Close
Menu

ਕਰਜ਼ਾ ਮੁਆਫ਼ ਕਰਨ ਦੀ ਥਾਂ ਕਿਸਾਨਾਂ ਦੇ ਝੂਠੇ ਨਾਅਰੇ ਲਾਉਣ ਨਾਲ ਉਨ੍ਹਾਂ ਦਾ ਭਲਾ ਨਹੀਂ ਹੋਣਾ-ਕੁਲਤਾਰ ਸੰਧਵਾਂ

-- 07 March,2019

ਚੰਡੀਗੜ੍ਹ,  7 ਮਾਰਚ 2019

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਮੋਗਾ ਵਿਖੇ ਹੋਈ ਰੈਲੀ ਵਿੱਚ ਕਿਸਾਨਾਂ ਲਈ ਝੂਠੇ ਨਾਅਰੇ ਲਾਉਣ ਤੋਂ ਇਲਾਵਾ ਹੋਰ ਕੁੱਝ ਨਾ ਕਰਨ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਕਿਸਾਨ ਪੱਖੀ ਹੋਣ ਦਾ ਝੂਠਾ ਦਾਅਵਾ ਕਰਦਿਆਂ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਾਉਣ ਤੋਂ ਗੁਰੇਜ਼ ਕਰਦਿਆਂ ਉਨ੍ਹਾਂ ਦੀ ਭਲਾਈ ਲਈ ਕੋਈ ਕਦਮ ਚੁੱਕੇ।

ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀ ਸੰਧਵਾਂ ਨੇ ਕਿਹਾ ਕਿ ਕੀ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਦੇ ਕਿਸਾਨਾਂ ਪ੍ਰਤੀ ਮਾੜੀ ਸੋਚ ਕਾਰਨ ਸੂਬੇ ਭਰ ਦੇ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੁੰਦੀਆਂ ਉਦੋਂ ਤੱਕ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦੁੱਖ ਸਹਿਣੇ ਪੈਂਦੇ ਰਹਿਣਗੇ।

ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਆਪਣੀਆਂ ਫ਼ਸਲਾਂ ਨੂੰ ਸੜਕਾਂ ਤੇ ਸੁੱਟਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ‘ਤੇ ਪਣਪ ਰਹੇ ਵਿਚੋਲੀਏ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕਾ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਸੈਂਕੜੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਆਤਮ ਹੱਤਿਆ ਕਰਨਾ ਇਹ ਸਿੱਧ ਕਰਦਾ ਹੈ ਕਿ ਸਰਕਾਰ ਇਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਵਿੱਚ ਅਸਫਲ ਸਾਬਤ ਹੋਈ ਹੈ।

ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਮੁੱਦਿਆਂ ਉੱਤੇ ਰਾਜਨੀਤੀ ਤੋਂ ਗੁਰੇਜ਼ ਕਰਦਿਆਂ ਉਨ੍ਹਾਂ ਦਾ ਕਰਜ਼ਾ ਮੁਆਫ਼ ਕਰਨ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਉੱਤੇ ਜ਼ੋਰ ਦੇਣ ਦੀ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਅਖ਼ਬਾਰਾਂ ਅਤੇ ਮੀਡੀਆ ਸਾਹਮਣੇ ‘ਸਭ ਕੁੱਝ ਅੱਛਾ ਹੈ’ ਵਿਖਾਉਣ ਦੀ ਥਾਂ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜੇ।

ਸੰਧਵਾਂ ਨੇ ਕਿਹਾ ਕਿ ਸੂਬੇ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਂਦਿਆਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਉੱਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਵੀ ਮੁੱਕਰਨ ਦੀ ਥਾਂ ਜਲਦ ਕਰਜ਼ ਮੁਆਫ਼ੀ ਦਾ ਐਲਾਨ ਕਰਨ।

Facebook Comment
Project by : XtremeStudioz