Close
Menu

ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦੀ ਸਾਰ ਲਵੇ ਪ੍ਰਧਾਨ ਮੰਤਰੀ: ਮਜੀਠੀਆ

-- 30 September,2015

ਜੈਂਤੀਪੁਰ, 30 ਸਤੰਬਰ: ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਸਨਅਤਕਾਰਾਂ ਦੀ ਆਵਾਜ਼ ਸੁਣਦਿਆਂ ਉਨ੍ਹਾਂ ਦੀ ਬਾਂਹ ਫੜਨ ਅਤੇ ਇਹਨਾਂ ਨੂੰ  ਦਰਪੇਸ਼ ਮਸਲਿਆਂ ਦਾ ਠੋਸ ਹਲ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਸ੍ਰੀ ਮਜੀਠੀਆ ਅੱਜ ਗੁਰੂ ਰਾਮਦਾਸ ਦੇ ਸੇਵਕ ਬਾਬਾ ਭਾਈ ਸਾਲ੍ਹੋ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਵਾਉਣ ਲਈ ਆਏ ਸਨ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਖ ਵੱਖ ਸਮੇਂ ਕੇਂਦਰ ਸਰਕਾਰ ਕੋਲ ਰਾਜ ਦੇ ਮਸਲਿਆਂ ਨੂੰ ਪੁਰਜ਼ੋਰ ਤਰੀਕੇ ਨਾਲ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਨਾਲ ਕੀਤੀਆਂ ਵਧੀਕੀਆਂ ਦੇ ਮੱਦੇਨਜ਼ਰ ਕੇਂਦਰ ਦੀ ਐਨ. ਡੀ. ਏ ਸਰਕਾਰ ਪੰਜਾਬ ਨਾਲ ਪੂਰਾ ਨਿਆਂ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੀਆਂ ਕਰਨੀਆਂ ਦੀ ਸਜ਼ਾ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣੀ ਪਵੇਗੀ ਕਿਉਂਕਿ ਪਿਛਲੇ 8 ਸਾਲਾਂ ਤੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ’ਚ ਕਰਵਾਏ ਲਾ ਮਿਸਾਲ ਵਿਕਾਸ ਸਾਹਮਣੇ ਕਾਂਗਰਸ ਕਿਤੇ ਵੀ ਨਹੀਂ ਟਿਕਦੀ। ਸ੍ਰੀ ਮਜੀਠੀਆ ਨੇ ਕਿਹਾ ਕਿ ਐਨ. ਈ. ਏ ਸਰਕਾਰ ਨੇ ਆਉਂਦਿਆਂ ਸਾਰ ਹੀ ਇੱਕ ਸਾਲ ਦੇ ਵਕਫ਼ੇ ਦੌਰਾਨ ਪੰਜਾਬ ਨੂੰ ਆਈ. ਆਈ. ਐੱਮ, ਏਮਜ਼, ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ, ਮੁਹਾਲੀ ਅੰਤਰਰਾਸ਼ਟਰੀ ਏਅਰਪੋਰਟ ਦੀ ਸ਼ੁਰੂਆਤ ਆਦਿ ਰਾਹੀਂ ਪੰਜਾਬ ਅੰਦਰ ਚੱਲ ਰਹੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਬਲ ਦਿੱਤਾ ਹੈ।
ਇਸ ਤੋਂ ਪਹਿਲਾਂ ਮਾਲ ਤੇ ਲੋਕ ਸੰਪਰਕ ਮੰਤਰੀ ਨੇ ਬਾਬਾ ਭਾਈ ਸਾਲ੍ਹੋ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ।  ਅੱਜ ਡੇਰਾ ਭਾਈ ਸਾਲ੍ਹੋ ਮਜੀਠਾ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਮੰਤਰੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਅਤੇ ਮਹਾਪੁਰਸ਼ਾਂ ਵੱਲੋਂ ਦਰਸਾਏ ਗਏ ਰਸਤੇ ‘ਤੇ ਚਲਦਿਆਂ ਗਰੀਬ ਤੇ ਲੋੜਵੰਦਾਂ ਦੀ ਸੇਵਾ ਦੇ ਨਾਲ ਨਾਲ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਲਈ ਜ਼ੋਰਦਾਰ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਮਾਦਾ ਭਰੂਣ ਹੱਤਿਆ ਲਈ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦਾ ਮੇਲਾ ਪ੍ਰਬੰਧਕ ਕਮੇਟੀ ਦੇ ਮੁਖੀ ਬਾਬਾ ਗੁਰਦਿਆਲ ਸਿੰਘ ਵੱਲੋਂ ਸਿਰੋਪਾਉ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

Facebook Comment
Project by : XtremeStudioz