਾਦੀ ਅਤੇ ਨਫ਼ਰਤੀ ਅਪਰਾਧ ਵਿਰੁੱਧ ਹਮਲਾ ਬੋਲਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ। ਇਨ੍ਹਾਂ ਤੱਤਾਂ ਦੀ ਕੈਨੇਡਾ ਦੀ ਆਬਾਦੀ ਵਿੱਚ ਬਹੁਤ ਥੋੜ੍ਹੀ ਗਿਣਤੀ ਹੈ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਕਿਊਬੈਕ ਵਿੱਚ ਵੱਖਵਾਦੀ ਲਹਿਰ ਦਾ ਹਵਾਲਾ ਦਿੰਦੇ ਹੋਏ ਸ੍ਰੀ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਿਆ ਹੈ ਅਤੇ ਇਨ੍ਹਾਂ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹਿੰਸਾ ਦੇ ਖਤਰਿਆਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ਹਮੇਸ਼ਾ ਹੀ ਆਪਣੀ ਸਾਰੀ ਸ਼ਕਤੀ ਨਾਲ ਨੁੱਕਰੇ ਲਾਇਆ ਹੈ।

ਦੋਵਾਂ ਆਗੂਆਂ ਵਿਚਕਾਰ 40 ਮਿੰਟ ਦੀ ਲੰਮੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕੈਨੇਡਾ ਵਿੱਚ ਸਰਗਰਮ ਏ-ਸ਼੍ਰੇਣੀ ਦੇ 9 ਵਿਅਕਤੀਆਂ ਦੀ ਸੂਚੀ ਸ੍ਰੀ ਟਰੂਡੋ ਨੂੰ ਸੌਂਪੀ ਜੋ ਕਿ ਕਥਿਤ ਤੌਰ ‘ਤੇ ਪੰਜਾਬ ਵਿੱਚ ਨਫ਼ਰਤੀ ਅਪਰਾਧਾਂ ਵਿਚ ਸ਼ਾਮਲ ਹਨ ਅਤੇ ਇਹ ਅੱਤਵਾਦੀ ਕਾਰਵਾਈਆਂ ਲਈ ਵਿੱਤ ਅਤੇ ਹਥਿਆਰਾਂ ਦੀ ਸਪਲਾਈ ਨਾਲ ਇਨ੍ਹਾਂ ਤੱਤਾਂ ਦੀ ਮਦਦ ਕਰ ਰਹੇ ਹਨ ਅਤੇ ਇਹ ਇੱਥੋਂ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਰੁੱਝੇ ਹੋਏ ਹਨ।

ਇਸ ਮੀਟਿੰਗ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਜਿਨ੍ਹਾਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿੱਚ ਮਿੱਥ ਕੇ ਹੱਤਿਆ ਕਰਨ ਵਿੱਚ ਇੰਡੋ-ਕੈਨੇਡੀਅਨ ਦੇ ਸ਼ਾਮਲ ਹੋਣ ਦਾ ਮੁੱਦਾ ਉਠਾਇਆ ਅਤੇ ਉਨ੍ਹਾਂ ਨੇ ਇਸ ਸਬੰਧ ਵਿਚ ਇਨ੍ਹਾਂ ਤੱਤਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਸ੍ਰੀ ਟਰੂਡੋ ਵੱਲੋਂ ਸੰਯੁਕਤ ਭਾਰਤ ਦਾ ਪੈਂਤੜਾ ਲੈਣ ‘ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਸ੍ਰੀ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਭਾਰਤੀ ਸੰਵਿਧਾਨ ਵਿੱਚ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਹੈ ਪਰ ਹਿੰਸਾ ਦਾ ਪ੍ਰਚਾਰ ਕਰਨ ਵਾਲੇ ਵੱਖਵਾਦੀ ਅਤੇ ਕੱਟੜਪੰਥੀ ਲੋਕਾਂ ਨੇ ਆਪਣੀਆਂ ਕਾਰਵਾਈਆਂ ਕਰਕੇ ਇਹ ਹੱਕ ਗੁਆ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰਾਂ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਵੱਖਰੇ ਸਿੱਖ ਰਾਜ ਦੇ ਮੁੱਦੇ ‘ਤੇ ਚੋਣਾਂ ਲੜ ਰਹੇ ਲੋਕਾਂ ਨੇ ਆਪਣੀ ਜ਼ਮਾਨਤ ਵੀ ਗੁਆ ਦਿੱਤੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸੰਬੋਧਿਤ ਹੋਣਗੇ। ਉਨ੍ਹਾਂ ਕਿਹਾ ਕਿ ਉਹ ਭਾਰਤ ਖ਼ਾਸ ਕਰ ਪੰਜਾਬ ਨਾਲ ਨੇੜੇ ਦੇ ਸਬੰਧ ਬਣਾਈ ਰੱਖਣ ਦੀ ਤਵੱਕੋ ਕਰਦੇ ਹਨ ਅਤੇ ਇਸ ਸਬੰਧ ਵਿੱਚ ਹੋਈ ਪ੍ਰਗਤੀ ਨੂੰ ਦੇਖ ਕੇ ਉਹ ਬਹੁਤ ਖ਼ੁਸ਼ ਹਨ।

