Close
Menu

ਕੈਪਟਨ ਸਰਕਾਰ ਗੰਨਾ ਕਿਸਾਨਾਂ ਨੂੰ ਨੋਟਿਸ ਦੀ ਥਾਂ ਬਕਾਇਆ ਰਾਸ਼ੀ ਦੇ ਚੈੱਕ ਭੇਜੇ-ਹਰਪਾਲ ਚੀਮਾ

-- 25 March,2019

ਚੰਡੀਗੜ੍ਹ, 25 ਮਾਰਚ 2019
ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਆਪਣੀ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੇ ਮਕਸਦ ਨਾਲ ਉਨ੍ਹਾਂ ‘ਤੇ ਪੁਲਿਸ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਨੋਟਿਸ ਭੇਜਣ ‘ਤੇ ਤਿੱਖਾ ਇਤਰਾਜ਼ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਨੇ ਸਰਕਾਰ ਦੀ ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ।
ਮੀਡੀਆ ਵਿਚ ਆਈਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧੂਰੀ ਦੇ ਐਸਡੀਐਮ ਦੁਆਰਾ ਖੇਤਰ ਵਿਚ ਆਪਣੀਆਂ ਮੰਗਾ ਲਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨੋਟਿਸ ਭੇਜਣਾ ਤਾਨਾਸ਼ਾਹੀ ਹੁਕਮ ਹੈ ਅਤੇ ਅਜਿਹਾ ਕਰ ਕੇ ਸਰਕਾਰ ਉਨ੍ਹਾਂ ਦੇ ਬੋਲਣ ਦੀ ਆਜ਼ਾਦੀ ‘ਤੇ ਰੋਕ ਲਗਾਉਣ ਦਾ ਕਾਰਜ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਨਿੱਜੀ ਖੰਡ ਮਿਲ ਮਾਲਕਾਂ ਨੂੰ ਬਚਾ ਕੇ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਕਿਸਾਨ ਅਤੇ ਹੋਰ ਵਰਗਾਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨ ਵਿਚ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਪਰੰਤੂ ਹੁਣ ਉਹ ਲੋਕਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਅਕਾਲੀ-ਭਾਜਪਾ ਦੁਆਰਾ ਸਤਾਏ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਤੋਂ ਪਰੇਸ਼ਾਨ ਕਿਸਾਨਾਂ ਕੋਲ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਹੈ, ਪਰੰਤੂ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ।
ਚੀਮਾ ਨੇ ਕਿਹਾ ਕਿ ਸੂਬੇ ਦੀਆਂ ਖੰਡ ਮਿਲਾਂ ‘ਤੇ ਕਾਂਗਰਸੀ ਅਤੇ ਅਕਾਲੀ-ਭਾਜਪਾ ਆਗੂਆਂ ਦਾ ਕਬਜ਼ਾ ਹੋਣ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀ ਅਦਾਇਗੀ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੀ ਸ਼ਕਤੀਸ਼ਾਲੀ ਲੀਡਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਬਚਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਕਿਸਾਨਾਂ ‘ਤੇ ਕੀਤੀ ਗਈ ਕਾਰਵਾਈ ਨੂੰ ਵਾਪਸ ਲਵੇ ਅਤੇ ਉਨ੍ਹਾਂ ਦੇ ਪੈਸੇ ਦਾ ਭੁਗਤਾਨ ਕਰੇ ਤਾਂ ਜੋ ਕਿਸਾਨ ਆਪਣੇ ਕਾਰਜ ਨਿਰਵਿਘਨ ਕਰ ਸਕਣ। ਸਰਕਾਰ ਨੂੰ ਚੇਤਾਵਨੀ ਦਿੰਦਿਆਂ ਚੀਮਾ ਨੇ ਕਿਹਾ ਕਿ ਕਿਸਾਨਾਂ ਦੀ ਰਾਸ਼ੀ ਦੀ ਅਦਾਇਗੀ ਨਾ ਹੋਣ ਦੀ ਸੁਰਤ ਵਿਚ ਆਮ ਆਦਮੀ ਪਾਰਟੀ ਸੂਬੇ ਵਿਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਐਸਡੀਐਮ ਦਫ਼ਤਰ ਦਾ ਘਿਰਾਓ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਲੀਡਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀਆਂ ਜੇਬਾਂ ਭਰਨ ਦੀ ਥਾਂ ਸੂਬੇ ਦੇ ਅੰਨਦਾਤਾ ਦੀਆਂ ਮੰਗਾਂ ਵੱਲ ਧਿਆਨ ਦੇਵੇ।

Facebook Comment
Project by : XtremeStudioz