Close
Menu

ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਡਾ. ਗਾਂਧੀ ਵੱਲੋਂ ਮੀਟਿੰਗ

-- 07 February,2015

ਪਟਿਆਲਾ, ਵੱਖ-ਵੱਖ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗੲੀ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਾਲ-ਨਾਲ ਸਮੁੱਚੀ ਪ੍ਰਕਿਰਿਆ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਇਹ ਮੀਟਿੰਗ ਸੰਸਦ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਐਮ.ਪੀ. ਲੈਡ, ਸੰਸਦ ਆਦਰਸ਼ ਗਰਾਮ ਯੋਜਨਾ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ, ਆਜੀਵਕਾ, ਰਾਜੀਵ ਗਾਂਧੀ ਵਿਦੁਤੀਕਰਨ ਯੋਜਨਾ, ਇੰਦਰਾ ਆਵਾਸ ਯੋਜਨਾ, ਮਗਨਰੇਗਾ, ਨਿਰਮਲ ਭਾਰਤ ਅਭਿਆਨ ਆਦਿ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਵੱਖ ਵੱਖ ਵਿਭਾਗਾਂ ਵੱਲੋਂ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਲਈ ਕੀਤੇ ਗਏ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਐਮ.ਪੀ. ਲੈਡ ਸਕੀਮ ਤਹਿਤ ਜ਼ਿਲ੍ਹੇ ਵਿੱਚ ਕੀਤੇ ਕਾਰਜਾਂ ਬਾਰੇ ਉਪ ਅਰਥ ਤੇ ਅੰਕੜਾ ਸਲਾਹਕਾਰ ਨੇ ਵਿੱਤੀ ਸਾਲ 2014-15 ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਡਾ. ਗਾਂਧੀ ਵੱਲੋਂ ਪਿੰਡ ਮਰੋੜੀ ਨੂੰ ਅਪਣਾਏ ਜਾਣ ਅਤੇ ਇਸ ਦਾ ਸਰਬਪੱਖੀ ਵਿਕਾਸ ਕਰਨ ਸਬੰਧੀ ਗਠਿਤ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਆਜੀਵਕਾ ਮਿਸ਼ਨ ਤਹਿਤ ਇਸ ਪਿੰਡ ਦੇ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਜਲਦੀ ਹੀ ਇਕ ਵਫ਼ਦ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਨੇ ਦੱਸਿਆ ਕਿ ਪਿੰਡ ਮਰੋੜੀ ਸਬੰਧੀ ਮੁੱਢਲਾ ਸਰਵੇਖਣ ਕਰਵਾ ਲਿਆ ਗਿਆ ਹੈ। ਮੀਟਿੰਗ ਦੌਰਾਨ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ ਤੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਸਬੰਧੀ ਸਮਾਜਿਕ ਸੁਰੱਖਿਆ ਅਧਿਕਾਰੀ ਨੇ ਜਾਣਕਾਰੀ ਦਿੱਤੀ। ਡਾ. ਗਾਂਧੀ ਨੇ ਕਿਹਾ ਕਿ ਪਿੰਡਾਂ ‘ਚ ਲਾਇਬਰੇਰੀਆਂ, ਜਿਮਨੇਜ਼ੀਅਮ, ਆਰ.ਓ. ਸਿਸਟਮ ਲਗਾਉਣ ਲਈ ਵੀ ਢੁਕਵੇਂ ਕਦਮ ਪੁੱਟੇ ਜਾਣਗੇ। ਡਿਪਟੀ ਕਮਿਸ਼ਨਰ ਸ਼੍ਰੀ ਰੂਜਮ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਮਨੇਜ਼ੀਅਮ ਤੇ ਆਰ.ਓ ਸਬੰਧੀ ਨਿਰਧਾਰਤ ਸਮੇਂ ਵਿੱਚ ਰਿਪੋਰਟ ਪੇਸ਼ ਕਰਨ ਤਾਂ ਜੋ ਆਉਣ ਵਾਲੇ ਸਮੇਂ ‘ਚ ਇਨ੍ਹਾਂ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ, ਐਸ.ਡੀ.ਐਮ ਪਟਿਆਲਾ ਗੁਰਪਾਲ ਸਿੰਘ ਚਹਿਲ, ਐਸ.ਡੀ.ਅੈਮ ਰਾਜਪੁਰਾ ਜੇ.ਕੇ. ਜੈਨ, ਐਸ.ਡੀ.ਐਮ ਨਾਭਾ ਸ਼੍ਰੀਮਤੀ ਅਮਰਬੀਰ ਕੌਰ, ਐਸ.ਡੀ.ਐਮ ਪਾਤੜਾਂ ਗੁਰਿੰਦਰਪਾਲ ਸਿੰਘ ਸਹੋਤਾ, ਐਸ.ਡੀ.ਐਮ ਸਮਾਣਾ ਅਮਿਤੇਸ਼ਵਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਿਨੋਦ ਗਾਗਟ ਆਦਿ ਹਾਜ਼ਰ ਸਨ।

Facebook Comment
Project by : XtremeStudioz