ਮੀਟਿੰਗ ਦੌਰਾਨ, ਕੈਪਟਨ ਅਮਰਿੰਦਰ ਨੇ ਦਹਿਸ਼ਤਵਾਦ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਮੁੱਦੇ ਤੇ ਭਾਰਤ ਤੇ ਕੈਨੇਡਾ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਸਬੰਧਤ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕਰਨ ‘ਤੇ ਜ਼ੋਰ ਦਿੱਤਾ।

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਰਿਪੋਰਟਾਂ ‘ਤੇ ਕੁਝ ਲੋਕਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਕੁਰੀਤੀ ਨਾਲ ਹਮੇਸ਼ਾ ਹੀ ਸਖ਼ਤੀ ਨਾਲ ਪੇਸ਼ ਆਇਆ ਜਾਂਦਾ ਹੈ। ਅਜਿਹੇ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਲੋਕਾਂ ਲਈ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਦ੍ਰਿੜ ਹੈ।

ਦੋਵਾਂ ਮੁਲਕਾਂ ਦਰਮਿਆਨ ਖਾਸ ਕਰਕੇ ਵਿਸ਼ਵ ਯੁੱਧ ਵਿੱਚ ਭਾਰਤੀਆਂ ਅਤੇ ਕੈਨੇਡੀਅਨਾਂ ਦੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਸੀ ਹਿੱਤਾਂ ਲਈ ਦੋਵਾਂ ਪਾਸਿਆਂ ਦੀਆਂ ਸਰਕਾਰਾਂ ਨੂੰ ਨੇੜਿਓਂ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕੈਨੇਡਾ ਦੇ 64 ਹਜ਼ਾਰ ਅਤੇ ਭਾਰਤ ਦੇ 74 ਹਜ਼ਾਰ ਸੈਨਿਕਾਂ ਜਿਨ੍ਹਾਂ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਹਿੱਸਾ ਲਿਆ ਸੀ, ਨੂੰ ਇਕੱਠਿਆਂ ਹੀ 134 ਕਬਰਿਸਤਾਨਾਂ ਵਿੱਚ ਦਫ਼ਨਾ ਦਿੱਤਾ ਗਿਆ ਸੀ ਜਿਸ ਨੇ ਦੋਵਾਂ ਮੁਲਕਾਂ ਦਰਮਿਆਨ ਅਟੁੱਟ ਰਿਸ਼ਤਾ ਗੰਢਿਆ।

ਦੋਵਾਂ ਆਗੂਆਂ ਨੇ ਦੁਵੱਲੇ ਰਿਸ਼ਤਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਸਹਿਯੋਗ ਦੀ ਮਹੱਤਤਾ ‘ਤੇ ਸਹਿਮਤੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਆਰਥਿਕ ਸਹਿਯੋਗ ਨਾਲ ਸਬੰਧਤ ਵੱਖ-ਵੱਖ ਅਹਿਮ ਕਾਰਜ ਖੇਤਰਾਂ ਵਿੱਚ ਕੈਨੇਡਾ ਨਾਲ ਜੁੜਨ ਪ੍ਰਤੀ ਪੰਜਾਬੀਆਂ ਦੀ ਦਿਲਚਸਪੀ ਦਾ ਵੀ ਪ੍ਰਗਟਾਵਾ ਕੀਤਾ।

