Close
Menu

ਖੇਡ ਵਿਭਾਗ ਪੰਜਾਬ ਵੱਲੋਂ ਖੇਡ ਦਿਵਸ ਮੌਕੇ ਖਿਡਾਰੀਆਂ ਨੂੰ ਨਗਦ ਇਨਾਮਾਂ ਦਾ ਤੋਹਫਾ

-- 29 August,2015

*  ਵੱਖ-ਵੱਖ ਸ਼ਹਿਰਾਂ ਵਿੱਚ ਸਮਾਗਮਾਂ ਦੌਰਾਨ ਕੀਤਾ ਜਾਵੇਗਾ ਸਨਮਾਨਤ

ਚੰਡੀਗੜ੍ਹ, 29 ਅਗਸਤ:  ਖੇਡ ਵਿਭਾਗ, ਪੰਜਾਬ ਵੱਲੋਂ ਭਲਕੇ ਕੌਮੀ ਖੇਡ ਦਿਵਸ ਮੌਕੇ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸਹਿਰਾਂ ਵਿੱਚ ਰੱਖੇ ਸਮਾਗਮਾਂ ਵਿੱਚ ਸਾਲ 2010-11 ਤੋਂ ਸਾਲ 2014-15 ਤੱਕ ਪ੍ਰਾਪਤੀਆਂ ਖੱਟਣ ਵਾਲੇ 3293 ਖਿਡਾਰੀਆਂ ਨੂੰ 5.83 ਕਰੋੜ (5,83,44,900)  ਰੁਪਏ ਦੇ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।

ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਅੰਮ੍ਰਿਤਸਰ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਬਠਿੰਡਾ, ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਵਿਖੇ ਕੌਮੀ ਖੇਡ ਦਿਵਸ ਸਬੰਧੀ ਸਮਾਗਮ ਕਰਵਾ ਕੇ ਸਬੰਧਤ ਜ਼ਿਲ੍ਹਿਆਂ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਜਿਲ੍ਹਿਆਂ ਦੇ ਖਿਡਾਰੀਆਂ ਨੂੰ 31 ਅਗਸਤ ਨੂੰ ਸਮਾਗਮਾਂ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਲਕੇ 3293 ਖਿਡਾਰੀਆਂ ਨੂੰ 5,83,44,900 ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

ਡਾਇਰੈਕਟਰ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਮਹੀਨੇ 16 ਜੁਲਾਈ ਨੂੰ ਲਵਲੀ ਯੂਨੀਵਰਸਿਟੀ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਕੌਮੀ ਅਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਪੰਜਾਬ ਦੇ 306 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸੇ ਲੜੀ ਨੂੰ ਤੋਰਦਿਆਂ ਹੁਣ ਭਲਕੇ ਕੌਮੀ ਖੇਡ ਦਿਵਸ ਮੌਕੇ ਖਿਡਾਰੀਆਂ ਨੂੰ ਸਨਮਾਨਿਆ ਜਾ ਰਿਹਾ ਹੈ।|

ਉਨ੍ਹਾਂ ਦੱਸਿਆ ਕਿ ਸਾਲ 2010-11 ਲਈ 671 ਖਿਡਾਰੀਆਂ ਨੂੰ 98.6 ਲੱਖ ਰੁਪਏ, 2011-12 ਲਈ 495 ਖਿਡਾਰੀਆਂ ਨੂੰ 89.8 ਲੱਖ ਰੁਪਏ, ਸਾਲ 2012-13 ਲਈ 719 ਖਿਡਾਰੀਆਂ ਨੂੰ 1.05 ਕਰੋੜ ਰੁਪਏ, ਸਾਲ 2013-14 ਤੇ ਸਾਲ 2014-15 ਲਈ 1394 ਖਿਡਾਰੀਆਂ ਨੂੰ 2.42 ਕਰੋੜ ਰੁਪਏ ਅਤੇ ਕੌਮੀ ਖੇਡਾਂ-2015 ਕੇਰਲਾ ਲਈ 20 ਖਿਡਾਰੀਆਂ ਨੂੰ 40 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਭਲਕੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪਸ਼ੂ ਪਾਲਣ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ  ਅੰਮ੍ਰਿਤਸਰ ਜ਼ਿਲੇ ਦੇ ਖਿਡਾਰੀਆਂ, ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਮੁੱਖ ਸੰਸਦੀ ਸਕੱਤਰ ਸ. ਮਨਤਾਰ ਸਿੰਘ ਬਰਾੜ ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਤੇ ਮੋਗਾ ਜ਼ਿਲ੍ਹਿਆਂ ਦੇ ਖਿਡਾਰੀਆਂ, ਮਲਟੀਪਰਪਜ਼ ਸਟੇਡੀਅਮ ਹੁਸ਼ਿਆਰਪੁਰ ਵਿਖੇ ਸੱਭਿਆਚਾਰ ਮੰਤਰੀ ਸ. ਸੋਹਣ ਸਿੰਘ ਠੰਡਲ ਗੁਰਦਾਸਪੁਰ, ਹੁਸ਼ਿਆਰਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ ਖਿਡਾਰੀਆਂ, ਰੈਡ ਕਰਾਸ ਭਵਨ ਜਲੰਧਰ ਵਿਖੇ ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਖਿਡਾਰੀਆਂ, ਪਾਲ ਆਡੀਟੋਰੀਅਮ ਲੁਧਿਆਣਾ ਵਿਖੇ ਸਿੰਜਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਲੁਧਿਆਣਾ ਜ਼ਿਲੇ ਦੇ ਖਿਡਾਰੀਆਂ, ਹਾਕੀ ਸਟੇਡੀਅਮ ਬਠਿੰਡਾ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਬਠਿੰਡਾ, ਮਾਨਸਾ, ਬਰਨਾਲਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ਦੇ ਖਿਡਾਰੀਆਂ, ਪੋਲੋ ਗਰਾਊਂਡ ਪਟਿਆਲਾ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਪਟਿਆਲਾ ਜ਼ਿਲੇ ਦੇ ਖਿਡਾਰੀਆਂ, ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਵਿੱਤ ਮੰਤਰੀ ਸ.ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਜ਼ਿਲੇ ਦੇ ਖਿਡਾਰੀਆਂ ਅਤੇ ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਸਟੇਡੀਅਮ ਤਰਨਤਾਰਨ ਵਿਖੇ ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ ਤਰਨਤਾਰਨ ਜ਼ਿਲੇ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਫਤਹਿਗੜ੍ਹ ਸਾਹਿਬ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਜਿਲ੍ਹਿਆਂ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਬਾਸਕਟਬਾਲ, ਫੁੱਟਬਾਲ, ਹੈਂਡਬਾਲ ਅਤੇ ਵਾਲੀਬਾਲ ਖੇਡਾਂ ਦੀ ਲੀਗ ਵੀ ਸ਼ੁਰੂ ਕੀਤੀ ਜਾ ਰਹੀ ਹੈ।

Facebook Comment
Project by : XtremeStudioz