Close
Menu

ਸਿੱਧੂ ਨੇ ਗਾਂਧੀ ਪਰਿਵਾਰ ਦੇ ਪੈਰਾਂ ਵਿੱਚ ਝੁਕ ਕੇ ਸਿੱਖ ਕੌਮ ਨੂੰ ਸ਼ਰਮਸਾਰ ਕੀਤਾ: ਹਰਸਿਮਰਤ

-- 24 March,2018

ਮੋਗਾ, 24 ਮਾਰਚ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਬਠਿੰਡਾ ਤੋਂ ਹੀ ਲੜਨ ਦੇ ਇੱਛੁਕ ਹਨ। ਉਹ ਇੱਥੇ ਕੇਂਦਰ ਸਰਕਾਰ ਵੱਲੋਂ ਮੋਗਾ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਪੱਖੋਂ ਪੱਛਡ਼ਿਆ ਕਰਾਰ ਦਿੱਤੇ ਜਾਣ ਤੋਂ ਬਾਅਦ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਪੁੱਜੇ ਸਨ।
ਇੱਥੇ ਸਾਬਕਾ ਖੇਤੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਹਰਸਿਮਰਤ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਰਪੱਖ ਏਜੰਸੀ ਤੋਂ ਕਰਵਾਏ ਸਰਵੇਖਣ ਦੌਰਾਨ ਪਤਾ ਲੱਗਾ ਹੈ ਕਿ ਪੰਜਾਬ ਦੇ ਦੋ ਜ਼ਿਲ੍ਹਿਆਂ ਮੋਗਾ ਤੇ ਫ਼ਿਰੋਜ਼ਪੁਰ ਸਮੇਤ ਦੇਸ਼ ਵਿੱਚ 115 ਜ਼ਿਲ੍ਹੇ ਸਿਹਤ ਤੇ ਸਿੱਖਿਆ ਪੱਖੋਂ ਪੱਛੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ, ਸਿੱਖਿਆ ਤੇ ਮੋਗਾ ਸਿਹਤ ਸੇਵਾਵਾਂ ਪੱਖੋਂ ਪੱਛੜਿਆ ਹੋਇਆ ਹੈ।  ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਉਹ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦੇ ਇੱਛੁਕ ਹਨ, ਭਾਵੇਂ ਵੀਨੂ ਹੀ ਉਨ੍ਹਾਂ ਦੇ ਮੁਕਾਬਲੇ ਵਿੱਚ ਆ ਜਾਵੇ, ਬਾਕੀ ਪਾਰਟੀ ਦਾ       ਫ਼ੈਸਲਾ ਹੋਵੇਗਾ। ਉਨ੍ਹਾਂ ਸਿੱਧੂ ਜੋੜੀ ’ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਨੇ ਗਾਂਧੀ ਪਰਿਵਾਰ ਦੇ ਪੈਰਾਂ ਵਿੱਚ ਝੁਕ ਕੇ ਸਿੱਖ ਕੌਮ ਨੂੰ ਸ਼ਰਮਸਾਰ ਕੀਤਾ ਹੈ।
ਉਨ੍ਹਾਂ ਕੈਪਟਨ ਸਰਕਾਰ ਵੱਲੋਂ ਦਰਬਾਰ ਸਾਹਿਬ ਦੇ ਲੰਗਰ ਤੋਂ ਜੀਐਸਟੀ ਮੁਆਫ਼ ਕਰਨ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਪਹਿਲਾਂ ਵਸੂਲ ਕੀਤਾ ਜੀਐਸਟੀ ਵਾਪਸ ਕਰਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਾਲੇ ਸਾਰੇ ਗੁਰਧਾਮਾਂ ਦਾ ਜੀਐਸਟੀ ਮੁਆਫ਼ ਕਰਨ ਲਈ ਕਿਹਾ। ਉਨ੍ਹਾਂ ਦਾਅਵਾ ਕੀਤਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਧਾਰਮਿਕ ਸਥਾਨਾਂ ਨੂੰ ਜੀਐਸਟੀ ਤੋਂ ਬਾਹਰ ਰੱਖਣ ਲਈ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਪੱਤਰ ਲਿਖਿਆ ਸੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਰਾਜੇਸ਼ ਤ੍ਰਿਪਾਠੀ ਨੇ ਕੇਂਦਰੀ ਸਕੀਮਾਂ ਬਾਰੇ ਦੱਸਿਆ। ਇਸ ਮੌਕੇ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਤੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਨੇੇ ਕਿਸਾਨ ਖ਼ੁਦਕੁਸ਼ੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਨੂੰ ਬੇਰੁਜ਼ਗਾਰੀ ਦੂਰ ਕਰਨ ਲਈ ਜ਼ਿਲ੍ਹੇ ਵਿੱਚ ਵੱਡੇ ਉਦਯੋਗ ਲਾਉਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਰਾਜਜੀਤ ਸਿੰਘ ਹੁੰਦਲ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।

ਕੇਂਦਰੀ ਮੰਤਰੀ ਵੱਲੋਂ ਲਾਡੋਵਾਲ ਫੂਡ ਪਾਰਕ ਦਾ ਦੌਰਾ
ਲੁਧਿਆਣਾ ,  ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਦੇ ਲਾਡੋਵਾਲ ਵਿੱਚ ਬਣ ਰਹੇ ਫੂਡ ਪਾਰਕ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਿਸ਼ੇਸ਼ ਕਰਕੇ ਕਿਸਾਨਾਂ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਤਿੰਨ ਮੈਗਾ ਫੂਡ ਪਾਰਕ ਹੁਸ਼ਿਆਰਪੁਰ, ਫ਼ਾਜ਼ਿਲਕਾ ਤੇ ਲਾਡੋਵਾਲ ਵਿੱਚ ਖੋਲ੍ਹਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਲਾਡੋਵਾਲ ਵਿੱਚ ਬਣ ਰਹੇ ਫੂਡ ਪਾਰਕ ਦੀ ਸ਼ੁਰੂਆਤ 2015 ਵਿੱਚ ਸ਼ੁਰੂਆਤ ਹੋਈ ਸੀ, ਇਸ ਦਾ ਕੰਮ ਕਾਫ਼ੀ ਹੌਲੀ ਚੱਲ ਰਿਹਾ ਹੈ। ਇਸ ਬਾਰੇ ਮੀਟਿੰਗ ਕੀਤੀ ਗਈ ਹੈ। ਹੁਣ ਸਤੰਬਰ ਦੇ ਅਖ਼ੀਰ ਤੱਕ ਇਸ ਦੇ ਤਿਆਰ ਹੋਣ ਦੀ ਉਮੀਦ ਹੈ।

Facebook Comment
Project by : XtremeStudioz