Close
Menu

ਪੰਜਾਬ ਲੋਕਾਂ ਨੂੰ ਅਤਿ-ਅਧੁਨਿਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਵਾਲੇ ਸੂਬੇ ਵੱਜੋਂ ਉੱਭਰ ਕੇ ਸਾਹਮਣੇ ਆਵੇਗਾ – ਬਾਦਲ

-- 26 October,2013

final-1ਲੁਧਿਆਣਾ,26 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਵਾਲੇ ਸੂਬੇ ਵੱਜੋਂ ਉੱਭਰ ਕੇ ਸਾਹਮਣੇ ਆਵੇਗਾ, ਜਿੱਥੇ ਉਚ ਯੋਗਤਾ ਵਾਲੇ ਡਾਕਟਰਾਂ ਦੀ ਦੇਖ-ਰੇਖ ਹੇਠ ਕੈਂਸਰ ਦੀ ਬਿਮਾਰੀ ਦਾ ਇਲਾਜ਼ ਕੀਤਾ ਜਾਵੇਗਾ ਅਤੇ ਦੁਨੀਆ ਭਰ ਦੇ ਲੋਕ ਕੈਂਸਰ ਦੀ ਬਿਮਾਰੀ ਦਾ ਇਲਾਜ਼ ਪੰਜਾਬ ‘ਚੋਂ ਕਰਵਾਉਣ ਨੂੰ ਪਹਿਲ ਦੇਣਗੇ। ਸ੍ਰ. ਬਾਦਲ ਨੇ ਅੱਜ ਇੱਥੇ ਭਾਈ ਰਣਧੀਰ ਸਿੰਘ ਨਗਰ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਈ.ਐਮ.ਏ. ਭਵਨ ਦਾ ਉਦਘਾਟਨ ਕਰਨ ਉਪਰੰਤ ਮੈਡੀਕਲ ਕਮਿਊਨਿਟੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਸੂਬੇ ਅੰਦਰ ਵਿਸ਼ਵ ਪੱਧਰੀ ਸਿਹਤ ਸੰਭਾਲ ਵਾਤਾਵਰਣ ਸਿਰਜਿਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਡਵੀਜ਼ਨਲ, ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ ਤੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਅਪਗਰੇਡ ਕਰਨ ਲਈ 350 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਨਵਾਂ ਅਤੇ ਅਧੁਨਿਕ ਸਾਜੋ-ਸਮਾਨ ਮੁਹੱਈਆ ਕਰਵਾਇਆ ਜਾਵੇਗਾ।
ਸ੍ਰ. ਬਾਦਲ ਨੇ ਕਿਹਾ ਕਿ ਦੇਸ਼ ਦੀ ਪ੍ਰਸਿੱਧ ਟਾਟਾ ਮੈਮੋਰੀਅਲ ਸੈਂਟਰ ਵੱਲੋਂ ਮੁਲਾਂਪੁਰ ਵਿਖੇ 50 ਏਕੜ ਰਕਬੇ ਵਿੱਚ 100 ਬੈਡ ਦਾ ਕੈਂਸਰ ਹਸਪਤਾਲ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦੀ ਯੋਜਨਾ ਕਮਿਸ਼ਨ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਬਠਿੰਡਾ ਵਿਖੇ 300 ਬੈਡ ਦਾ ਕੈਂਸਰ ਹਸਪਤਾਲ ਖੋਲਿਆ ਜਾਵੇਗਾ। ਉਹਨਾਂ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਿਖੇ ਕੈਂਸਰ ਦੀ ਬਿਮਾਰੀ ਦੇ ਇਲਾਜ਼ ਲਈ ਆਧੁਨਿਕ ਸਾਜੋ-ਸਮਾਨ ਮੁਹੱਈਆ ਕਰਵਾਇਆ ਗਿਆ ਹੈ ਅਤੇ ਅੰਮ੍ਰਿਤਸਰ ਤੇ ਪਟਿਆਲਾ ਦੇ ਮੈਡੀਕਲ ਕਾਲਜ਼ਾਂ ਵਿੱਚ ਕੈਂਸਰ ਦੀ ਬਿਮਾਰੀ ਦੇ ਇਲਾਜ਼ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੀ ਬਿਮਾਰੀ ਨੂੰ ਖਤਮ ਕਰਨ ਲਈ ਹਰ ਸਾਲ 300 ਕਰੋੜ ਰੁਪਏ ਦੀ ਰਾਸ਼ੀ ਦਾ ਕੈਂਸਰ ਅਤੇ ਡਰੱਗ ਡੀ-ਅਡਿਕਸ਼ਨ ਟਰੀਟਮੈਂਟ ਫੰਡ ਕਾਇਮ ਕੀਤਾ ਗਿਆ ਹੈ।
