Close
Menu

‘ਤੱਕੜੀ ਵਿਚ ਤੁਲੇ’ ਜਗਮੀਤ ਬਰਾੜ

-- 21 April,2019

ਸ੍ਰੀ ਮੁਕਤਸਰ ਸਾਹਿਬ, 21 ਅਪਰੈਲ
ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹੇ ਜਗਮੀਤ ਸਿੰਘ ਬਰਾੜ ਨੇ ਅੱਜ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸ੍ਰੀ ਬਰਾੜ ਦੇ ਘਰ ਵਿੱਚ ਹੋਏ ਸਮਾਗਮ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ, ਮੁਕਤਸਰ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਣੇ ਹੋਰ ਅਕਾਲੀ ਆਗੂ ਮੌਜੂਦ ਸਨ।
ਆਪਣੇ ਸੰਬੋਧਨ ਦੌਰਾਨ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਦੀ ਕੇਂਦਰ ਵਿੱਚ ਵੱਡੀ ਹਾਰ ਤੋਂ ਬਾਅਦ ਕਾਂਗਰਸ ਨੂੰ ਮੰਥਨ ਕਰਨ ਲਈ ਆਖਿਆ ਸੀ ਤਾਂ ਜੋ ਲੋਕ ਸਭਾ ਦੀਆਂ 144 ਸੀਟਾਂ ਤੋਂ 44 ਸੀਟਾਂ ’ਤੇ ਸਿਮਟੀ ਪਾਰਟੀ ਸੁਧਾਰ ਕਰ ਸਕੇ ਪਰ ਬਜਾਏ ਮੰਥਨ ਦੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਇਸੇ ਤਰ੍ਹਾਂ ਕਾਂਗਰਸ ਦੇ ਐੱਮ.ਪੀ. ਹੁੰਦਿਆਂ ਉਨ੍ਹਾਂ ਪਾਰਲੀਮੈਂਟ ’ਚ ਦਿੱਲੀ ਦੰਗਿਆਂ ਖ਼ਿਲਾਫ਼ ਆਵਾਜ਼ ਉਠਾਈ ਸੀ ਤੇ ਸੱਜਣ ਕੁਮਾਰ ਤੇ ਟਾਈਟਲਰ ਦਾ ਵਿਰੋਧ ਕੀਤਾ ਸੀ, ਉਦੋਂ ਤੋਂ ਹੀ ਉਹ ਕਾਂਗਰਸ ਦੀਆਂ ਅੱਖਾਂ ਵਿੱਚ ਰੜਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਜਦੋਂ ਸਾਰੇ ਸਿਆਸੀ ਰਸਤੇ ਬੰਦ ਹੋ ਗਏ ਤਾਂ ਉਨ੍ਹਾਂ ਨੂੰ ਅਕਾਲੀ ਦਲ ’ਚ ਸ਼ਾਮਲ ਕਰਨ ’ਤੇ ਉਹ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਅਤੇ ਹੁਣ ਅਕਾਲੀ ਦਲ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗਾ, ਉਹ ਪੂਰੀ ਦ੍ਰਿੜ੍ਹਤਾ ਨਾਲ ਨਿਭਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗਾ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਕੌਮੀ ਪਾਰਟੀ ਹੋਣ ਦੇ ਬਾਵਜੂਦ ਅਜੇ ਤੱਕ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਖੜ੍ਹੇ ਨਹੀਂ ਕਰ ਸਕੀ। ਉਨ੍ਹਾਂ ਐਮਰਜੈਂਸੀ, ਸਾਕਾ ਨੀਲਾ ਤਾਰਾ ਤੇ ਚੰਡੀਗੜ੍ਹ ਮਸਲਿਆਂ ਨੂੰ ਕਾਂਗਰਸ ਸਰਕਾਰ ਨੂੰ ਕਸੂਰਵਾਰ ਦੱਸਿਆ ਅਤੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਮੂਹਰੇ ਰਿਹਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਝੱਖੜ ਤੇ ਬਾਰਸ਼ ਕਾਰਨ ਖ਼ਰਾਬ ਹੋਈ ਫ਼ਸਲ ਦੇ ਨੁਕਸਾਨ ਦੀ ਗਿਰਦਾਵਰੀ ਕਰਾਉਣ ਦੀ ਅਪੀਲ ਕੀਤੀ। ਉਨ੍ਹਾਂ ਜਗਮੀਤ ਸਿੰਘ ਬਰਾੜ ਨੂੰ ਰੱਜ ਕੇ ਸਲਾਹਿਆ।
ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇਣ ਦੇ ਸਵਾਲ ਦਾ ਜਵਾਬ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਦਾ ਅਕਾਲੀ ਦਲ ਵਿੱਚ ਬਿਨਾਂ ਸ਼ਰਤ ਦਾਖ਼ਲਾ ਹੋਇਆ ਹੈ।

Facebook Comment
Project by : XtremeStudioz