Close
Menu

ਪੈਟਰੋਲੀਅਮ ਮੰਤਰਾਲੇ ਦੇ ਖੁਫ਼ੀਆ ਦਸਤਾਵੇਜ਼ ਲੀਕ: ਦੋ ਮੁਲਾਜ਼ਮਾਂ ਸਣੇ ਪੰਜ ਗ੍ਰਿਫ਼ਤਾਰ

-- 19 February,2015

* ਦੋਸ਼ੀ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੰਤਰੀ

ਨਵੀਂ ਦਿੱਲੀ, ਪੈਟਰੋਲੀਅਮ ਮੰਤਰਾਲੇ ਦੇ ਗੁਪਤ ਦਸਤਾਵੇਜ਼ ਪ੍ਰਾਈਵੇਟ ਕੰਪਨੀਆਂ ਨੂੰ ਲੀਕ ਕਰਨ ਦੇ ਦੋਸ਼ ਵਿੱਚ ਮੰਤਰਾਲੇ ਦੇ ਦੋ ਮੁਲਾਜ਼ਮਾਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਿੱਲੀ ਪੁਲੀਸ ਦੇ ਸੂਤਰਾਂ ਅਨੁਸਾਰ ਇਸ ਕੇਸ ਵਿੱਚ ਮੰਤਰਾਲੇ ਦਾ ਇਕ ਕਲਰਕ ਤੇ ਇਕ ਚਪੜਾਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਰੁੱਧ ਸਰਕਾਰੀ ਦਸਤਾਵੇਜ਼ ਕਾਨੂੰਨ ਤਹਿਤ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਪੈਸਿਆਂ ਦੇ ਬਦਲੇ ਪ੍ਰਾਈਵੇਟ ਕੰਪਨੀਆਂ ਨੂੰ ਮੰਤਰਾਲੇ ਦੀ ਖ਼ੁਫ਼ੀਆ ਜਾਣਕਾਰੀ ਦਿੰਦੇ ਸਨ।
ਉਧਰ ਤੇਲ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਮੰਤਰਾਲੇ ਦੇ ਇਨ੍ਹਾਂ ਦੋਵਾਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਕਿਸੇ ਕਾਰਪੋਰੇਟ ਲਾਬੀ ਦੇ ਸ਼ਾਮਲ ਹੋਣ ਬਾਰੇ ਮੰਤਰੀ ਨੇ ਕਿਹਾ ਕਿ ਫਿਲਹਾਲ ਕੁਝ ਕਹਿਣਾ ਜਲਦਬਾਜ਼ੀ ਹੈ ਕਿਉਂਕਿ ਪੁਲੀਸ ਜਾਂਚ ਕਰ ਰਹੀ ਹੈ।
ਉਨ੍ਹਾਂ ਇਸ ਕੇਸ ਨੂੰ ਬਹੁਤ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਮੰਤਰਾਲੇ ਅੰਦਰ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸੇ ਦੌਰਾਨ ਦਿੱਲੀ ਪੁਲੀਸ ਦੇ ਕਮਿਸ਼ਨਰ ਭੀਮ ਸੈਨ ਬੱਸੀ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਪਾਸੋਂ ਕੁਝ ਊਰਜਾ ਸਲਾਹਕਾਰ ਤੇ ਤੇਲ ਖੇਤਰ ਵਿਚਲੀਆਂ ਕੰਪਨੀਆਂ ਇਹ ਦਸਤਾਵੇਜ਼ ਲੈਂਦੀਆਂ ਸਨ।
ਇਹ ਮੁਲਾਜ਼ਮ ਦਸਤਾਵੇਜ਼ਾਂ ਦੀਆਂ ਫੋਟੋਕਾਪੀਆਂ ਆਪਣੇ ਗਾਹਕਾਂ ਨੂੰ ਵੇਚਦੇ ਸਨ। ਪੁਲੀਸ ਪੂਰੀ ਤਰ੍ਹਾਂ ਜਾਂਚ ਕਰ ਰਹੀ ਹੈ ਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਪੁਲੀਸ ਅਨੁਸਾਰ ਭਾਵੇਂ ਇਸ ਮਾਮਲੇ ਵਿੱਚ ਕਿਸੇ ਕੰਪਨੀ ਦਾ ਕੋਈ ਮੁਲਾਜ਼ਮ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ, ਪਰ ਜਿਹੜੀਆਂ ਫਰਮਾਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ, ਉਨ੍ਹਾਂ ਨੂੰ ਜਾਂਚ ’ਚ ਸ਼ਾਮਲ ਕਰਨ ਲਈ ਨੋਟਿਸ ਭੇਜੇ ਜਾਣਗੇ।

Facebook Comment
Project by : XtremeStudioz