Close
Menu

ਉਪ ਮੁੱਖ ਮੰਤਰੀ ਵਲੋਂ ਨੌਜਵਾਨਾਂ ਨੂੰ ਇਕ ਲੱਖ ਨੌਕਰੀਆਂ ਦੇਣ ਦਾ ਵਾਅਦਾ

-- 24 September,2015

ਕੋਟਕਪੂਰਾ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਗਲੇ ਇਕ ਸਾਲ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਇਸ਼ਤਿਹਾਰ ਜਲਦੀ ਜਾਰੀ ਕੀਤੇ ਜਾਣਗੇ। ਉਹ ਪਿੰਡ ਮੌੜ ਵਿੱਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲੲੀ ਅਾੳੁਂਦੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਨੌਕਰੀਆਂ ਖੋਲ੍ਹੀਆਂ ਜਾਣਗੀਆਂ। ਇਸੇ ਤਰ੍ਹਾਂ ਰਾਜ ਵਿਚ ਖੇਡ ਕਲੱਬਾਂ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜ ਦੇ ਨੀਲੇ ਕਾਰਡ ਧਾਰਕਾਂ ਲਈ 30 ਹਜ਼ਾਰ ਰੁਪਏ ਤੱਕ ਦੀ ਸਾਲਾਨਾ ਨਗਦੀ ਰਹਿਤ ਬੀਮਾ ਯੋਜਨਾ ਵੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਹੈ ਜਿਸ ਤਹਿਤ ਨੀਲੇ ਕਾਰਡ ਧਾਰਕ ਵੱਖ ਵੱਖ ਹਸਪਤਾਲਾਂ ਵਿਚ ਬਿਨਾਂ ਕਿਸੇ ਖਰਚੇ ਦੇ 30 ਹਜ਼ਾਰ ਤੱਕ ਦਾ ਇਲਾਜ ਕਰਵਾ ਸਕਣਗੇ।
ਉਨ੍ਹਾਂ ਕਿਹਾ ਕਿ  ਕਿਸਾਨਾਂ ਲਈ ਵੀ ਸਿਹਤ ਬੀਮਾ ਯੋਜਨਾ ਰਾਜ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਹੈ। ਉਪ ਮੁੱਖ ਮੰਤਰੀ ਨੇ ਪਿੰਡ ਮੌੜ ਵਿੱਚ 8 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਗਰਿੱਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਬਿਜਲੀ ਸਰਪਲਸ ਸੂਬਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਬਿਜਲੀ ਮਿਲ ਰਹੀ ਹੈ ਉੱਥੇ ਹੀ ਗੁਆਂਢੀ ਸੂਬਿਆਂ ਵਿਚ ਅੱਜ ਵੀ ਲੰਬੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ।  ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਵਿਸੇਸ਼ ਤੱਵਜੋ ਦਿੰਦਿਆਂ ਰਾਜ ਦੀਆਂ ਸੜਕਾਂ ਨੂੰ 4 ਜਾਂ 6 ਲੇਨ ਕਰਨ ਲਈ 20 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਫਰੀਦਕੋਟ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫਰੀਦਕੋਟ ਸ਼ਹਿਰ ਲਈ 90 ਕਰੋੜ, ਕੋਟਕਪੂਰਾ ਲਈ 106 ਕਰੋੜ ਅਤੇ ਜੈਤੋ ਲਈ 50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵੀ ਵਿਸੇਸ਼ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਬੁਢਾਪਾ ਪੈਨਸ਼ਨ ਦੀ ਰਕਮ ਵਿਚ ਵੀ ਜਲਦੀ ਵਾਧਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਗਾਮੀ ਸਾਲ ਦੌਰਾਨ ਰਾਜ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ ਆਦਿ ਜਿਹੀਆਂ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ ਲਈ ਕ੍ਰਮਵਾਰ 4 ਹਜ਼ਾਰ ਅਤੇ 6 ਹਜ਼ਾਰ ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਮੋਹਨ ਸਿੰਘ ਮੱਤਾ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ ਨੇ ਵੀ ਸੰਬੋਧਨ ਕੀਤਾ।

Facebook Comment
Project by : XtremeStudioz