Close
Menu

ਕਿਸਾਨ ਆਤਮ ਹੱਤਿਆਵਾਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ, ਆਤਮ ਹੱਤਿਆਵਾਂ ਦੇ ਕਾਰਨ ਲੱਭਣ ਲਈ ਕੀਤਾ ਕਮੇਟੀ ਦਾ ਗਠਨ

-- 11 March,2019

– ਆਵਾਰਾ ਪਸ਼ੂਆਂ ਅਤੇ ਹੋਰ ਮੁਸੀਬਤਾਂ ਸਬੰਧੀ ਆਮ ਆਦਮੀ ਪਾਰਟੀ ਜਲਦ ਵਿੱਢੇਗੀ ਮੁਹਿੰਮ-ਕੁਲਤਾਰ ਸੰਧਵਾਂ

ਚੰਡੀਗੜ੍ਹ 11 ਮਾਰਚ 2019

ਸੂਬੇ ਵਿੱਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਹਰ ਰੋਜ਼ ਹੋ ਰਹੀਆਂ ਕਿਸਾਨ ਅਤੇ ਖੇਤ ਮਜ਼ਦੂਰ ਆਤਮ ਹੱਤਿਆਵਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਲੁਧਿਆਣਾ ਵਿਖੇ ਮੀਟਿੰਗ ਅੱਜ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚ ਕਿਸਾਨ ਅਤੇ ਖੇਤ ਮਜ਼ਦੂਰ ਅਨੇਕਾਂ ਮੁਸ਼ਕਲਾਂ ਨਾਲ ਘਿਰੇ ਹੋਏ ਹਨ ਅਤੇ ਫ਼ਸਲਾਂ ਦੇ ਸਹੀ ਮੁੱਲ ਨਾ ਮਿਲਣ ਕਾਰਨ ਉਹ ਕਰਜ਼ੇ ਦੀ ਮਾਰ ਹੇਠ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਕਿਸਾਨ ਕਰਜ਼ਾਈ ਹੋਣ ਅਤੇ ਸਰਕਾਰਾਂ ਦੀ ਬੇਰੁਖ਼ੀ ਕਾਰਨ ਖੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ।

ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀਆਂ ਆਤਮ ਹੱਤਿਆਵਾਂ ਦੇ ਕਾਰਨ ਲੱਭ ਕੇ ਇਸ ਸਬੰਧੀ ਕੋਈ ਹੱਲ ਲੱਭਣ ਲਈ ਆਮ ਆਦਮੀ ਪਾਰਟੀ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਉਨ੍ਹਾਂ ਤੋਂ ਬਿਨਾਂ ਗੁਰਭੇਜ ਬਰਾੜ, ਮਨਜਿੰਦਰ ਔਲਖ ਅਤੇ  ਚਰਨਜੀਤ ਗਰੇਵਾਲ ਮੈਂਬਰ ਹੋਣਗੇ। ਇਨ੍ਹਾਂ ਆਗੂਆਂ ਤੋਂ ਬਿਨਾਂ ਇੱਕ ਖੇਤੀ ਮਾਹਿਰ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਕਮੇਟੀ 20 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਜਾ ਕੇ ਕਿਸਾਨ ਆਤਮ ਹੱਤਿਆਵਾਂ ਦੇ ਕੇਸਾਂ ਦੀ ਪੜਤਾਲ ਕਰੇਗੀ ਅਤੇ ਉਸ ਦੇ ਪਿੱਛੇ ਦੇ ਕਾਰਨ ਲੱਭ ਕੇ ਕੋਈ ਸਥਾਈ ਹੱਲ ਲੱਭਣ ਲਈ ਵਿਚਾਰ ਵਟਾਂਦਰਾ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ ਅਤੇ ਮੌਜੂਦਾ ਸਰਕਾਰ ਦੇ 2 ਸਾਲਾਂ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਤਮ ਹੱਤਿਆਵਾਂ ਨੂੰ ਰੋਕਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ।

ਸੰਧਵਾਂ ਨੇ ਕਿਹਾ ਕਿ ਆਵਾਰਾ ਪਸੂਆਂ ਦਾ ਮੁੱਦਾ ਇਸ ਸਮੇਂ ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡੀ ਮੁਸ਼ਕਿਲ ਬਣ ਕੇ ਪੇਸ਼ ਆ ਰਿਹਾ ਹੈ ਪ੍ਰੰਤੂ ਕਿਸੇ ਵੀ ਸਰਕਾਰ ਨੇ ਇਸ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂ ਹਰ ਸਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਕਰ ਦਿੰਦੇ ਹਨ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਪ੍ਰੈਲ ਦੇ ਮਹੀਨੇ ਵਿੱਚ ਆਵਾਰਾ ਪਸੂਆਂ ਦੀ ਸਮੱਸਿਆ ਨੂੰ ਲੈ ਕੇ ਇੱਕ ਵੱਡਾ ਪ੍ਰੋਗਰਾਮ ਕਰੇਗੀ ਅਤੇ ਸਰਕਾਰ ਨੂੰ ਇਸ ਦੇ ਹੱਲ ਲੱਭਣ ਲਈ ਮਜਬੂਰ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਗਊ ਸੈੱਸ ਦੇ ਨਾਮ ‘ਤੇ ਲੋਕਾਂ ਕੋਲੋਂ ਪੈਸਾ ਲੈ ਰਹੀ ਹੈ ਪ੍ਰੰਤੂ ਆਵਾਰਾ ਪਸੂਆਂ ਦੀ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੀ।

ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿੰਗ ਦੇ ਬਾਕੀ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਦਾ ਕੱਲ੍ਹ ਐਲਾਨ ਕੀਤਾ ਜਾਵੇਗਾ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੁਸ਼ਕਲਾਂ ਲਈ ਗੰਭੀਰ ਹੈ ਅਤੇ ਉਨ੍ਹਾਂ ਦੇ ਹੱਲ ਲੱਭਣ ਲਈ ਹਰ ਸੰਭਵ ਯਤਨ ਕਰੇਗੀ। ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਸੰਧਵਾਂ ਨੇ ਕਿਹਾ ਕਿ ਉਹ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ ਲੈਂਦਿਆਂ ਸੂਬੇ ਵਿੱਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ।

Facebook Comment
Project by : XtremeStudioz