Close
Menu

ਕਿਸਾਨ ਵਿਰੋਧੀ ਨੀਤੀਆਂ ਨੇ ਦੇਸ਼ ਦੇ ਅੰਨਦਾਤਾ ਨੂੰ ਮੌਤ ਦੇ ਰਸਤੇ ਵੱਲ ਧੱਕਿਆ : ਹਰਪਾਲ ਸਿੰਘ ਚੀਮਾ

-- 28 March,2019

ਕੈਪਟਨ ਤੇ ਮੋਦੀ ਸਰਕਾਰ ਦੇ ਮੱਥੇ ‘ਤੇ ਕਲੰਕ ਹਨ ਹਰ ਰੋਜ਼ ਹੁੰਦੀਆਂ ਕਿਸਾਨ ਮਜ਼ਦੂਰ ਆਤਮ ਹੱਤਿਆਵਾਂ
ਕੈਪਟਨ ਦੀ ਵਾਅਦਾ ਖ਼ਿਲਾਫ਼ੀ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੌਸਲੇ ਕੀਤੇ ਪਸਤ

ਚੰਡੀਗੜ੍ਹ, 28 ਮਾਰਚ 2019
ਸਮੇਂ ਸਮੇਂ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਕਿਸਾਨ ਵਿਰੋਧੀ ਨੀਅਤ ਅਤੇ ਨੀਤੀਆਂ ਨੇ ਦੇਸ਼ ਦੇ ਅੰਨਦਾਤਾ ਨੂੰ ਮੌਤ ਦੇ ਮੂੰਹ ਵੱਲ ਧੱਕ ਦਿੱਤਾ ਹੈ। ਜਿੰਨੀ ਦੇਰ ਕੇਂਦਰ ਅਤੇ ਸੂਬਾ ਸਰਕਾਰਾਂ ਖੇਤੀ ਪੱਖੀ ਨੀਤੀਆਂ ਨੂੰ ਇਮਾਨਦਾਰੀ ਨਾਲ ਲਾਗੂ ਨਹੀਂ ਕਰਦੀਆਂ ਉਨ੍ਹਾਂ ਚਿਰ ਕਿਸਾਨ ਆਤਮ ਹੱਤਿਆਵਾਂ ਦਾ ਸਿਲਸਿਲਾ ਰੁਕਣਾ ਸੰਭਵ ਨਹੀਂ ਲੱਗ ਰਿਹਾ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣਾਂ ਮੌਕੇ ਜਿਹੜੇ ਵਾਅਦੇ ਕਿਸਾਨਾਂ ਨਾਲ ਕੀਤੇ ਸਨ ਉਹ ਵਫ਼ਾ ਨਾ ਕਰ ਕੇ ਕਿਸਾਨਾਂ ਦੇ ਹੌਸਲੇ ਪਸਤ ਕਰ ਦਿੱਤੇ ਹਨ। ਹਰ ਰੋਜ਼ ਸੁਰਖ਼ੀਆਂ ਬਣ ਰਹੀਆਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਤਮ ਹੱਤਿਆਵਾਂ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਮੱਥੇ ‘ਤੇ ਕਲੰਕ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਕੀਤਾ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਰੋਜ਼ਾਨਾ ਹੋ ਰਹੀ ਕਿਸਾਨਾਂ ਦੀ ਮੌਤ ਦਾ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਕੈਪਟਨ ਨੇ ਪੰਜਾਬ ਦੀ ਸੱਤਾ ਹਾਸਿਲ ਕਰਨ ਲਈ ਪੰਜਾਬ ਦੀ ਜਨਤਾ ਸਮੇਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰਜ਼ ਮੁਕਤ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਅਫ਼ਸੋਸ ਕੈਪਟਨ ਦੀ ਸਰਕਾਰ ਬਣੇ ਨੂੰ 2 ਸਾਲ ਤੋਂ ਜ਼ਿਆਦਾ ਦਾ ਸਮਾਂ ਬੀਤ ਗਿਆ ਹੈ, ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਇੱਕ ਵੀ ਵਾਅਦਾ ਤਾਂ ਕਿ ਪੂਰਾ ਕਰਨਾ ਸੀ ਬਲਕਿ ਕਿਸਾਨ ਦਾ ਕਰਜ਼ ਮੁਆਫ਼ ਕਰਨ ਦੇ ਨਾਮ ‘ਤੇ ਸਰਕਾਰੀ ਖ਼ਜ਼ਾਨੇ ਦੇ ਪੈਸੇ ਨਾਲ ਕਿਸਾਨ ਕਰਜ਼ ਮੁਆਫ਼ੀ ਯੋਜਨਾ ਦੇ ਨਾਮ ‘ਤੇ ਸਮਾਗਮਾਂ ਦਾ ਆਯੋਜਨ ਕਰ ਕੇ ਕਿਸਾਨਾਂ ਨਾਲ ਇੱਕ ਭੱਦਾ ਮਜ਼ਾਕ ਕੀਤਾ ਹੈ।
