Close
Menu

‘ਆਪ’ ਵੱਲੋਂ ਮਿਸ਼ਨ ‘ਪੰਜਾਬ ਵਿਧਾਨ ਸਭਾ ਚੋਣਾਂ 2017 ’ ਦਾ ਜ਼ੋਰ-ਸ਼ੋਰ ਨਾਲ ਆਗਾਜ਼

-- 28 February,2015

ਐਸ.ਏ.ਐਸ. ਨਗਰ (ਮੁਹਾਲੀ), ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਪੈਰ ਜਮਾਉਣ ਲਈ ਮਿਸ਼ਨ ਪੰਜਾਬ ਵਿਧਾਨ ਸਭਾ ਚੋਣਾਂ 2017 ਦਾ ਜ਼ੋਰ-ਸ਼ੋਰ ਨਾਲ ਆਗਾਜ਼ ਕਰਕੇ ਸੱਤਾਧਾਰੀ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸੀਆਂ ਦੀ ਨੀਂਦ ਉਡਾ ਦਿੱਤੀ ਹੈ।

‘ਆਪ’ ਦੇ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਇੱਥੋਂ ਦੇ ਸੈਕਟਰ-71 ਸਥਿਤ ਕਾਰਗਿਲ ਪਾਰਕ ਨੇਡ਼ੇ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕਰਨ ਮਗਰੋਂ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਅਨੁਸ਼ਾਸਨ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਵਰਕਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦਰਪੇਸ਼ ਸਮੱਸਿਆਵਾਂ ਵੀ ਦੱਸੀਆਂ। ਇਸ ਦੌਰਾਨ ਸ਼ਹਿਰ ਵਿੱਚ ਰੋਡ ਸ਼ੋਅ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ੍ਰੀ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਆਪਣੇ ਬਲਬੂਤੇ ’ਤੇ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ। ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਆਮ ਲੋਕਾਂ ਦਾ ਦਿਲ ਜਿੱਤਣ ਲਈ ਚੰਗੇ ਕਿਰਦਾਰ ਵਾਲੇ ਵਿਅਕਤੀ ਹੀ ਚੋਣ ਮੈਦਾਨ ਵਿੱਚ ਉਤਾਰੇ ਜਾਣ। ਉਨ੍ਹਾਂ ਦੱਸਿਆ ਕਿ ‘ਆਪ’ ਨੇ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਇਸ ਕਰਕੇ ਨਹੀਂ ਲੜੀਆਂ, ਕਿਉਂਕਿ ਉਨ੍ਹਾਂ ਕੋਲ ਏਨਾ ਸਮਾਂ ਨਹੀਂ ਸੀ ਕਿ ਚੋਣਾਂ ਲੲੀ ਰਣਨੀਤੀ ਘਡ਼ੀ ਜਾ ਸਕੇ। ਇੰਨੇ ਘੱਟ ਸਮੇਂ ਵਿੱਚ ਸਹੀ ਉਮੀਦਵਾਰਾਂ ਦੀ ਚੋਣ ਕਰਨਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦਿੱਲੀ ਫ਼ਤਹਿ ਕਰਨ ਮਗਰੋਂ ਦੇਸ਼ ਵਿੱਚ ਸਿਆਸੀ ਸਮੀਕਰਨ ਬਦਲੇ ਹਨ ਤੇ ਨਵੀਂ ਰਾਜਨੀਤਿਕ ਕ੍ਰਾਂਤੀ ਆਈ ਹੈ। ਇਸ ਕਰਕੇ ਹੁਣ ‘ਆਪ’ ਦੀ ਵੀ ਪੁੱਛ-ਪ੍ਰਤੀਤ ਹੋਣ ਲੱਗੀ ਹੈ। ਲੋਕ ਜਾਗਰੂਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਆਪਣੇ ਬਲਬੂਤੇ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਸਮੇਤ ਅਪਰਾਧ ਨੂੰ ਠੱਲ੍ਹ ਪਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ੳੁਨ੍ਹਾਂ ਨੇ ਭਾਜਪਾ ਨੂੰ ਕਿਸਾਨਾਂ ਦੀ ਦੁਸ਼ਮਣ ਜਮਾਤ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਭੂਮੀ ਗ੍ਰਹਿਣ ਬਿੱਲ ਰਾਹੀਂ ਕਿਸਾਨਾਂ ਨੂੰ ਤਬਾਹ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਅਜਿਹਾ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਹੈ। ਅਫਸੋਸ ਦੀ ਗੱਲ ਹੈ ਕਿ ਲੋਕਤੰਤਰੀ ਢਾਂਚੇ ਵਿੱਚ ਪਾਰਲੀਮੈਂਟ ਸੁਪਰੀਮ ਹੈ ਪਰ ਕੇਂਦਰ ਨੇ ਦੇਸ਼ ਦੇ ਲੋਕਾਂ ਨੂੰ ਧੋਖੇ ਵਿੱਚ ਰੱਖਣ ਲਈ ਆਰਡੀਨੈਂਸ ਦਾ ਸਹਾਰਾ ਲਿਆ ਹੈ।
