Close
Menu

ਲੋਯਾ ਮਾਮਲਾ: ਸੁਪਰੀਮ ਕੋਰਟ ਨੇ ਨਿਰਪੱਖ ਜਾਂਚ ’ਤੇ ਫ਼ੈਸਲਾ ਰਾਖਵਾਂ ਰੱਖਿਆ

-- 18 March,2018

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵਿਸ਼ੇਸ਼ ਸੀਬੀਆਈ ਜੱਜ ਬੀ.ਐਚ.ਲੋਯਾ ਦੀ ਰਹੱਸਮਈ ਹਾਲਤ ਵਿੱਚ ਹੋਈ ਮੌਤ ਮਾਮਲੇ ਦੀ ਨਿਰਪੱਚ ਜਾਂਚ ਦੀ ਮੰਗ ਕਰਦੀਆਂ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਉਂਜ ਉੱਚ ਅਦਾਲਤ ਨੇ ਪਟੀਸ਼ਨਰਾਂ ਨੂੰ ਹਲਫ਼ਨਾਮਾ ਦਾਇਰ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਜਿਨ੍ਹਾਂ ਦਿਨਾਂ ਵਿੱਚ ਜੱਜ ਲੋਯਾ ਦੀ ਮੌਤ ਹੋਈ, ਉਹ ਸੋਹਰਾਬੂਦੀਨ ਸ਼ੇਖ ਫ਼ਰਜ਼ੀ ਮੁਕਾਬਲਾ ਕੇਸ ਦੀ ਸੁਣਵਾਈ ਕਰ ਰਹੇ ਸਨ। ਲੋਯਾ ਦੀ ਪਹਿਲੀ ਦਸੰਬਰ 2014 ਨੂੰ ਨਾਗਪੁਰ ਵਿੱਚ ਇਕ ਵਿਆਹ ਸਮਾਗਮ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗੲੀ ਸੀ। ਪੋਸਟ ਮਾਰਟਮ ਰਿਪੋਰਟ ’ਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਸੀ।
ਚੀਫ਼ ਜਸਟਿਸ ਦੀਪਕ ਮਿਸ਼ਰਾ ਤੇ ਜਸਟਿਸ ਏ.ਐਮ.ਖਾਨਵਿਲਕਰ ਤੇ ਡੀ.ਵਾਈ.ਚੰਦਰਚੂਡ਼ ਨੇ ਫੈਸਲਾ ਰਾਖਵਾਂ ਰੱਖਦਿਆਂ ਪਟੀਸ਼ਨਰਾਂ ਨੂੰ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਲੋਡ਼ ਪੈਣ ’ਤੇ ਲਿਖਤੀ ਹਲਫ਼ਨਾਮੇ ਦਾਖ਼ਲ ਕਰ ਸਕਦੇ ਹਨ। ਪਟੀਸ਼ਨ ਦਾਖ਼ਲ ਕਰਨ ਵਾਲਿਆਂ ’ਚ ਬੰਬੇ ਲਾਅਰਜ਼ ਐਸੋਸੀਏਸ਼ਨ, ਕਾਂਗਰਸ ਆਗੂ ਤਹਿਸੀਨ ਪੂਨਾਵਾਲਾ ਤੇ ਹੋਰ ਸ਼ਾਮਲ ਹਨ। ਇਸ ਤੋਂ ਪਹਿਲਾਂ ਅੱਜ ਸੁਣਵਾਈ ਦੌਰਾਨ ਮਹਾਰਾਸ਼ਟਰ ਸਰਕਾਰ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਲੋਯਾ ਮੌਤ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕਰਦੀਆਂ ਪਟੀਸ਼ਨਾਂ ਵਿੱਚ ਕਾਨੂੰਨ ਦੇ ਨਾਂ ’ਤੇ ਇਕ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ। ਮਹਾਰਾਸ਼ਟਰ ਸਰਕਾਰ ਲਈ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਦਾ ਇਹ ਬਿਆਨ ਕਾਫ਼ੀ ਅਹਿਮ ਹੈ ਕਿਉਂਕਿ ਪਟੀਸ਼ਨਰਾਂ ਦੀ ਨੁਮਾਇੰਦਗੀ ਕਰਦੇ ਕਈ ਵਕੀਲਾਂ ਨੇ ਸਵਾਲ ਕੀਤਾ ਸੀ ਕਿ ਸੀਬੀਆਈ ਨੇ ਫਰਜ਼ੀ ਮੁਕਾਬਲਾ ਕੇਸ ਵਿੱਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਦੋਸ਼ ਮੁਕਤ ਕੀਤੇ ਜਾਣ ਖ਼ਿਲਾਫ਼ ਕੋਈ ਅਪੀਲ ਕਿੳੁਂ ਨਹੀਂ ਦਾਇਰ ਕੀਤੀ।

Facebook Comment
Project by : XtremeStudioz