Close
Menu

ਪੰਜਾਬ ਵਿਸ਼ੇਸ਼ ਪੈਕੇਜ ਦਾ ਹੱਕਦਾਰ: ਹਰਸਿਮਰਤ

-- 02 October,2015

ਬਠਿੰਡਾ, 2 ਅਕਤੂਬਰ:ਕੇਂਦਰੀ ਫੂਡ ਪ੍ਰੋਸਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਜਿਨ੍ਹਾਂ ਨੇ ਹਮੇਸ਼ਾ ਹੀ ਸੰਸਦ ਵਿੱਚ ਕਿਸਾਨਾਂ ਨਾਲ ਸਬੰਧਤ ਮੁੱਦੇ ਜ਼ੋਰ ਸ਼ੋਰ ਨਾਲ ਉਠਾਏ ਹਨ, ਨੇ ਅੱਜ ਕਿਹਾ ਕਿ ਪੰਜਾਬ ਇੱਕ ਵਿਸ਼ੇਸ਼ ਵਿੱਤੀ ਪੈਕੇਜ ਹਾਸਲ ਕਰਨ ਦਾ ਹੱਕਦਾਰ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਇਸ ਮੰਗ ਨੂੰ ਮੋਹਰੀ ਹੋ ਕੇ ਉਠਾਇਆ ਹੈ।
ਪੰਜਾਬ ਨੂੰ ਵਿਸ਼ੇਸ਼ ਪੈਕੇਜ ਬਾਰੇ ਵਿਰੋਧੀ ਧਿਰ ਦੇ ਇਲਜ਼ਾਮਾਂ ਨੂੰ ਖਾਰਜ ਕਰਦੇ ਹੋਏ ਸ੍ਰੀਮਤੀ ਬਾਦਲ ਨੇ ਕਿਹਾ ਕਿ, ”ਕੇਂਦਰੀ ਮੰਤਰੀ ਹੋਣ ਦੇ ਨਾਤੇ ਮੈਂ ਵਿਸ਼ੇਸ਼ ਪੈਕੇਜ ਪੰਜਾਬ ਲਈ ਹਾਸਲ ਕਰਨ ਹਿੱਤ ਕੋਈ ਕਸਰ ਬਾਕੀ ਨਹੀਂ ਛੱਡਾਂਗੀ ਕਿਉਂਜੋ ਪੰਜਾਬ ਨੇ ਕੌਮੀ ਆਜ਼ਾਦੀ ਦੇ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ, ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ ਅਤੇ ਬਾਹਰੀ ਹਮਲਿਆਂ ਤੋਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਚਾਇਆ ਹੈ।”
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਅਤੇ ਆਪਣੀ ਸਿਆਸੀ ਅਹਿਮੀਅਤ ਗਵਾ ਚੁੱਕੇ ਵਿਅਕਤੀ, ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿਸ ਪਾਰਟੀ ਨਾਲ ਸਬੰਧ ਰੱਖਦੇ ਹਨ, ਲੋਕਾਂ ਦੁਆਰਾ ਲਗਾਤਾਰ ਨਕਾਰ ਦਿੱਤੇ ਜਾਣ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਹਨ ਅਤੇ ਹੁਣ ਉਹ ਮੁੱਦੇ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ ਜਿਨ੍ਹਾਂ ਦਾ ਕੋਈ ਵਜੂਦ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ, ”ਮੈਂ ਇਹ ਗੱਲ ਕਹਿਣਾ ਚਾਹਾਂਗੀ ਕਿ ਪੰਜਾਬੀ ਹੋਣ ਦੇ ਨਾਤੇ ਪੰਜਾਬ ਨਾਲ ਜੁੜਿਆ ਕੋਈ ਵੀ ਮਸਲਾ ਮੇਰੇ ਲਈ ਬਹੁਤ ਮਹੱਤਵ ਰੱਖਦਾ ਹੈ। ਮੈਂ ਹਮੇਸ਼ਾ ਹੀ ਸੰਸਦ ਵਿੱਚ ਕਿਸਾਨਾਂ ਦੀ ਹਾਲਤ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ ਹੈ। ਮੈਂ ਇਹ ਕਿਵੇਂ ਕਹਿ ਸਕਦੀ ਹਾਂ ਕਿ ਪੰਜਾਬ ਨੂੰ ਵਿਸ਼ੇਸ਼ ਪੈਕੇਜ਼ ਦੀ ਲੋੜ ਹੀ ਨਹੀਂ ਹੈ।”
