Close
Menu

ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ

-- 26 April,2019

ਨਵੀਂ ਦਿੱਲੀ, 26 ਅਪਰੈਲ
ਆਮ ਆਦਮੀ ਪਾਰਟੀ (‘ਆਪ’) ਵੱਲੋਂ 2019 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਦਫ਼ਤਰ ਵਿਚ ਦਿੱਲੀ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ ਨੂੰ ਪਹਿਲ ਦਿੱਤੀ ਗਈ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਪ੍ਰਧਾਨ ਮੰਤਰੀ ਚੁਣਨ ਲਈ ਨਹੀਂ ਸਗੋਂ ਭਾਰਤ ਦੇ ਸੰਵਿਧਾਨ ਤੇ ਧਰਮ ਨਿਰਪੱਖ ਸਿਸਟਮ ਨੂੰ ਬਚਾਉਣ ਲਈ ਵੋਟਾਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ‘ਟਰਨਿੰਗ ਪੁਆਇੰਟ’ ਹੋਣਗੀਆਂ ਕਿਉਂਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਸਾਡੀ ਚਾਰ ਹਜ਼ਾਰ ਸਾਲ ਪੁਰਾਣੀ ਸੰਸਕ੍ਰਿਤੀ ਤੇ ਏਕਤਾ ’ਤੇ ਹਮਲਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਇੱਕ ਲਾਈਨ ਦਾ ਹੈ ਕਿ ਤਿੰਨ ਧਰਮਾਂ ਨੂੰ ਛੱਡ ਕੇ ਬਾਕੀਆਂ ਨੂੰ ਦੇਸ਼ ਵਿੱਚੋਂ ਕੱਢਣਾ। ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਟਵੀਟ ਦੇ ਹਵਾਲੇ ਨਾਲ ਕਿਹਾ ਕਿ ਭਾਜਪਾ ਦਾ ਏਜੰਡਾ ਹੈ ਕਿ ਹਿੰਦੂ, ਬੋਧੀ ਤੇ ਸਿੱਖਾਂ ਨੂੰ ਛੱਡ ਕੇ ਬਾਕੀ ਘੁਸਪੈਠੀਆਂ ਨੂੰ ਬਾਹਰ ਕੱਢਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਭਾਜਪਾ ਨੂੰ ਹਰਾਉਣ ਲਈ ਲੜੀਆਂ ਜਾ ਰਹੀਆਂ ਹਨ, ਇਸ ਲਈ ‘ਆਪ’ ਕੇਂਦਰ ਵਿਚ ਗੈਰ-ਭਾਜਪਾਈ ਸਰਕਾਰ ਬਣਾਉਣ ਲਈ ਸਮਰਥਨ ਦੇਵੇਗੀ ਪਰ ਨਾਲ ਹੀ ਉਸ ਸਰਕਾਰ ਤੋਂ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਉਮੀਦ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ 70 ਸਾਲਾਂ ਤੋਂ ਖ਼ੁਦ ਨੂੰ ਦੂਜੇ ਦਰਜੇ ਦੇ ਸ਼ਹਿਰੀ ਮੰਨੇ ਜਾਣ ਖ਼ਿਲਾਫ਼ ਲੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਕਿਸੇ ਨੂੰ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲ ਰਿਹਾ। ਉਨ੍ਹਾਂ ਕਾਂਗਰਸ ’ਤੇ ਹਮਲਾ ਕਰਦਿਆਂ ਕਿ ਜੇਕਰ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਉਸ ਲਈ ਸਿਰਫ਼ ਰਾਹੁਲ ਗਾਂਧੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵਿਰੋਧੀ ਧਿਰਾਂ ਨੂੰ ਯੂਪੀ, ਆਂਧਰਾ ਪ੍ਰਦੇਸ਼, ਦਿੱਲੀ, ਕੇਰਲ ਤੇ ਹੋਰ ਰਾਜਾਂ ਵਿਚ ਕਮਜ਼ੋਰ ਕਰ ਰਹੀ ਹੈ ਤੇ ਉਨ੍ਹਾਂ ਦੀ ਮਨਸ਼ਾ ਸਮਝ ਨਹੀਂ ਆ ਰਹੀ।

Facebook Comment
Project by : XtremeStudioz