Close
Menu

ਨਰਮੇ ਦੀ ਬਰਬਾਦੀ ਲੲੀ ਤੋਤਾ ਸਿੰਘ ਜ਼ਿੰਮੇਵਾਰ: ‘ਆਪ’

-- 02 October,2015

ਅੰਮ੍ਰਿਤਸਰ,2 ਅਕਤੂਬਰ
ਆਮ ਆਦਮੀ ਪਾਰਟੀ ਨੇ ਮਾਲਵੇ ਵਿੱਚ ਨਰਮੇ ਦੀ ਬਰਬਾਦੀ ਲਈ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਖਿਲਾਫ ਕਾਰਵਾਈ ਅਤੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਹ ਮੰਗ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੈ ਸਿੰਘ ਨੇ ਕੀਤੀ। ਉਹ ਅੱਜ ਇਥੇ ਰਾਜਾਸਾਂਸੀ ਹਲਕੇ ਵਿੱਚ ਕੀਤੀ ਰੈਲੀ ਵਿੱਚ ਸ਼ਾਮਲ ਹੋਣ ਲਈ ਆਏ ਸਨ।
ੳੁਨ੍ਹਾਂ ਆਖਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਖਰੀਦੀਆਂ ਗਈਆਂ ਕੀਟਨਾਸ਼ਕ ਦਵਾਈਆਂ ਕਾਰਨ ਮਾਲਵਾ ਪੱਟੀ ਵਿੱਚ ਨਰਮੇ ਦਾ ਵੱਡਾ ਖਰਾਬਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਖਰੀਦ ਲਈ ਸਿੱਧੇ ਤੌਰ ’ਤੇ ਖੇਤੀਬਾੜੀ ਮੰਤਰੀ ਜ਼ਿੰਮੇਵਾਰ ਹੈ ਪਰ ਸਰਕਾਰ ਨੇ ਖੇਤੀਬਾੜੀ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਵਿਭਾਗ ਦੇ ਡਾਇਰੈਕਟਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਖੇਤੀਬਾੜੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਹੁਦੇ ਤੋਂ ਹਟਾਇਆ ਜਾਵੇ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਸਬੰਧੀ ਇੱਕ ਕਿਸਾਨ ਨੂੰ ਮੁਆਵਜ਼ੇ ਸਬੰਧੀ ਸਿਰਫ 11 ਰੁਪਇਆਂ ਦਾ ਚੈੱਕ ਦਿੱਤਾ ਗਿਆ ਹੈ, ਜੋ ਕਿ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਕਿ ਪਾਰਟੀ ਵੱਲੋਂ ਸ਼ੁਰੂ ਕੀਤੀ ਪੰਜਾਬ ਜੋੜੋ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ ਅਤੇ ਇਸ ਤਹਿਤ 32 ਰੈਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਵਾਸਤੇ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਨਵੇਂ ਵਰ੍ਹੇ ਤੋਂ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ, ਜਿਸ ਤਹਿਤ ਪੰਜਾਬ ਬੋਲਦਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਵੱਖ ਵੱਖ ਮੁੱਦਿਆਂ ’ਤੇ ਲੋਕਾਂ ਵਿੱਚ ਜਾ ਕੇ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਕਿ ਹੁਕਮਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਸਿਆਸੀ ਹਿੱਤਾਂ ਲਈ ਜੋ ਠੀਕ ਲਗਦਾ ਹੈ, ਉਹ ਹੀ ਜਥੇਦਾਰਾਂ ਤੋਂ ਕਰਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਜੋੜੋ ਮੁਹਿੰਮ ਤਹਿਤ ਭਲਕੇ ਕਲਾਨੌਰ ਵਿੱਚ ਆਖਰੀ ਰੈਲੀ ਹੋਵੇਗੀ।

Facebook Comment
Project by : XtremeStudioz