Close
Menu

ਜਿਆਣੀ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਤੇ ਜਲੰਧਰ ਦੇ ਸਿਵਲ ਹਸਪਤਾਲਾਂ ਦੀ ਅਚਨਚੇਤ ਚੈਕਿੰਗ

-- 21 December,2013

DSC_0450ਜਲੰਧਰ,21 ਦਸੰਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਜੀਅ ਤੋੜ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸੇ ਤਹਿਤ ਜਿਥੇ ਉਚ ਪੱਧਰ ਦੇ ਨਵੇਂ ਹਸਪਤਾਲਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਉਥੇ ਹਸਪਤਾਲਾਂ ਵਿਚ ਕੁਆਲੀਫਾਈਡ ਸਟਾਫ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਸੁਰਜੀਤ ਕੁਮਾਰ ਜਿਆਣੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਜਲੰਧਰ ਦੇ  ਸਿਵਲ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਡਾਕਟਰਾਂ ਅਤੇ ਸਟਾਫ ਨੂੰ ਵੱਖ-ਵੱਖ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਮਰੀਜ਼ਾਂ ਦੇ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤਣ ਅਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਸਟਾਫ ਦਾ ਮਰੀਜ਼ਾਂ ਪ੍ਰਤੀ ਵਤੀਰਾ ਵਧੀਆ ਅਤੇ ਹਮਦਰਦੀ ਭਰਿਆ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਧੀਆ ਕੰਮ ਕਰਨ ਵਾਲੇ ਡਾਕਟਰਾਂ ਦਾ ਸਨਮਾਨ ਕੀਤਾ ਜਾਵੇਗਾ। ਸ੍ਰੀ ਜਿਆਣੀ ਨੇ ਕਿਹਾ ਕਿ ਹਸਪਤਾਲਾਂ ਵਿਚ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਛਾਂਦਾਰ ਰੁੱਖ ਵੀ ਲਗਾਏ ਜਾਣਗੇ। ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਉਹ ਮਰੀਜ਼ ਨੂੰ ਬਾਹਰੋਂ ਦਵਾਈ ਲੈਣ ਲਈ ਲਿਖਣ ਦੀ ਬਜਾਏ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਦਵਾਈਆਂ ਹੀ ਦੇਣ। ਉਨ੍ਹਾਂ ਇਸ ਮੌਕੇ ਪਾਈਆਂ ਘਾਟਾਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਪਹਿਲੇ ਪੜਾਅ ਦੀ ਚੈਕਿੰਗ ਹੈ ਜਿਸ ਦੌਰਾਨ ਨਰਮ ਵਤੀਰਾ ਅਪਣਾਇਆ ਗਿਆ ਹੈ ਪਰੰਤੂ ਦੂਸਰੇ ਪੜਾਅ ਦੌਰਾਨ ਸਖ਼ਤ ਵਤੀਰਾ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਮਹੀਨੇ ਬਾਅਦ ਫਿਰ ਚੈਕਿੰਗ ਕੀਤੀ ਜਾਵੇਗੀ ਅਤੇ ਉਸ ਦੌਰਾਨ ਜੇਕਰ ਇਨ੍ਹਾਂ ਘਾਟਾਂ ਵਿਚ ਕੋਈ ਸੁਧਾਰ ਨਾ ਲਿਆਂਦਾ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਜਿਆਣੀ ਨੇ ਕਿਹਾ ਕਿ ਸਿਵਲ ਹਸਪਤਾਲ ਜਲੰਧਰ ਦਾ ਇਕ ਮਹੀਨੇ ਦੇ ਅੰਦਰ-ਅੰਦਰ ਕਾਇਆ ਕਲਪ ਕੀਤਾ ਜਾਵੇਗਾ। ਉਨ੍ਹਾਂ ਡਾਇਰੈਕਟਰ ਸਿਹਤ ਅਤੇ ਵਿਭਾਗ ਦੇ ਤਕਨੀਕੀ ਵਿੰਗ ਨੂੰ ਹਦਾਇਤ ਕੀਤੀ ਕਿ ਉਹ ਕੱਲ੍ਹ ਹੀ ਇਸ ਬਾਰੇ ਮੀਟਿੰਗ ਕਰਕੇ ਉਨ੍ਹਾਂ ਨੂੰ ਰਿਪੋਰਟ ਦੇਣ ਕਿ ਕਿਹੜੇ-ਕਿਹੜੇ ਕੰਮ ਕੀਤੇ ਜਾਣੇ ਹਨ। ਇਸ ਮੌਕੇ ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਲਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੱਖ-ਵੱਖ ਬਿਮਾਰੀਆਂ ਦੀਆਂ 159 ਤਰ੍ਹਾਂ ਦੀਆਂ ਦਵਾਈਆਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਰੱਖ-ਰਖਾਅ ਦਾ ਵੀ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਐਲੋਪੈਥੀ ਦੇ ਨਾਲ-ਨਾਲ ਹੋਮਿਉਪੈਥੀ ਅਤੇ ਆਯੂਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਸਰਕਾਰ ਵੱਲੋਂ ਸੂਬੇ ਦੇ 100 ਹਸਪਤਾਲਾਂ ਦੀ ਪਹਿਚਾਣ ਕੀਤੀ ਗਈ ਹੈ, ਜਿਥੇ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਸ੍ਰੀ ਬਲਜੀਤ ਸਹੋਤਾ ਪ੍ਰੈਸ ਸਕੱਤਰ, ਸ੍ਰੀ ਰਕੇਸ਼ ਸਹਿਗਲ, ਡਾ ਆਰ ਐਲ ਬੱਸਣ ਸਿਵਲ ਸਰਜਨ ਜਲੰਧਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Facebook Comment
Project by : XtremeStudioz