Close
Menu

ਕੈਪਟਨ ਤੇ ਸੋਹੇਲ ਮਹਿਮੂਦ ਵੱਲੋਂ ਦੁਵੱਲਾ ਵਪਾਰ ਵਧਾਉਣ ’ਤੇ ਜ਼ੋਰ

-- 25 April,2018

ਚੰਡੀਗੜ੍ਹ, 25 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਘਟਾਉਣ ਅਤੇ ਬਿਹਤਰ ਦੁਵੱਲੇ ਰਿਸ਼ਤਿਆਂ ਵਾਸਤੇ ਵਪਾਰਕ ਸਬੰਧ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਭਾਰਤ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨਾਲ ਦੁਪਹਿਰ ਦੇ ਖਾਣੇ ’ਤੇ ਇਕ ਗ਼ੈਰ-ਰਸਮੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ’ਤੇ ਤਣਾਅ ਪੈਦਾ ਹੋਣ ਕਰ ਕੇ ਦੋਵੇਂ ਦੇਸ਼ਾਂ ਵਿਚਕਾਰ ਵਪਾਰ ਮੱਠਾ ਪੈਣ ’ਤੇ ਚਿੰਤਾ ਪ੍ਰਗਟ ਕੀਤੀ।
ਕੈਪਟਨ ਅਤੇ ਸੋਹੇਲ ਮਹਿਮੂਦ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟ ਕੀਤੀ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਵਪਾਰ ਘਟਣਾ ਦੋਵਾਂ ਦੇਸ਼ਾਂ ਲਈ ਨੁਕਸਾਨਦੇਹ ਹੈ। ਕੈਪਟਨ ਨੇ ਭਾਰਤ-ਪਾਕਿ ਪੰਜਾਬ ਖੇਡਾਂ ਦੀ ਸੁਰਜੀਤੀ ਉਤੇ ਜ਼ੋਰ ਦਿੱਤਾ, ਜੋ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਦੋਵੇਂ ਪੰਜਾਬਾਂ ਦੇ ਲੋਕਾਂ ਦੇ ਆਪਸੀ ਸਬੰਧਾਂ ਨੂੰ ਹੁਲਾਰਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਹ ਖੇਡਾਂ 2004 ਵਿੱਚ ਪਟਿਆਲਾ ਤੋਂ ਸ਼ੁਰੂ ਕੀਤੀਆਂ ਗਈਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੇਡਾਂ ਵਿੱਚ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਦੇ ਖਿਡਾਰੀਆਂ ਨੇ ਭਰਪੂਰ ਉਤਸ਼ਾਹ ਦਿਖਾਇਆ ਸੀ। ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਵੀ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਰਾਬਤਾ ਵਧਾਉਣ ’ਤੇ ਜ਼ੋਰ ਦਿੱਤਾ।
ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਦੋਵਾਂ ਦੇਸ਼ਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ ਤੇ ਕਿਹਾ ਕਿ ਇਸ ਮਾਮਲੇ ਵਿੱਚ ਤੇਜ਼ੀ ਲਿਆਉਣ ਲਈ ਸਬੰਧਤ ਅਥਾਰਟੀਆਂ ਕੋਲੋਂ ਪ੍ਰਵਾਨਗੀਆਂ ਲੋੜੀਂਦੀਆਂ ਹਨ। ਇਸ ਮੌਕੇ ਕੈਪਟਨ ਨੇ ‘ਏ ਰਿਜ ਟੂ ਫਾਰ-ਵਾਰ ਇਨ ਦਿ ਕਾਰਗਿਲ’ ਸਣੇ ਕਿਤਾਬਾਂ ਦਾ ਇਕ ਸੈੱਟ ਸੋਹੇਲ ਮਹਿਮੂਦ ਨੂੰ ਭੇਟ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ ਇੰਟੈਲੀਜੈਂਸ ਦਿਨਕਰ ਗੁਪਤਾ ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।

Facebook Comment
Project by : XtremeStudioz