Close
Menu

ਮੁੱਖ ਮੰਤਰੀ ਨੇ ਆਂਗਣਵਾੜੀ ਮੁਲਾਜ਼ਮਾਂ ਨੂੰ ਰਾਹਤ ਦੇਣ ਤੋਂ ਕੀਤੀ ਨਾਂਹ

-- 23 November,2017

ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਨੇ ਕੋਈ ਵੀ ਰਾਹਤ ਦੇਣ ਤੋਂ ਹੱਥ ਪਿੱਛੇ ਖਿੱਚ ਲਏ ਹਨ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਫ਼ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਅੱਜ ਇੱਥੇ ਉੱਦਮੀ ਔਰਤਾਂ ਦੇ ਸੰਮੇਲਨ ਵਿੱਚ ਹਿੱਸਾ ਲੈਣ ਆਏ ਸਨ।
ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਕਿਹਾ ਕਿ ਆਂਗਣਵਾੜੀ ਵਰਕਰ ਕੱਚੇ ਮੁਲਾਜ਼ਮ ਹਨ ਅਤੇ ਇਨ੍ਹਾਂ ਨੂੰ ਪੱਕਾ ਕਰਕੇ ਸਰਕਾਰੀ ਮੁਲਾਜ਼ਮ ਨਹੀਂ ਬਣਾਇਆ ਜਾ ਸਕਦਾ। ਇਸ ਲਈ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਵੱਲੋਂ ਕੋਈ ਵੀ ਰਾਹਤ ਨਹੀਂ ਮਿਲ ਸਕਦੀ ਹੈ। ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ‘ਆਪ’ ਵਿਧਾਇਕ ਸੁਖਪਾਲ ਖਹਿਰਾ ਦੇ ਡਰੱਗ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ। ਇਸ ਲਈ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ। ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਵਿਧਾਇਕ ਖਹਿਰਾ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਬਾਰੇ ਕੈਪਟਨ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਰਕੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ।
ਇਹ ਪੁੱਛਣ ’ਤੇ ਕਿ ਬ੍ਰਿਟਿਸ਼ ਹਾਈ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਉੱਤੇ ਤਸ਼ੱਦਦ ਨਾ ਕਰਨ ਲਈ ਕਿਹਾ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਪਹਿਲਾਂ ਹੀ ਦੱਸ ਚੁੱਕੀ ਹੈ ਕਿ ਜਾਂਚ ਪੜਤਾਲ ਦੌਰਾਨ ਜੱਗੀ ਜੌਹਲ ਉੱਤੇ ਕੋਈ ਤਸ਼ੱਦਦ ਨਹੀਂ ਹੋ ਰਿਹਾ। ਸਿਰਫ਼ ਕਾਨੂੰਨ ਮੁਤਾਬਕ ਕਾਰਵਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਜੱਗੀ ਜੌਹਲ ਖ਼ਿਲਾਫ਼ ਪੁਖ਼ਤਾ ਸਬੂਤ ਹਨ ਅਤੇ ਸਬੂਤਾਂ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੱਗੀ ਜੌਹਲ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਦਾ ਕੋਈ ਘਾਣ ਨਹੀਂ ਹੋ ਰਿਹਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਸਟਾਰਟਅੱਪ ਐਂਡ ਐਂਟਰਪ੍ਰਨਿਓਰਸ਼ਿਪ ਡਿਵੈਲਪਮੈਂਟ ਪਾਲਿਸੀ 2017’ ਦੇ ਖਰੜੇ ਤੋਂ ਪਰਦਾ ਉਠਾਉਂਦਿਆਂ ਸੂਬਾ ਸਰਕਾਰ ਦੀ ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੀਆਂ ਔਰਤਾਂ ਨੂੰ ਪੂਰੀ ਤਰ੍ਹਾਂ ਮਦਦ ਦੇਣ ਦੀ ਵਚਨਬੱਧਤਾ ਦੁਹਰਾਈ। ਨਵੰਬਰ ਦੇ ਅਖੀਰ ਵਿੱਚ ਹੈਦਰਾਬਾਦ ਵਿੱਚ ਹੋਣ ਵਾਲੇ ਗਲੋਬਲ ਐਂਟਰਪ੍ਰਨਿਓਰਸ਼ਿਪ ਸਮਿਟ 2017 ਤੋਂ ਪਹਿਲਾਂ ‘ਰੋਡ ਟੂ ਜੀ.ਈ.ਐਸ.’ ਪ੍ਰੋਗਰਾਮ ਦੇ ਉਦਘਾਟਨੀ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਉੱਦਮਾਂ ਪ੍ਰਤੀ ਮਹਿਲਾਵਾਂ ਵਚਨਬੱਧਤਾ ਦੇ ਮਾਮਲੇ ਵਿੱਚ ਜ਼ਿਆਦਾ ਸਮਰਪਿਤ ਹਨ।
ਇਸ ਮੌਕੇ ਫਿੱਕੀ ਦੇ ਖੇਤਰੀ ਚੇਅਰਮੈਨ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਗੁਪਤਾ, ਫਿੱਕੀ ਐਫਐਲਓ ਲੁਧਿਆਣਾ ਦੀ ਚੇਅਰਪਰਸਨ ਮੋਨਿਕਾ ਚੌਧਰੀ, ਵਿਧਾਇਕ ਬਲਬੀਰ ਸਿੰਘ ਸਿੱਧੂ ਹਾਜ਼ਰ ਸਨ।

Facebook Comment
Project by : XtremeStudioz