Close
Menu

ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ ਪੰਜਾਬ ਸਰਕਾਰ: ਚੀਮਾ

-- 08 December,2014

ਆਨੰਦਪੁਰ ਸਾਹਿਬ, ਖ਼ਾਲਸਾ ਪੰਥ ਦੇ 300 ਸਾਲਾ ਸਾਜਨਾ ਦਿਵਸ ਮੌਕੇ 1999 ਵਿੱਚ ਕਰਵਾਏ ਗਏ ਸਮਾਗਮਾਂ ਵਾਂਗ ਹੀ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮਾਗਮਾਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਸੂਬਾ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸਮਾਗਮਾਂ ਦੀ ਰੂਪਰੇਖਾ ਜਲਦੀ ਹੀ ਤੈਅ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਪਹੁੰਚੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਨੰਦਪੁਰ ਸਾਹਿਬ ਦੀ ਸਥਾਪਨਾ ਦੇ 350ਵੇਂ ਵਰ੍ਹੇ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ ਕਿਉਂਕਿ ਇਹ ਉਹ ਮਹਾਨ ਧਰਤੀ ਹੈ ਜਿੱਥੋਂ ਮਨੁੱਖਤਾ ਦੇ ਭਲੇ ਦੀ ਗੱਲ ਚੱਲੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਲਈ ਗੰਭੀਰ ਹਨ ਅਤੇ ਜਲਦੀ ਹੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਕਰਕੇ ਸੂਬਾ ਸਰਕਾਰ ਵੱਲੋਂ ਸਮਾਗਮਾਂ ਲਈ ਹਰ ਸੰਭਵ ਯੋਗਦਾਨ ਦਿੱਤਾ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਆਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਿਕ ਮਹੱਤਤਾ ਹੈ, ਇਸ ਲਈ ਆਨੰਦਪੁਰ ਸਾਹਿਬ ਦੇ ਨਾਮ ਨਾਲ ‘ਸ੍ਰੀ’ ਸ਼ਬਦ ਜ਼ਰੂਰ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕਰਨਗੇ ਅਤੇ ਜਲਦੀ ਹੀ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਆਦਿ ਵੀ ਹਾਜ਼ਰ ਸਨ।

Facebook Comment
Project by : XtremeStudioz