ਸ੍ਰੀਮਤੀ ਬਾਦਲ ਨੇ ਕਿਹਾ ਕਿ ਸਿਆਸੀ ਤੌਰ ‘ਤੇ ਮਹੱਤਵਹੀਣ ਹੋ ਚੁੱਕੇ ਲੋਕ, ਜੋ ਕਿ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਆਪਣੇ ਬੀਤੇ ਸਮੇਂ ਦੇ ਵਿਵਹਾਰ ‘ਤੇ ਝਾਤੀ ਮਾਰਨ ਜਿਸ ਵਿੱਚ ਉਨ੍ਹਾਂ ਵਲੋਂ ਦਿੱਤੇ ਗਏ ਇਹ ਜਨਤਕ ਬਿਆਨ ਵੀ ਸ਼ਾਮਲ ਹਨ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਲਈ ਮੁਫ਼ਤ ਬਿਜਲੀ ਸਬਸਿਡੀ ਬੰਦ ਕਰ ਦੇਣੀ ਚਾਹੀਦੀ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ, ”ਅਜਿਹੇ ਲੋਕ ਜਿਨ੍ਹਾਂ ਨੇ ਕਦੇ ਵੀ ਕਿਸਾਨਾਂ ਦੇ ਹਿੱਤਾਂ ਦਾ ਪੱਖ ਨਹੀਂ ਪੂਰਿਆ, ਕਿਸਾਨੀ ਦੇ ਮਸਲਿਆਂ ਬਾਰੇ ਬੋਲਣ ਦੇ ਹੱਕਦਾਰ ਨਹੀਂ ਹਨ।”
ਕੇਂਦਰੀ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਆਰਥਿਕ ਪੈਕੇਜ ਸੂਬੇ ਦੀ ਇੱਕ ਜਾਇਜ਼ ਮੰਗ ਹੈ ਕਿਉਂਜੋ ਪੰਜਾਬ ਨੇ ਦਹਿਸ਼ਤਵਾਦ ਦੇ ਦਿਨਾਂ ਦੌਰਾਨ ਬਹੁਤ ਸੰਤਾਪ ਭੋਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸੂਬੇ ਦੀ ਮੰਗ ‘ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਅਪੀਲ ਕੀਤੀ ਹੈ।
ਸ੍ਰੀਮਤੀ ਬਾਦਲ ਨੇ ਇਹ ਵੀ ਕਿਹਾ ਕਿ ਕੇਂਦਰ ਵਿੱਚ ਸੱਤਾ ‘ਤੇ ਕਾਬਜ ਰਹੀਆਂ ਸਮੇਂ-ਸਮੇਂ ਦੀਆਂ ਕਾਂਗਰਸੀ ਸਰਕਾਰਾਂ ਕਿਸਾਨੀ ਦਾ ਲੱਕ ਤੋੜਨ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਸਰਕਾਰ ਤੋਂ ਪੰਜਾਬ ਨੂੰ ਬਹੁਤ ਲਾਭ ਪੁੱਜਿਆ ਹੈ ਪਰ ਕਿਸੇ ਵੀ ਸਰਕਾਰ ਦੀ ਕਾਰਗੁਜਾਰੀ ਦਾ ਮੁਲਾਂਕਣ ਕਰਨ ਲਈ ਇੱਕ ਵਰ੍ਹੇ ਦਾ ਸਮਾਂ ਬਹੁਤ ਘੱਟ ਹੈ। ਉਨ੍ਹਾਂ ਅਗਾਂਹ ਕਿਹਾ ਕਿ ,”ਮੈਨੂੰ ਯਕੀਨ ਹੈ ਕਿ ਕੇਂਦਰ ਵਿਚਲੀਆਂ ਕਾਂਗਰਸੀ ਸਰਕਾਰਾਂ ਵਲੋਂ ਪੰਜਾਬ ਨਾਲ ਕੀਤੇ ਗਏ ਪੱਖਪਾਤੀ ਵਤੀਰੇ ਅਤੇ ਵਿਤਕਰੇ ਦੀ ਕਹਾਣੀ ਦਾ ਅੰਤ ਐਨ.ਡੀ.ਏ. ਵਲੋਂ ਕੀਤਾ ਜਾਵੇਗਾ।”
