Close
Menu

ਖਟਕੜ ਕਲਾਂ ਵਿੱਚ ਅਕਾਲੀਆਂ ਦੇ ਨਿਸ਼ਾਨੇ ’ਤੇ ਰਹੇ ਮਨਪ੍ਰੀਤ ਤੇ ਸਿੱਧੂ

-- 24 March,2018

ਬੰਗਾ, 24 ਮਾਰਚ
ਖਟਕੜ ਕਲਾਂ ਵਿੱਚ ਅੱਜ ‘ਪੋਲ ਖੋਲ੍ਹ ਰੈਲੀ’ ਦੇ ਮੰਚ ਤੋਂ ਅਕਾਲੀ ਆਗੂਆਂ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਰੱਖਿਆ। ਬੁਲਾਰਿਆਂ ਨੇ ਇਨ੍ਹਾਂ ਮੰਤਰੀਆਂ ਨੂੰ ਦਲਬਦਲੂ ਦੱਸਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੇ ਕੰਮਾਂ ’ਤੇ ਆਪਣੀ ਮੋਹਰ ਲਾਉਣਾ ਬਹੁਤ ਹਾਸੋਹੀਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਨਹੀਂ, ਸਗੋਂ ਝੂਠ ਦੀ ਸਰਕਾਰ ਹੈ। ਕਾਂਗਰਸ ਨੇ ਜਿਵੇਂ ਚੋਣਾਂ ਤੋਂ ਪਹਿਲਾਂ ਕਰਜ਼ੇ ਮੁਆਫ਼ ਕਰਨ ਅਤੇ ਘਰ ਘਰ ਨੌਕਰੀ ਦੇਣ ਦਾ ਝੂਠ ਬੋਲ ਕੇ ਵੋਟਾਂ ਹਾਸਲ ਕੀਤੀਆਂ ਸਨ, ਉਵੇਂ ਹੁਣ ਸਟੇਜਾਂ ਤੋਂ ਪਹਿਲਾਂ ਹੋਏ ਕੰਮਾਂ ਨੂੰ ਆਪਣੇ ਹਿੱਸੇ ਪਾਉਣ ਦੀਆਂ ਝੂਠੀਆਂ ਗੱਲਾਂ ਕਰ ਰਹੇ ਹਨ। ਸ੍ਰੀ ਬਾਦਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਿਆ ਜਾ ਸਕੇ।
ਇਸ ਤੋਂ ਪਹਿਲਾਂ ਸਾਬਕਾ ਵਜ਼ੀਰ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਕਾਗਰਸੀ ਮੰਤਰੀਆਂ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਰੱਜ ਕੇ ਮੰਦਾ ਬੋਲਣ ਵਾਲੇ ਦੋਵੇਂ ਮੰਤਰੀ ਅੱਜ ਉਸੇ ਪਾਰਟੀ ਦੇ ਦਰਬਾਰੀ ਬਣੇ ਹੋਏ ਹਨ।
ਉਨ੍ਹਾਂ ਮਨਪ੍ਰੀਤ ਸਿੰਘ ਬਾਦਲ ਨੂੰ ਸ਼ਹੀਦਾਂ ਦੇ ਨਾਂ ’ਤੇ ਸਹੁੰ ਖਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲਾ ਅਤੇ ਨਵਜੋਤ ਸਿੰਘ ਸਿੱਧੂ ਨੂੰ ਚੁਟਕਲਿਆਂ/ਟੋਟਕਿਆਂ ਨਾਲ ਡੰਗ ਟਪਾਉਣ ਵਾਲਾ ਦੱਸਿਆ। ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਦੀ ਤੁਲਨਾ ‘ਰਾਹੂ’ ਤੇ ‘ਕੇਤੂ’ ਨਾਲ ਕੀਤੀ ਅਤੇ ਕਿਹਾ ਕਿ ਜਿਵੇਂ ਰਾਹੂ ਤੇ ਕੇਤੂ ਦੇ ਵੜਨ ਨਾਲ ਘਰ ਉਜੜ ਜਾਂਦਾ ਹੈ, ਇਵੇਂ ਕਾਂਗਰਸ ਦਾ ਉਜਾੜਾ ਹੋਣੋਂ ਕੋਈ ਨਹੀਂ ਰੋਕ ਸਕਦਾ। ਰੈਲੀ ਨੂੰ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ, ਭਾਜਪਾ ਵਿਧਾਇਕ ਸੋਮ ਪ੍ਰਕਾਸ਼, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ, ਸਾਬਕਾ ਵਜ਼ੀਰ ਸੋਹਣ ਸਿੰਘ ਠੰਡਲ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ ਤੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ ਨੇ ਵੀ ਸੰਬੋਧਨ ਕੀਤਾ।

Facebook Comment
Project by : XtremeStudioz