Close
Menu

ਰਾਣਾ ਕਾਂਡ: ਪਰਛਾਵਾਂ ਵਿਧਾਨ ਸਭਾ ਸੈਸ਼ਨ ’ਤੇ ਪੈਣ ਦੇ ਆਸਾਰ

-- 27 May,2017

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਮੁਲਾਜ਼ਮਾਂ ਵੱਲੋਂ ਰੇਤ ਦੀਆਂ ਖੱਡਾਂ ਲੈਣ ਦੇ ਮੁੱਦੇ ’ਤੇ ਭਾਵੇਂ ਜਨਤਕ ਤੌਰ ਉਪਰ ਕੋਈ ਬਿਆਨ ਨਹੀਂ ਦਿੱਤਾ ਪਰ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਪੱਧਰ ਉਤੇ ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਨੇੜੇ ਹੋਣ ਕਾਰਨ ਕਾਂਗਰਸ ਇਸ ਮਸਲੇ ਦਾ ਕੋਈ ਨਾ ਕੋਈ ਹੱਲ ਕੱਢਣ ਉਤੇ ਜ਼ੋਰ ਦੇ ਰਹੀ ਹੈ। ਪਾਰਟੀ ਨੂੰ ਡਰ ਹੈ ਕਿ ਕਿਤੇ ਸਾਰਾ ਸੈਸ਼ਨ ਰੇਤ ਖੱਡਾਂ ਤੇ ਕੈਬਨਿਟ ਮੰਤਰੀ ਦੇ ਕਰਿੰਦਿਆਂ ਦੇ ਆਲੇ-ਦੁਆਲੇ ਸਿਮਟ ਕੇ ਨਾ ਰਹਿ ਜਾਵੇ। ਪਤਾ ਲੱਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨਾਲ ਇਸ ਮੁੱਦੇ ’ਤੇ ਮੀਟਿੰਗ ਕੀਤੀ, ਜਿਸ ਵਿੱਚ ਰੇਤੇ ਦੀਆਂ ਖੱਡਾਂ ਦੀ ਨਿਲਾਮੀ ਦੌਰਾਨ ਜਿਹੜੇ ਤੱਥ ਉਭਰਵੇਂ ਰੂਪ ਵਿੱਚ ਸਾਹਮਣੇ ਆਏ, ਉਨ੍ਹਾਂ ਨੂੰ ਲੈ ਕੇ ਚਰਚਾ ਕੀਤੀ। ਵਿਰੋਧੀ ਧਿਰ ਵੱਲੋਂ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਖੱਡਾਂ ਦੀ ਨਿਲਾਮੀ ਨਾਲ ਸਬੰਧਤ ਤੱਥ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੇ ਹਨ। ਇਸ ਗੱਲ ਦਾ ਪਤਾ ਲਾਉਣ ਦੇ ਯਤਨ ਕੀਤੇ ਜਾਣਗੇ ਕਿ ਪੈਸਾ ਕਿਸ ਖਾਤੇ ਵਿੱਚੋਂ ਆਇਆ ਅਤੇ ਇਸ ਨੂੰ ਵਾਜਬ ਠਹਿਰਾਇਆ ਜਾ ਸਕਦਾ ਹੈ ਜਾਂ ਨਹੀਂ।
ਇਸ ਮੁੱਦੇ ’ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਹਿ ਚੁੱਕੇ ਹਨ, ਇਹ ਉਨ੍ਹਾਂ ਦੀਆਂ ਕੰਪਨੀਆਂ ਦੇ ਸਾਬਕਾ ਮੁਲਾਜ਼ਮ ਸਨ। ਇਸ ਲਈ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਪਰ ਸੁਆਲ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਕੋਲ ਏਨਾ ਪੈਸਾ ਕਿੱਥੋਂ ਆਇਆ? ਇਸ ਮੁੱਦੇ ’ਤੇ ਵਿਰੋਧੀ ਪਾਰਟੀਆਂ ਤੇ ਖਾਸ ਤੌਰ ਉਤੇ ਆਮ ਆਦਮੀ ਪਾਰਟੀ ਨੇ ਸਖ਼ਤ ਸਟੈਂਡ ਲੈਂਦਿਆਂ ਕੈਬਨਿਟ ਮੰਤਰੀ ਨੂੰ ਵਜ਼ਾਰਤ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ ਅਤੇ ਇਸ ਮਸਲੇ ਨੂੰ ਬਜਟ ਸੈਸ਼ਨ ਵਿੱਚ ਜ਼ੋਰ-ਸ਼ੋਰ ਨਾਲ ਉਠਾਉਣ ਦਾ ਐਲਾਨ  ਕੀਤਾ ਹੈ। ਇਸ ਮੁੱਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਰੁਝ ਰਾਹਤ ਮਿਲੀ ਹੈ। ਅਕਾਲੀ ਦਲ ਵੱਲੋਂ ਇਹ ਮਸਲਾ ਵਿਧਾਨ ਸਭਾ ਵਿੱਚ ਜ਼ੋਰ-ਸ਼ੋਰ ਨਾਲ ਉਠਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ  ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨੂੰ  ਅਜੇ ਤੱਕ ਸਸਤਾ ਰੇਤਾ ਨਹੀਂ ਮਿਲਿਆ। ਇਸ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਵਿੱਚ ਜ਼ੋਰਦਾਰ ਚਰਚਾ ਹੈ ਅਤੇ ਉਹ ਇਸ ਨੂੰ ਨੈਤਿਕਤਾ ਦਾ ਸੁਆਲ ਮੰਨਦੇ ਹੋਏ ਪਾਰਟੀ ਨੂੰ ਅੰਦਰਖਾਤੇ ਕਾਰਵਾਈ ਕਰਨ ਲਈ ਕਹਿ ਰਹੇ ਹਨ।

Facebook Comment
Project by : XtremeStudioz