Close
Menu

ਅਕਾਲੀ ਦਲ ਕਾਂਗਰਸ ਸਰਕਾਰ ਦੀ ਵਾਅਦਾ-ਖ਼ਿਥਲਾਫੀ ਵਿਰੁੱਧ 16 ਮਾਰਚ ਨੂੰ ‘ਵਿਸ਼ਵਾਸ਼ਘਾਤ ਦਿਵਸ’ ਮਨਾਏਗਾ

-- 13 March,2019

ਚੰਡੀਗੜ•/13 ਮਾਰਚ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਿੰਘ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਵਾਅਦਾ-ਖ਼ਿਲਾਫੀ ਦੇ ਵਿਰੁੱਧ ਰੋਸ ਵਜੋਂ 16 ਮਾਰਚ ਸੂਬੇ ਦੇ ਸਾਰੇ ਹਲਕਿਆਂ ਵਿਚ ‘ਵਿਸ਼ਵਾਸ਼ਘਾਤ ਦਿਵਸ’ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਵਰਕਿੰਗ ਕਮੇਟੀ ਨੇ ਲੋਕ ਸਭਾ ਉਮੀਦਵਾਰਾਂ ਦੀ ਚੋਣ ਸੰਬੰਧੀ ਸਾਰੇ ਅਧਿਕਾਰ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ।

ਇਸ ਸੰਬੰਧੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਈ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਵੱਲੋਂ ਪਾਸ ਕੀਤੇ ਮਤਿਆਂ ਦੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਮੌਕੇ ਕਿਸਾਨਾਂ, ਨੌਜਵਾਨਾਂ, ਦਲਿਤਾਂ, ਵਪਾਰੀਆਂ, ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਵਿਸ਼ਵਾਸ਼ਘਾਤ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਇਸ  ਧੋਖੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਂਗਰਸ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜ਼ਬੂਰ ਕਰਨ ਲਈ ਅਕਾਲੀ ਦਲ ਵੱਲੋਂ ਸਾਰੇ ਹਲਕਿਆਂ ਵਿਚ 16 ਮਾਰਚ ਨੂੰ ਵਿਸ਼ਵਾਸ਼ਘਾਤ ਦਿਵਸ ਮਨਾਇਆ ਜਾਵੇਗਾ।

ਲੋਕ ਸਭਾ ਚੋਣਾਂ ਵਾਸਤੇ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਨ ਸੰਬੰਧੀ ਵਰਕਿੰਗ ਕਮੇਟੀ ਨੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿਘ ਬਾਦਲ ਨੂੰ ਸੌਂਪ ਦਿੱਤੇ ਗਏ ਹਨ।  ਇਸ ਬਾਰੇ ਪਾਸ ਕੀਤੇ ਮਤੇ ਦੀ ਜਾਣਕਾਰੀ ਦਿੰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਪਾਰਟੀ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਲੋਕ ਸਭਾ ਉਮੀਦਵਾਰਾਂ ਦੀ ਚੋਣ ਵਾਸਤੇ ਅੰਤਿਮ ਫੈਸਲੇ ਦਾ ਹੱਕ ਸਰਦਾਰ ਸੁਖਬੀਰ ਸਿੰਘ ਬਾਦਲ  ਨੂੰ ਹੋਵੇਗਾ। 

ਵਰਕਿੰਗ ਕਮੇਟੀ ਵੱਲੋਂ ਇੱਕ ਹੋਰ ਮਤੇ ਵਿਚ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਲਈ ਕਾਂਗਰਸ ਸਰਕਾਰ ਵੱਲੋਂ ਬਣਾਈ ਸਿਟ ਦਾ ਸਿਆਸੀਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਟ ਦਾ ਸਿਆਸੀਕਰਨ ਕਰਕੇ ਲੋਕਤੰਤਰੀ ਪ੍ਰਬੰਧ ਨੂੰ ਢਾਹ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਿਟ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੇਸ਼ਾਵਰ ਤਰੀਕੇ ਨਾਲ ਜਾਂਚ ਕਰਨ ਦੀ ਥਾਂ ਸੱਤਾਧਾਰੀ ਧਿਰ ਦੀ ਮਰਜ਼ੀ ਅਨੁਸਾਰ ਜਾਂਚ ਦੇ ਤੱਥਾਂ ਨੂੰ ਤੋੜ ਮਰੋੜਿਆ ਜਾ ਰਿਹਾ ਹੈ।

