Close
Menu

ਕੈਪਟਨ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇ-ਕੁਲਤਾਰ ਸਿੰਘ ਸੰਧਵਾਂ

-- 05 March,2019

ਚੰਡੀਗੜ੍ਹ, ਮਾਰਚ 5, 2019
ਸੂਬੇ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਬੁਰੀ ਹਾਲਤ ਅਤੇ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਧਿਆਨ ਨਾ ਦੇਣ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਮੁਖੀ ਕੁਲਤਾਰ ਸਿੰਘ ਸੰਧਵਾਂ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ।
ਮੀਡੀਆ ਵਿਚ ਜਾਰੀ ਪ੍ਰੈੱਸ ਬਿਆਨ ਰਾਹੀਂ ਸੰਧਵਾਂ ਨੇ ਕਿਹਾ ਕਿ ਸੂਬੇ ਦਾ ਕਿਸਾਨ ਹੁਣ ਤੱਕ ਸਾਰੀਆਂ ਸਰਕਾਰਾਂ ਵੱਲੋਂ ਠਗਿਆ ਗਿਆ ਹੀ ਮਹਿਸੂਸ ਕਰ ਰਿਹਾ ਹੈ ਅਤੇ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੋਈ ਰਾਹ ਲੱਭਣ ਦੀ ਕੋਸ਼ਿਸ਼ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਵੀ ਕਿਸਾਨਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦਾ ਕਿਸਾਨ ਅਤੇ ਖੇਤ ਮਜਦੂਰ ਹਰ ਰੋਜ ਆਤਮ ਹੱਤਿਆ ਕਰ ਰਿਹਾ ਹੈ ਪ੍ਰੰਤੂ ਸਰਕਾਰ ਦੇ ਕੰਨਾਂ ‘ਤੇ ਕੋਈ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਸੂਬੇ ਦੇ ਕਿਸਾਨਾਂ ਦਾ ਪੂਰਾ ਕਰਜਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਸਥਾਪਤੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਇਸ ਤੋਂ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਰੁਖ਼ੀ ਕਾਰਨ ਹੀ ਸੂਬੇ ਦੇ ਕਿਸਾਨ ਡੀ.ਸੀ. ਤਰਨ ਤਾਰਨ ਦੇ ਦਫਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਹਨ ਅਤੇ ਸੂਬੇ ਭਰ ਵਿਚ ਰੇਲਾਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਅੰਦੋਲਨ ਦੇ ਚਾਰ ਦਿਨ ਬੀਤ ਜਾਣ ਤੋਂ ਬਾਅਦ ਅਤੇ ਜੇਲ੍ਹ ਭਰੋ ਅੰਦੋਲਨ ਦੀ ਚਿਤਾਵਨੀ ਤੋਂ ਬਾਅਦ ਵੀ ਸਰਕਾਰ ਦੀਆਂ ਅੱਖਾਂ ਨਹੀਂ ਖੋਲ੍ਹੀਆਂ ਹਨ।
ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੁਆਰਾ ਰੇਲਾਂ ਤੇ ਆਵਾਜਾਈ ਰੋਕਣ ਲਈ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਖ਼ੁਦ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਪ੍ਰੰਤੂ ਗੁੰਗੀ ਅਤੇ ਬੋਲੀ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਕੋਲ ਇਸ ਤੋਂ ਬਿਨਾਂ ਕੋਈ ਹੋਰ ਵਿਕਲਪ ਨਹੀਂ ਬਚਿਆ ਸੀ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦੇ ਤੁਰੰਤ ਹੱਲ ਲਈ ਕਿਸੇ ਕਮੇਟੀ ਦਾ ਗਠਨ ਕਰੇ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਤੋਂ ਬਿਨਾਂ ਸੂਬੇ ਦਾ ਹਰ ਵਰਗ ਜਿਨ੍ਹਾਂ ਵਿੱਚ ਅਧਿਆਪਕ ਸਰਕਾਰੀ ਕਰਮਚਾਰੀ ਉਦਯੋਗਪਤੀ ਨੌਜਵਾਨ ਦਲਿਤ ਅਤੇ ਗ਼ਰੀਬ ਸ਼ਾਮਿਲ ਹਨ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਗੰਨਾ ਉਤਪਾਦਕ ਹੁਣ ਤੱਕ ਆਪਣੇ 400 ਕਰੋੜ ਰੁਪਏ ਦੀ ਪਿਛਲੀ ਅਦਾਇਗੀ ਲਈ ਸੰਘਰਸ ਕਰ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਾਂਗ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੀ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ ਪ੍ਰੰਤੂ ਹੁਣ ਉਹ ਆਪਣੇ ਹਰ ਇੱਕ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਵਾਂਗ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨਾਂ ਲਈ ਸਵਾਮੀਨਾਥਨ ਕਮਿਸਨ ਦੀ ਰਿਪੋਰਟ ਨੂੰ ਲਾਗੂ ਕਰਨ ਉਨ੍ਹਾਂ ਦੀ ਆਮਦਨ ਵਧਾਉਣ ਦਲਿਤਾਂ ਲਈ ਰਾਸਨ ਨੌਜਵਾਨਾਂ ਲਈ ਨੌਕਰੀਆਂ ਅਤੇ ਮੋਬਾਈਲ ਫ਼ੋਨ ਅਤੇ ਕਿਸਾਨਾਂ ਦਾ ਸੰਪੂਰਨ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਉਹ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਤੋਂ ਸੇਧ ਲੈਂਦਿਆਂ ਪੰਜਾਬ ਸਰਕਾਰ ਤੁਰੰਤ ਸੂਬੇ ਵਿੱਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰੇ ਤਾਂ ਜੋ ਸੂਬੇ ਵਿੱਚ ਹਰ ਰੋਜ਼ ਹੋ ਰਹੀਆਂ ਕਿਸਾਨ ਖੁਦਕੁਸੀਆਂ ਉੱਤੇ ਰੋਕ ਲਗਾਈ ਜਾ ਸਕੇ।

Facebook Comment
Project by : XtremeStudioz