ਸ੍ਰੀ ਛੋਟੇਪੁਰ ਨੇ ‘ਆਪ’ ਦੀਆਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਜੁੜ ਰਹੇ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਮਜ਼ਬੂਤੀ ਲਈ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਤੇ ਪਿੰਡ ਪੱਧਰ ’ਤੇ ਸਬ ਕਮੇਟੀਆਂ ਬਣਾ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤੇ ‘ਆਪ’ ਦੀ ਨਵੀਂ ਮੈਂਬਰਸ਼ਿਪ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੂੰ ਇੱਕ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦੇਸ਼ ਤੇ ਸੂਬੇ ਨੂੰ ਲੁੱਟਣ ਤੋਂ ਬਿਨਾਂ ਕੁਝ ਨਹੀਂ ਕੀਤਾ ਹੈ।
‘ਆਪ’ ਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਕਨਵੀਨਰ ਅਮਨਦੀਪ ਕੌਰ ਨੇ ਕਿਹਾ ਕਿ ਪਾਰਟੀ ਦੀਆਂ ਸਰਗਰਮੀਆਂ ਤੇ ਗਤੀਵਿਧੀਆਂ ਨਾਲ ਸਮਾਜ ਵਿੱਚ ਅੌਰਤਾਂ ਦਾ ਮਾਣ ਸਨਮਾਨ ਵਧਿਆ ਹੈ। ਮੁਹਾਲੀ ਵਿੱਚ ਖੋਲ੍ਹੇ ਪਾਰਟੀ ਦੇ ਮੁੱਖ ਦਫ਼ਤਰ ਦੇ ਉਦਘਾਟਨ ਮੌਕੇ ਅਮਨਦੀਪ ਕੌਰ ਨੇ ਸ੍ਰੀ ਕੇਜਰੀਵਾਲ ਤੋਂ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ।
ਇਸ ਮੌਕੇ ਕਰਨਲ ਜਸਜੀਤ ਸਿੰਘ, ਹਰਦੀਪ ਸਿੰਘ ਕੀਂਗਰਾ, ਹਰਕੇਸ਼ ਸਿੰਘ ਸਿੱਧੂ, ਜ਼ਿਲ੍ਹਾ ਫਿਰੋਜ਼ਪੁਰ ਦੀ ਕਨਵੀਨਰ ਅਮਨਦੀਪ ਕੌਰ, ਪ੍ਰੋ. ਬਲਜਿੰਦਰ ਕੌਰ, ਆਰ.ਆਰ. ਭਾਰਦਵਾਜ, ਜਤਿੰਦਰ ਸਿੰਘ ਮੋਦਗਿੱਲ ਤੇ ਜਸਬੀਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਖਹਿਰਾ ਛੇਤੀ ਹੋਣਗੇ ‘ਆਪ’ ਵਿੱਚ ਸ਼ਾਮਲ: ਛੋਟੇਪੁਰ
ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਦੇ ‘ਆਪ’ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਸ੍ਰੀ ਛੋਟੇਪੁਰ ਨੇ ਦੱਸਿਆ ਕਿ ਸ੍ਰੀ ਖਹਿਰਾ ਜਲਦੀ ਹੀ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਇਸ ਸਬੰਧੀ ‘ਆਪ’ ਮੁਖੀ ਅਰਵਿੰਦਰ ਕੇਜਰੀਵਾਲ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ। ੳੁਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਖਹਿਰਾ ਨਾਲ ਕੋਈ ਵੱਡਾ ਅਹੁਦਾ ਦੇਣ ਜਾਂ ਕਿਸੇ ਹਲਕੇ ਤੋਂ ਟਿਕਟ ਦੇਣ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਗਿਆ ਹੈ।

Facebook Comment
Project by : XtremeStudioz