Close
Menu

ਅਾਨੰਦਪੁਰ ਸਾਹਿਬ ’ਚ ਸਥਾਪਤ ਹੋਵੇਗਾ 70 ਫੁੱਟ ਉਚਾ ਖੰਡਾ

-- 17 May,2015

ਮੁੱਖ ਮੰਤਰੀ ਵੱਲੋਂ ਸਥਾਪਨਾ ਦਿਵਸ ਦੇ ਪ੍ਰਬੰਧਾਂ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਅਾਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਦੇ ਮੌਕੇ ਸ੍ਰੀ ਅਾਨੰਦਪੁਰ ਸਾਹਿਬ ਦੀ ਖਾਸਲਾਈ ਵਿਰਾਸਤ ਦੇ ਪ੍ਰਤੀਕ ਵਜੋਂ 70 ਫੁੱਟ ਉੱਚਾ ਸਟੀਲ ਦਾ ‘ਖੰਡਾ’ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ‘ਖੰਡੇ’ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਮਹਾਨ ਦਰਸ਼ਨ ਨੂੰ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗਾ ਜਿਨ੍ਹਾਂ ਨੇ ਸਾਲ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਨੀਂਹ ਰੱਖੀ।
ਮੁੱਖ ਮੰਤਰੀ ਨੇ ਉੱਘੀਆਂ ਸ਼ਖਸੀਅਤਾਂ ਨੂੰ ਭੇਜੇ ਜਾਣ ਵਾਲੇ ਸੱਦਾ ਪੱਤਰਾਂ ਤੋਂ ਇਲਾਵਾ ਯਾਦਗਾਰੀ ਚਿੰਨ੍ਹ ਦੇ ਡਿਜ਼ਾੲੀਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਇਤਿਹਾਸਕ ਮੌਕੇ ਸੋਨੇ ਦੀ ਝਾਲ ਵਾਲਾ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਕਾਰਜਕਾਰੀ ਕਮੇਟੀ ਨੂੰ ਕਿਹਾ ਕਿ ਉਹ ਸ੍ਰੀ ਅਾਨੰਦਪੁਰ ਸਾਹਿਬ ਦੇ ਸੰਖੇਪ ਇਤਿਹਾਸ ਬਾਰੇ ਕਿਤਾਬਚਾ ਵੀ ਛਾਪੇ ਤਾਂ ਜੋ ਇਸ ਸ਼ਾਨਦਾਰ ਅਮੀਰ ਵਿਰਾਸਤ ਤੋਂ ਲੋਕ ਜਾਣੂ ਹੋ ਸਕਣ। ਸ੍ਰੀ ਬਾਦਲ ਨੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੇਸ਼-ਵਿਦੇਸ਼ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਲੋਕਾਂ ਨੂੰ ਇਸ ਸਮਾਰੋਹ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਪ੍ਰਬੰਧਾਂ ਦੀ ਹੋਰ ਪੁਖਤਾ ਬਣਾਉਣ ਲਈ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਮਦਨ ਮੋਹਨ ਮਿੱਤਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ, ਰੂਪਨਗਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਅਪ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ’ਤੇ ਅਧਾਰਿਤ ਇਕ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸ੍ਰੀ ਮਦਨ ਮੋਹਨ ਮਿੱਤਲ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਬਲਵਿੰਦਰ ਸਿੰਘ ਭੂੰਦੜ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ੍ਰੀਮਤੀ ਅੰਜਲੀ ਭਾਵੜਾ, ਸਕੱਤਰ ਸਿੰਜਾਈ ਕਾਹਨ ਸਿੰਘ ਪੰਨੂ ਅਤੇ ਬ੍ਰਿਗੇਡੀਅਰ (ਸੇਵਾ-ਮੁਕਤ) ਜੇ.ਕੇ. ਗਗਨੇਜਾ ਹਾਜ਼ਰ ਸਨ।

Facebook Comment
Project by : XtremeStudioz