ਸ੍ਰ. ਬਾਦਲ ਨੇ ਕਿਹਾ ਕਿ ਸੂਬੇ ਅੰਦਰ 25 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ,ਜਲੰਧਰ, ਪਟਿਆਲਾ, ਫਰੀਦਕੋਟ ਅਤੇ ਬਠਿੰਡਾ ਵਿਖੇ  5 ਨਸ਼ਾ ਛੁਡਾਊ ਕੇਂਦਰ ਖੋਲੇ ਜਾ ਰਹੇ ਹਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਨਾਉਣ ਲਈ ਮੁਹਿੰਮ ਵਿੱਢੀ ਗਈ ਹੈ। ਉਹਨਾਂ ਨੇ ਡਾਕਟਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਗਰੀਬ ਲੋਕਾਂ ਦਾ ਇਲਾਜ਼ ਘੱਟ ਖਰਚੇ ‘ਤੇ ਕੀਤਾ ਜਾਵੇ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ। ਉਹਨਾਂ ਸਰਕਾਰੀ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਡਿਊਟੀ ਸਮੇਂ ਤੋਂ ਇਲਾਵਾ ਵੀ ਲੋਕਾਂ ਦੀ ਸੇਵਾ ਅਤੇ ਇਲਾਜ਼ ਕਰਨ ਨੂੰ ਪਹਿਲ ਦੇਣ। ਉਹਨਾਂ ਨੇ ਡਾਕਟਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੇਂਡੂ ਖੇਤਰਾਂ ਵਿੱਚ ਮਹੀਨੇ ਵਿੱਚ ਇੱਕ ਦਿਨ ਸਮਾਜ ਸੇਵਾ ਕਰਨ। ਇਸ ਮੌਕੇ ਤੇ ਉਹਨਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਤੇ ਸ੍ਰ.ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਲੋਕਾਂ ਦੀ ਭਲਾਈ ਲਈ ਵਿਲੱਖਣ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਕੈਂਸਰ ਦੇ ਮਰੀਜ਼ ਨੂੰ 1.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਤੇ ਸ੍ਰ. ਗੁਰਕੀਰਤ ਕ੍ਰਿਪਾਲ ਸਿੰਘ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸ੍ਰੀ ਰਜਤ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ, ਡਾ. ਮਨੋਜ਼ ਕੁਮਾਰ ਸੋਬਤੀ ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ, ਸ੍ਰ. ਹਰਚਰਨ ਸਿੰਘ ਗੋਹਲਵੜੀਆ ਮੇਅਰ ਨਗਰ-ਨਿਗਮ ਲੁਧਿਆਣਾ, ਡਾ. ਕਰਮਵੀਰ ਗੋਇਲ ਪ੍ਰਧਾਨ ਆਈ.ਐਮ.ਏ. ਲੁਧਿਆਣਾ, ਡਾ. ਮਾਲਤੀ ਥਾਪਰ ਪ੍ਰਧਾਨ ਆਈ.ਐਮ.ਏ. ਲੁਧਿਆਣਾ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਡਾਕਟਰ ਸਾਹਿਬਾਨ ਹਾਜ਼ਰ ਸਨ।

Facebook Comment
Project by : XtremeStudioz