Close
Menu

ਨਿੱਜੀ ਕੰਪਨੀਆਂ ਨਾਲ ਕੀਤੇ ਇਕਰਾਰਨਾਮੇ ਰੱਦ ਕਰਵਾਉਣ ਤੱਕ ਜਾਰੀ ਰਹੇਗਾ ਸੰਘਰਸ਼-ਭਗਵੰਤ ਮਾਨ

-- 07 March,2019

ਬਿਜਲੀ ਬਿੱਲ ਮੁਆਫ਼ ਕਰਵਾ ਕੇ ਆਮ ਆਦਮੀ ਪਾਰਟੀ ਨੇ ਅੱਧੀ ਜੰਗ ਜਿੱਤੀ

ਚੰਡੀਗੜ੍ਹ, 7 ਮਾਰਚ 2019

ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਬਿਜਲੀ ਅੰਦੋਲਨ ਦੇ ਨਤੀਜੇ ਵਜੋਂ ਕਾਂਗਰਸ ਸਰਕਾਰ ਦੁਆਰਾ ਐਸਸੀ/ਬੀਸੀ ਅਤੇ ਬੀਪੀਐਲ ਪਰਿਵਾਰਾਂ ਦੇ ਬਿੱਲ ਮਾਫ਼ ਕਰਨ ਉੱਤੇ ਪ੍ਰਤੀਕਿਰਿਆ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਜਿਹਾ ਕਰ ਕੇ ਅਜੇ ਸਿਰਫ਼ ਅੱਧੀ ਜੰਗ ਜਿੱਤੀ ਹੈ ਅਤੇ ਪਿਛਲੀ ਸਰਕਾਰ ਦੁਆਰਾ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਿਛਲੇ ਕਈ ਮਹੀਨਿਆਂ ਤੋਂ ਸੂਬੇ ਵਿੱਚ ਬਿਜਲੀ ਦੇ ਵੱਧ ਬਿੱਲਾਂ ਦਾ ਮੁੱਦਾ ਚੁੱਕਦੀ ਆ ਰਹੀ ਹੈ ਅਤੇ ਬਿਜਲੀ ਸੁਣਵਾਈਆਂ ਦੌਰਾਨ ਲੋਕਾਂ ਦੇ ਲੱਖਾਂ ਰੁਪਏ ਦੇ ਬਿੱਲ ਮੁਆਫ਼ ਕਰਵਾਏ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਉਠਾਇਆ ਸੀ ਜਿਸ ਦੇ ਫਲਸਰੂਪ ਕਾਂਗਰਸ ਪਾਰਟੀ ਨੂੰ ਸੂਬੇ ਦੇ ਐਸਸੀ/ ਬੀਸੀ ਅਤੇ ਬੀਪੀਐਲ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨੇ ਪਏ ਹਨ। ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਖ਼ੁਦ ਬਿਜਲੀ ਉਤਪਾਦਕ ਹੋਣ ਦੇ ਬਾਵਜੂਦ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਮਹਿੰਗੀ ਬਿਜਲੀ ਮਿਲ ਰਹੀ ਹੈ ਜਦੋਂ ਕਿ ਦਿੱਲੀ ਵਰਗੇ ਸੂਬੇ ‘ਚ ਹੋਰ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਸਸਤੇ ਰੇਟਾਂ ਤੇ ਬਿਜਲੀ ਮੁਹੱਈਆ ਕਰਵਾ ਰਹੇ ਹਨ।

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਹੈ ਅਤੇ ਚੋਣਾਂ ਤੋਂ ਪਹਿਲਾਂ ਬਠਿੰਡਾ ਥਰਮਲ ਪਲਾਂਟ ਸਮੇਤ ਬਾਕੀ ਸਰਕਾਰੀ ਪਲਾਂਟ ਚਲਾ ਕੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਦਾ ਵਾਅਦਾ ਵੀ ਹੁਣ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਨਿੱਜੀ ਬਿਜਲੀ ਕੰਪਨੀਆਂ ਨਾਲ ਲੋਕ ਮਾਰੂ ਇਕਰਾਰਨਾਮੇ ਕੀਤੇ ਗਏ ਸਨ ਪ੍ਰੰਤੂ ਲੋਕਾਂ ਨੂੰ ਆਸ ਸੀ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਪ੍ਰੰਤੂ ਕਾਂਗਰਸ ਸਰਕਾਰ ਵੀ ਇਸ ਮਾਫ਼ੀਆ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਮਾਨ ਨੇ ਕਿਹਾ ਕਿ ਇਹ ਗੱਲ ਸਪੱਸ਼ਟ ਹੈ ਕਿ ਆਮ ਆਦਮੀ ਲੋਕਾਂ ਨਾਲ ਜੁੜੇ ਕਿਸੇ ਮੁੱਦੇ ਨੂੰ ਚੁੱਕਣ ਵਿੱਚ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਹੁਣ ਵੀ ਪਿੰਡ-ਪਿੰਡ ਜਾ ਕੇ ਬਿਜਲੀ ਸੁਣਵਾਈਆਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਪੈਸੇ ਨੂੰ ਪਾਰਟੀ ਵਿਅਰਥ ਨਹੀਂ ਜਾਣ ਦੇਵੇਗੀ ਅਤੇ ਜਿਹੜੇ ਵੀ ਲੋਕ ਅਜਿਹੇ ਲੋਕ ਮਾਰੂ ਕਾਰਜਾਂ ਲਈ ਜ਼ਿੰਮੇਵਾਰ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਵਾ ਕੇ ਹੀ ਸਾਹ ਲਵੇਗੀ।

Facebook Comment
Project by : XtremeStudioz