Close
Menu

ਦਲਿਤ ਵਿਦਿਆਰਥੀਆਂ ਦੇ ਮਾਮਲੇ ’ਤੇ ਝੂਠਾ ਪ੍ਰਚਾਰ ਕਰ ਰਿਹੈ ਸੁਖਬੀਰ

-- 25 May,2018

ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤਾਂ ਦੇ ਵਿਦਿਆਰਥੀਆਂ ਨੂੰ ਕਾਲਜ ਦੀ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦੇ ਮਾਮਲੇ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਝੂਠਾ ਪ੍ਰਚਾਰ ਕਰਨ ਦੇ ਦੋਸ਼ ਲਾਏ ਹਨ। ਅੱਜ ਇੱਥੇ ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ 1683 ਸਰਕਾਰੀ ਅਤੇ ਨਿੱਜੀ ਸੰਸਥਾਵਾਂ ਦਾ ਆਡਿਟ ਕਰਵਾਉਣ ਤੋਂ ਬਾਅਦ 152 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਹਮੇਸ਼ਾ ਦਲਿਤਾਂ ਦੀਆਂ ਭਾਵਨਾਵਾਂ ਨਾਲ ਖੇਡੇ ਹਨ ਅਤੇ ਸੁਖਬੀਰ ਦਾ ਹਾਲ ਹੀ ਦਾ ਬਿਆਨ ਦਲਿਤ ਭਾਈਚਾਰੇ ਦੇ ਸਬੰਧ ਵਿੱਚ ਕੀਤੇ ਜਾ ਰਹੇ ਝੂਠੇ ਅਤੇ ਦੁਰਭਾਵੀ ਭੰਡੀ ਪ੍ਰਚਾਰ ਦੀ ਇੱਕ ਹੋਰ ਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਜਿਨ੍ਹਾਂ ਐੱਸਸੀ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗੱਲ ਕਰ ਰਿਹਾ ਹੈ, ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਹੇਠ ਗੰਭੀਰ ਵਿੱਤੀ ਗੜਬੜੀਆਂ ਹੋਈਆਂ। ਉਨ੍ਹਾਂ ਦੱਸਿਆ ਕਿ ਆਡਿਟ ਦੌਰਾਨ 427.28 ਕਰੋੜ ਰੁਪਏ ਦੀ ਰਾਸ਼ੀ ਇਤਰਾਜ਼ਯੋਗ ਪਾਈ ਗਈ, ਜਿਸ ਨੇ ਬਾਦਲਾਂ ਦੀਆਂ ਵਿੱਤੀ ਗੜਬੜੀਆਂ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਾਹਕੋਟ ਉਪ ਚੋਣ ਦੇ ਸੰਦਰਭ ਵਿੱਚ ਅਕਾਲੀ ਦਲ ਦਾ ਪ੍ਰਧਾਨ ਭੰਡੀ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 2015-16 ਦੇ 328.72 ਕਰੋੜ ਰੁਪਏ ਦੇ ਬੈਕਲਾਗ ਤੋਂ ਇਲਾਵਾ ਸਾਲ 2016-17 ਦਾ 719.52 ਕਰੋੜ ਰੁਪਏ ਦਾ 2017-18 ਦਾ 567.55 ਕਰੋੜ ਰੁਪਏ ਦਾ ਬੈਕਲਾਗ ਪਿਆ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਲ ਸੱਤਾ ਸੰਭਾਲਣ ਤੋਂ ਬਾਅਦ ਸ਼ਗਨ ਸਕੀਮ ਦੇ ਹੇਠ ਰਾਸ਼ੀ 15000 ਤੋਂ ਵਧਾ ਕੇ 21000 ਰੁਪਏ ਕੀਤੀ।

Facebook Comment
Project by : XtremeStudioz