Close
Menu

ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਕਿਸਾਨ ਦੀ ਬਾਂਹ ਫੜੀ : ਹਰਸਿਮਰਤ ਬਾਦਲ

-- 05 October,2015

ਰਾਮਾਂ ਮੰਡੀ- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਜਿਨ੍ਹਾਂ ਨੇ ਹਮੇਸ਼ਾ ਹੀ ਸੰਸਦ ‘ਚ ਕਿਸਾਨਾਂ ਨਾਲ ਸੰਬੰਧਤ ਮੁੱਦੇ ਉਠਾਏ ਹਨ, ਨੇ ਕਿਹਾ ਕਿ ਪੰਜਾਬ ਇਕ ਵਿਸ਼ੇਸ਼ ਵਿੱਤੀ ਪੈਕੇਜ ਹਾਸਲ ਕਰਨ ਦਾ ਹੱਕਦਾਰ ਹੈ ਅਤੇ ਉਨ੍ਹਾਂ ਹਮੇਸ਼ਾ ਹੀ ਇਸ ਮੰਗ ਨੂੰ ਮੋਹਰੀ ਹੋ ਕੇ ਉਠਾਇਆ। ਸ਼੍ਰੀਮਤੀ ਬਾਦਲ ਨੇ ਕਿਹਾ ਕਿ ਇਹ ਬਿਲਕੁਲ ਸੱਚ ਹੈ ਕਿ ਜਦੋਂ ਵੀ ਪੰਜਾਬ ਦੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਈ ਤਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਨੇ ਹਮੇਸ਼ਾ ਕਿਸਾਨ ਦੀ ਬਾਂਹ ਫੜੀ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਮੇ ਦੇ ਕਿਸਾਨਾਂ ਲਈ ਰਾਹਤ ਦੀ ਰਕਮ 3600 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 8000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਹੀ ਇਸ ਮਕਸਦ ਲਈ 600 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਪੰਜਾਬ ਨੂੰ ਵਿਸ਼ੇਸ਼ ਪੈਕੇਜ ਬਾਰੇ ਵਿਰੋਧੀ ਧਿਰ ਦੇ ਇਲਜ਼ਾਮਾਂ ਨੂੰ ਖਾਰਜ ਕਰਦੇ ਹੋਏ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਮੈਂ ਵਿਸ਼ੇਸ਼ ਪੈਕੇਜ ਪੰਜਾਬ ਲਈ ਹਾਸਲ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡਾਂਗੀ ਕਿਉਂਕਿ ਪੰਜਾਬ ਨੇ ਕੌਮ ਦੀ ਆਜ਼ਾਦੀ ਦੇ ਸੰਘਰਸ਼ ‘ਚ ਮੋਹਰੀ ਰੋਲ ਅਦਾ ਕੀਤਾ ਹੈ, ਦੇਸ਼ ਨੂੰ ਅੰਨ ਉਤਪਾਦਨ ‘ਚ ਆਤਮ-ਨਿਰਭਰ ਬਣਾਇਆ ਹੈ ਅਤੇ ਬਾਹਰੀ ਹਮਲਿਆਂ ਤੋਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਇਆ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਬਠਿੰਡਾ ਵਿਖੇ ਉਨ੍ਹਾਂ ਨੇ ਚਿੱਟੇ ਮੱਛਰ ਦੇ ਹਮਲੇ ਤੋਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਹੀ 600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਉਨ੍ਹਾਂ ਕਿਸਾਨਾਂ ਲਈ ਕਰ ਦਿੱਤਾ ਹੈ, ਜਿਨ੍ਹਾਂ ਦੀਆਂ ਫਸਲਾਂ ਨੂੰ ਸੂਬੇ ‘ਚ ਚਿੱਟੇ ਮੱਛਰ ਦੇ ਹਮਲੇ ਕਾਰਨ ਨੁਕਸਾਨ ਪਹੁੰਚਿਆ ਸੀ। ਕਾਂਗਰਸ ਅਤੇ ਕੁਝ ਸਿਆਸਤ ‘ਚ ਮਹੱਤਵ ਗਵਾ ਚੁੱਕੇ ਲੋਕ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੇ ਹਨ ਅਤੇ ਇਸ ਨੂੰ ਤੂਲ ਦੇ ਕੇ ਕਿਸਾਨਾਂ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨਾਲ ਇਸ ਔਖੀ ਘੜੀ ‘ਚ ਨਾਲ ਖੜ੍ਹੇ ਹਾਂ।

Facebook Comment
Project by : XtremeStudioz