ਇੱਕ ਹੋਰ ਮਤੇ ਵਿਚ ਪਾਰਟੀ ਵੱਲੋਂ ਪੁਲਵਾਮਾ ਹਮਲੇ ਦੇ ਬਦਲੇ ਵਜੋਂ ਪਾਕਿਸਤਾਨ ਅੰਦਰ ਦਹਿਸ਼ਤੀ ਅੱਡਿਆਂ ਉੱਤੇ ਫੌਜ ਵੱਲੋਂ ਕੀਤੇ ਹਮਲਿਆਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਅਜਿਹਾ ਦਲੇਰਾਨਾ ਫੈਸਲਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਸਰਾਹਨਾ ਕੀਤੀ। ਪਾਰਟੀ ਨੇ ਇਹ ਵੀ ਕਿਹਾ ਕਿ ਨਰਿੰਦਰ ਮੋਦੀ  ਵੱਲੋਂ ਪਾਕਿਸਤਾਨ ਖ਼ਿਲਾਫ ਕੀਤੀ ਫੈਸਲਾਕੁਨ ਕਾਰਵਾਈ ਨੇ ਨਾ ਸਿਰਫ ਫੌਜ ਦਾ ਮਨੋਬਲ ਉੱਚਾ ਹੋਇਆ ਹੈ, ਸਗੋਂ ਦੇਸ਼ ਵਾਸੀਆਂ ਅੰਦਰ ਵੀ ਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ।

ਇੱਕ ਹੋਰ ਮਤੇ ਵਿਚ ਪਾਰਟੀ ਵੱਲੋਂ ਨਰਿੰਦਰ ਮੋਦੀ ਸਰਕਾਰ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਲਏ ਵੱੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਨੂੰ ਖੋਲ•ਣ ਦਾ ਇਤਿਹਾਸਕ ਫੈਸਲਾ ਲੈਣਾ, ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਬਣਾਉਣਾ, ਪਹਿਲੇ ਗੁਰੂ ਸਾਹਿਬ ਦੀ ਸਮੁੱਚੀ ਬਾਣੀ ਦਾ ਕੌਮਾਂਤਰੀ ਭਾਸ਼ਾਵਾਂ ਵਿਚ ਉਲੱਥਾ ਕਰਵਾਉਣਾ ਆਦਿ ਫੈਸਲਿਆਂ ਰਾਹੀਂ ਮੋਦੀ ਸਰਕਾਰ ਨੇ ਦੇਸ਼ ਵਿਦੇਸ਼ ਵਿਚ ਬੈਠੀਆਂ ਸਿੱਖ ਸੰਗਤਾਂ ਦੇ ਦਿਲਾਂ ਨੂੰ ਜਿੱਤ ਲਿਆ ਹੈ। ਇਸ ਦੇ ਨਾਲ ਹੀ ਇਕ ਹੋਰ ਮਤੇ ਵਿਚ ਮੋਦੀ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਮੁੜ ਜਾਂਚ ਲਈ ਸਿਟ ਦੇ ਗਠਨ ਸਦਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੋਈ  ਉਮਰ ਕੈਦ ਦੀ ਸਜ਼ਾ ਵੀ ਸ਼ਲਾਘਾ ਕੀਤੀ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਇਸ ਦਿਸ਼ਾ ਵਿਚ ਚੁੱਕੇ ਗਏ ਕਦਮਾਂ ਸਦਕਾ ਸਿੱਖਾਂ ਨੂੰ 34 ਸਾਲ ਬਾਅਦ ਇਨਸਾਫ ਮਿਲਿਆ ਹੈ। ਇਸ ਲਈ ਸਮੁੱਚਾ ਸਿੱਖ ਭਾਈਚਾਰਾ ਇਤਿਹਾਸਕ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਣੀ ਮਹਿਸੂਸ ਕਰਦਾ ਹੈ।  

Facebook Comment
Project by : XtremeStudioz