ਇਸ ਵੇਲੇ ਦੋਵਾਂ ਦਰਮਿਆਨ ਤਜਾਰਤੀ ਸਬੰਧ ਬਹੁਤ ਘੱਟ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਕੈਨੇਡਾ ਦੇ ਕਾਰੋਬਾਰੀ ਨਿਵੇਸ਼ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਦੋਵਾਂ ਲੀਡਰਾਂ ਨੇ ਕੈਨੇਡਾ ਅਤੇ ਭਾਰਤ ਦੀ ਤਰੱਕੀ ਦੇ ਹਿੱਤ ਵਿੱਚ ਸਾਂਝੇ ਪ੍ਰਾਜੈਕਟਾਂ ਰਾਹੀਂ ਦੁਵੱਲੇ ਸਹਿਯੋਗ ‘ਤੇ ਸਹਿਮਤੀ ਜ਼ਾਹਰ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ, ਵਿਗਿਆਨਕ ਖੋਜ ਤੇ ਤਕਨਾਲੋਜੀ, ਨਵੀਨਤਾ ਤੇ ਸਟਾਰਟ ਅੱਪ ਦੇ ਨਾਲ-ਨਾਲ ਹੁਨਰ ਵਿਕਾਸ ਵਰਗੇ ਕੁਝ ਖੇਤਰਾਂ ਦਾ ਵਰਨਣ ਕੀਤਾ ਜਿਨ੍ਹਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੈਨੇਡਾ ਸਹਿਯੋਗ ਕਰ ਸਕਦਾ ਹੈ ਅਤੇ ਪੰਜਾਬ ਦੇ ਲੋਕ ਕੈਨੇਡਾ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਰਹਿ ਰਿਹਾ ਹੈ ਅਤੇ ਕੁਝ ਪੰਜਾਬੀ ਤਾਂ ਸ੍ਰੀ ਟਰੂਡੋ ਦੀ ਕੈਬਨਿਟ ਦਾ ਵੀ ਹਿੱਸਾ ਹਨ ਜਿਸ ਕਰਕੇ ਭਾਰਤ ਤੇ ਕੈਨੇਡਾ ਦਰਮਿਆਨ ਦੋਸਤਾਨਾ ਰਿਸ਼ਤੇ ਲਗਾਤਾਰ ਗੂੜ੍ਹੇ ਹੁੰਦੇ ਜਾ ਰਹੇ ਹਨ।

ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਹੋਰ ਸਿੱਖਿਆ ਸੰਸਥਾਵਾਂ ਨਾਲ ਸਮਝੌਤੇ ਸਹੀਬੰਦ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦਾ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਸਸਕੈਚਵੈਨ ਯੂਨੀਵਰਸਿਟੀ ਨਾਲ ਕੀਤੇ ਸਮਝੌਤੇ ‘ਤੇ ਅਮਲ ਨਾ ਹੋਣ ‘ਤੇ ਵੀ ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਦਾਲਾਂ, ਮੱਕੀ ਅਤੇ ਪਸ਼ੂਧਨ ਦੇ ਖੇਤਰਾਂ ਵਿੱਚ ਵਿਗਿਆਨਕ ਖੋਜ ਅਤੇ ਤਕਨਾਲੋਜੀ ਦੇ ਰੂਪ ਵਿੱਚ ਆਪਸੀ ਸਹਿਯੋਗ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਹੁਨਰ ਵਿਕਾਸ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਸੁਝਾਅ ਦਿੱਤਾ ਕਿ ਕੈਨੇਡਾ ਵੱਲੋਂ ਪੰਜਾਬ ਦੀ ਹੁਨਰ ਵਿਕਾਸ ਯੂਨੀਵਰਸਿਟੀ ‘ਚ ਆਪਣੇ ਕਾਰੋਬਾਰ ਜਾਂ ਯੂਨੀਵਰਸਿਟੀ ਰਾਹੀਂ ਸੈਂਟਰ ਆਫ ਐਕਸੀਲੈਂਸ ਦੀ ਸਥਾਪਨਾ ‘ਤੇ ਵਿਚਾਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਿੱਖਿਅਤ ਪੰਜਾਬੀ ਨੌਜਵਾਨਾਂ ਦੇ ਕੈਨੇਡਾ ਵਿੱਚ ਆਵਾਸ ਨੂੰ ਹੁਲਾਰਾ ਦੇਣ ਲਈ ਸਹਾਇਤਾ ਦੇ ਸਕਦਾ ਹੈ।

Îਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ‘ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਦਾ ਜ਼ਿਕਰ ਵੀ ਕੀਤਾ ਜਿਸ ਨਾਲ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਪੰਜਾਬ ਦੀ ਝਲਕ ਪਾਉਣ ਦਾ ਮੌਕਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕੈਨੇਡਾ ਸਰਕਾਰ ਵੱਲੋਂ ਇਸ ਪ੍ਰੋਗਰਾਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਸ੍ਰੀ ਟਰੂਡੋ ਅਤੇ ਸ੍ਰੀ ਸੱਜਣ ਨੇ ਮੁੱਖ ਮੰਤਰੀ ਕੋਲ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਹਿਮਤੀ ਪ੍ਰਗਟਾਈ ਕਿ ਇਹ ਕਦਮ ਨਵੀ ਪੀੜ੍ਹੀ ਲਈ ਮਦਦਗਾਰ ਸਾਬਤ ਹੋਵੇਗਾ ਜੋ ਪਹਿਲਾਂ ਕਦੇ ਵੀ ਭਾਰਤ ਨਹੀਂ ਆਈ।

ਇਸ ਮੌਕੇ ਮੁੱਖ ਮੰਤਰੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਆਪਣੀ ਕਿਤਾਬ ‘ਆਨਰ ਐਂਡ ਫਿਡੇਲਿਟੀ-ਵਰਲਡ ਵਾਰ-1’ ਅਤੇ ਉੱਘੇ ਲੇਖਕ ਖੁਸ਼ਵੰਤ ਸਿੰਘ ਦੀ ਕਿਤਾਬ ‘ਹਿਸਟਰੀ ਆਫ਼ ਸਿੱਖਜ਼’ ਭੇਟ ਕੀਤੀ। ਉਨ੍ਹਾਂ ਨੇ ਸ੍ਰੀ ਟਰੂਡੋ ਦੀ ਪਤਨੀ ਸੋਫੀ ਗਰੋਗੋਇਰ ਟਰੂਡੋ ਨੂੰ ਪੰਜਾਬ ਦੀ ਮਸ਼ਹੂਰ ਰਵਾਇਤੀ ਫੁਲਕਾਰੀ ਤੇ ਸ਼ਾਲ ਵੀ ਭੇਟ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੇ ਤਿੰਨਾਂ ਬੱਚਿਆਂ ਨੂੰ ਕਈ ਤੋਹਫ਼ੇ ਵੀ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁੱਛੇ ਜਾਣ ‘ਤੇ ਸ੍ਰੀ ਟਰੂਡੋ ਨੇ ਆਪਣੀ ਭਾਰਤ ਫੇਰੀ ਨੂੰ ਬਹੁਤ ਹੀ ‘ਆਨੰਦਦਾਇਕ’ ਦੱਸਿਆ। ਮੁੱਖ ਮੰਤਰੀ ਬਾਅਦ ਵਿੱਚ ਸ੍ਰੀ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਹੋਟਲ ਵਿੱਚ ਮਿਲੇ, ਜਿੱਥੋਂ ਉਹ ਏਅਰਪੋਰਟ ਨੂੰ ਰਵਾਨਾ ਹੋ ਗਏ।

ਸ੍ਰੀ ਠੁਕਰਾਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੀ ਹਾਜ਼ਰ ਸਨ।

Facebook Comment
Project by : XtremeStudioz