ਚੀਮਾ ਨੇ ਹਰ ਰੋਜ਼ ਹੋ ਰਹੀਆਂ ਆਤਮ-ਹੱਤਿਆਵਾਂ ਉੱਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਫਿਰ ਮੱਲੀਆਂ ਪਿੰਡ ਦੇ ਇੱਕ ਅੰਮ੍ਰਿਤਧਾਰੀ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ, ਕਿਉਂਕਿ ਉਸ ਦੇ ਸਿਰ ਕਰੀਬ 25 ਲੱਖ ਰੁਪਏ ਦਾ ਕਰਜ਼ ਸੀ। ਜਿਸ ਵਿਚ 15 ਲੱਖ ਬੈਂਕਾਂ ਦਾ ਅਤੇ 10 ਲੱਖ ਦੇ ਕਰੀਬ ਆੜ੍ਹਤੀਆਂ ਦਾ ਕਰਜ਼ਾ ਸੀ। ਜੇਕਰ ਕੈਪਟਨ ਸਰਕਾਰ ਨੇ ਅਸਲੀਅਤ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੁੰਦਾ ਤਾਂ ਅਜਿਹੀਆਂ ਆਤਮ ਹੱਤਿਆਵਾਂ ਦਾ ਰੁਝਾਨ ਇਸ ਖ਼ਤਰਨਾਕ ਸਥਿਤੀ ‘ਤੇ ਨਾ ਪਹੁੰਚਦਾ। ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਕਿਸਾਨਾਂ ਨਾਲ 2017 ਦੀਆਂ ਚੋਣਾਂ ਸਮੇਂ ਕੀਤੇ ਸਨ ਉਹ ਉਨ੍ਹਾਂ ਨੂੰ ਇਮਾਨਦਾਰੀ ਨਾਲ ਪੂਰਾ ਕਰੇ ਤਾਂ ਕਿ ਕਿਸਾਨਾਂ ਵੱਲੋਂ ਕੀਤੀ ਰਾਹੀ ਆਤਮ ਹੱਤਿਆਵਾਂ ਨੂੰ ਰੋਕਿਆ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਤਾਜ਼ਾ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਰਜ਼ੇ ਤੇ ਆਰਥਿਕ ਤੰਗੀ ਕਾਰਨ ਸਿਰਫ਼ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ 77 ਕਿਸਾਨਾਂ ਤੇ ਮਜ਼ਦੂਰਾਂ ਨੇ 2017 ਵਿਚ ਆਤਮ ਹੱਤਿਆ ਕੀਤੀਆਂ ਹਨ, ਜਦਕਿ ਸੂਬੇ ਭਰ ‘ਚ ਇੱਕ ਅੰਕੜਾ 1 ਹਜ਼ਾਰ ਤੋਂ ਉੱਪਰ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ (2007-2017) ਅਤੇ ਮੌਜੂਦਾ ਕਾਂਗਰਸ ਸਰਕਾਰ ਦੇ ਦੋ ਸਾਲ (2017-2019) ਦੇ ਰਾਜ ਦੌਰਾਨ ਇੱਕ ਵੀ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਤੱਕ ਨਹੀਂ ਮਿਲਿਆ। ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਖੁਦਕੁਸ਼ੀਆਂ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ ਪਰ ਅਜਿਹਾ ਕਰਨਾ ਤਾਂ ਦੂਰ ਸਗੋਂ ਆਤਮ ਹੱਤਿਆ ਕਰ ਚੱਕੇ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਚੀਮਾ ਨੇ ਕਿਹਾ ਕਿ 2017 ਵਿਚ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਕਿਸੇ ਵੀ ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਮੁਆਵਜ਼ਾ ਨਹੀਂ ਮਿਲਿਆ ਅਤੇ ਅਜੇ ਤੱਕ ਕਿਸਾਨਾਂ ਨੂੰ ਕਰਜ਼ ਮਾਫ਼ੀ ਵੀ ਨਹੀਂ ਮਿਲੀ, ਬਹੁਤੇ ਕਿਸਾਨ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਲਾਹਕਾਰਾਂ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਕਿਸਾਨਾਂ ਦੀ ਆਤਮ ਹੱਤਿਆ ਨੂੰ ਰੋਕਣ ਚਾਹੁੰਦੇ ਹਨ ਤਾਂ ਉਹ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਪੰਜਾਬ ਵਿਚ ਵੀ ਸਵਾਮੀਨਾਥਨ ਦੀ ਸਿਫ਼ਾਰਿਸ਼ਾਂ ਨੂੰ ਪੂਰਨ ‘ਤੇ ਲਾਗੂ ਕਰਨ ਤਾਂ ਹੀ ਦੇਸ਼ ਦੇ ਅੰਨਦਾਤਾ ਕਿਸਾਨਾਂ ਦੀ ਕੀਮਤੀ ਜ਼ਿੰਦਗੀਆਂ ਅਤੇ ਉਨ੍ਹਾਂ ਦੀਆਂ ਆਰਥਿਕ ਹਾਲਤਾਂ ਵਿਚ ਸੁਧਾਰ ਕੀਤਾ ਜਾ ਸਕਦਾ ਹੈ।

Facebook Comment
Project by : XtremeStudioz