Close
Menu

ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਵਾਂਗਾ: ਰਾਹੁਲ

-- 24 December,2018

ਨਵੀਂ ਦਿੱਲੀ/ਕੋਲਕਾਤਾ, 24 ਦਸੰਬਰ
ਕਿਸਾਨ ਦਿਵਸ ਮੌਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਹਰ ਕੋਸ਼ਿਸ਼ ਕਰਨਗੇ। ਦੇਸ਼ ਵਿਚ ਕਿਸਾਨ ਦਿਵਸ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਸਾਨ ਦਿਵਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਰਾਜ ਦੌਰਾਨ ਸੂਬੇ ਦੇ ਕਿਸਾਨਾਂ ਦੀ ਆਮਦਨ ਤਿੱਗਣੀ ਹੋ ਗਈ ਹੈ। ਉਨ੍ਹਾਂ ਨੇ ਦੇਸ਼ ਦੇ ਕਿਸਾਨਾਂ ਪ੍ਰਤੀ ਆਪਣੀਆਂ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਦੱਸਿਆ ਕਿ ਪੱਛਮੀ ਬੰਗਾਲ ਵਿਚ ਸਾਲ 2010-11 ਦੌਰਾਨ ਕਿਸਾਨਾਂ ਦੀ ਔਸਤ ਆਮਦਨ 91000 ਸੀ ਅਤੇ ਹੁਣ 2017-18 ’ਚ 2.91 ਲੱਖ ਹੋ ਗਈ ਹੈ।
ਇਸ ਦੌਰਾਨ ਹੀ ਰਾਹੁਲ ਗਾਂਧੀ ਨੇ ਟਵਿੱਟਰ ਉੱਤੇ ਕਿਹਾ ਹੈ ਕਿ ਉਹ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਬਨਾਉਣ ਦੇ ਲਈ ਹਰ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ,‘ਇਹ ਸਿਰਫ ਵਚਨ ਨਹੀਂ ਸਗੋਂ ਉਨ੍ਹਾਂ ਦਾ ਫਰਜ਼ ਹੈ।’ ਹੈਸ਼ਟੈਗ ‘ਥੈਂਕ ਯੂ ਫਾਰਮਰਜ਼’ ਤਹਿਤ ਰਾਹੁਲ ਨੇ ਹਿੰਦੀ ਵਿਚ ਲਿਖਿਆ ਹੈ ਕਿ ਕਿਸਾਨ ਦਿਹਾੜੇ ਮੌਕੇ ਉਹ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦੇ ਹਨ। ਅਸੀਂ ਇੱਥੇ ਤੁਹਾਡੀ ਕਿ੍ਪਾ ਸਦਕਾ ਹੀ ਹਾਂ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੇਸ਼ ਵਿੱਚ ਨਿਰੰਤਰ ਕਿਸਾਨਾਂ ਦੇ ਮੁੱਦੇ ਚੁੱਕ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਕਿਸਾਨਾਂ ਵਿਚ ਬੇਚੈਨੀ ਹੈ ਪਰ ਕੇਂਦਰ ਸਕਰਾਰ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਚੁੱਕੀ ਹੈ। ਪਿਛਲੇ ਦਿਨੀਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਦੀਆਂ ਸਰਕਾਰਾਂ ਬਣਦਿਆਂ ਸਾਰ ਹੀ ਇਨ੍ਹਾਂ ਸੂਬਿਆਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਕਾਂਗਰਸ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ।

Facebook Comment
Project by : XtremeStudioz