ਸ੍ਰੀਮਤੀ ਬਾਦਲ ਨੇ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਬਠਿੰਡਾ ਵਿਖੇ ਉਨ੍ਹਾਂ ਨੇ ਚਿੱਟੀ ਮੱਖੀ ਦੇ ਹਮਲੇ ਤੋਂ ਪੀੜਤ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਗੱਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪਹਿਲਾਂ ਹੀ 600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਉਨ੍ਹਾਂ ਕਿਸਾਨਾਂ ਲਈ ਕਰ ਦਿੱਤਾ ਹੈ ਜਿਨ੍ਹਾਂ ਦੀਆਂ ਫਸਲਾਂ ਨੂੰ ਸੂਬੇ ਵਿੱਚ ਚਿੱਟੀ ਮੱਖੀ ਦੇ ਹਮਲੇ ਕਾਰਨ ਨੁਕਸਾਨ ਪਹੁੰਚਿਆ ਸੀ। ਉਨ੍ਹਾਂ ਦੱਸਿਆ ਕਿ ਕਾਂਗਰਸ ਅਤੇ ਕੁੱਝ ਸਿਆਸਤ ਵਿੱਚ ਮਹੱਤਵ ਗਵਾ ਚੁੱਕੇ ਲੋਕ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੇ ਹਨ ਅਤੇ ਇਸਨੂੰ ਤੂਲ ਦੇ ਕੇ ਕਿਸਾਨਾਂ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ, ”ਅਸੀਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨਾਲ ਉਨ੍ਹਾਂ ਦੀ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਖੜ੍ਹੇ ਹਾਂ।”
ਸ੍ਰੀਮਤੀ ਬਾਦਲ ਨੇ ਕਿਹਾ ਕਿ ਇਹ ਬਿਲਕੁੱਲ ਸੱਚ ਹੈ ਕਿ ਜਦੋਂ ਵੀ ਪੰਜਾਬ ਦੇ ਕਿਸਾਨਾ ਨੂੰ ਕੋਈ ਮੁਸ਼ਕਿਲ ਪੇਸ਼ ਆਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੀ ਬਾਂਹ ਫੜੀ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਸਦਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਪਾਹ ਦੇ ਕਿਸਾਨਾਂ ਲਈ ਰਾਹਤ ਦੀ ਕਰਮ 3600 ਪ੍ਰਤੀ ਏਕੜ ਤੋਂ ਵਧਾ ਕੇ 8000 ਪ੍ਰਤੀ ਏਕੜ ਕਰ ਦਿੱਤੀ ਹੈ ਅਤੇ ਜਿਸਦਾ ਕੁੱਝ ਹਿੱਸਾ ਸੂਬਾ ਸਰਕਾਰ ਵਲੋਂ ਅਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਹੀ ਇਸ ਮਕਸਦ ਲਈ 600 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

Facebook Comment
Project by : XtremeStudioz