Close
Menu

ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦੀ ਮੰਗ ਬੇਤੁਕੀ: ਸੁਖਬੀਰ

-- 06 May,2015

ਦਸੂਹਾ,  ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਮੋਗਾ ਬੱਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਾਂਗਰਸ ਤੇ ਹੋਰ ਪਾਰਟੀਆਂ ਵੱਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨੀ ਬੇਤੁਕੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਤੁਰੰਤ ਤੇ ਸਖਤ ਕਾਰਵਾਈ ਕੀਤੀ ਹੈ।  ਸ੍ਰੀ ਬਾਦਲ ਇੱਥੇ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292 ਵੇਂ ਜਨਮ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਬਤੌਰ ਮੁੱਖ ਮਹਿਮਾਨ ਪੁੱਜੇ ਸਨ।  ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਤੇ ‘ਆਪ’ ਵੱਲੋਂ ਇਸ ਦੁੱਖ ਦੀ ਘੜੀ ਦਾ ਵੀ ਸਿਆਸੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
ਸ੍ਰੀ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ  15 ਕਰੋੜ ਰੁਪਏ ਜਾਰੀ ਕੀਤੇ ਜਾਣਗੇ ਜਿਸ ਤਹਿਤ ਪੀਣ ਵਾਲੇ ਪਾਣੀ ਤੇ ਸੀਵਰੇਜ ਤੋਂ ਇਲਾਵਾ ਹੋਰ ਅਨੇਕਾਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਅਟੁੱਟ ਹੈ ਅਤੇ  2017 ਵਿੱਚ ਵੀ ਸੱਤਾ ਵਿੱਚ ਆਵੇਗਾ। ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਬਾਰੇ ੳੁਨ੍ਹਾਂ ਕਿਹਾ ਕਿ ਰਾਹੁਲ ਦੇ ਲੋਕ ਦਿਖਾਵਿਆਂ ਤੋਂ ਲੋਕ ਭਲੀ-ਭਾਂਤ ਜਾਣੂ ਹਨ। ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਰਾਹ ’ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ। ਪਿੰਡ ਸਿੰਘ ਪੁਰ ਜੱਟਾਂ ਵਿਚਲੇ ਇਤਿਹਾਸਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸ੍ਰੀ ਬਾਦਲ ਨੇ ਮੌਕੇ ’ਤੇ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ। ਉਨ੍ਹਾਂ ਪਿੰਡ ਸਿੰਘ ਪੁਰ ਜੱਟਾਂ ਅਤੇ ਸਿੰਘ ਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਮੁੱਖ ਪਾਰਲੀਮਾਨੀ ਸਕੱਤਰ ਮਹਿੰਦਰ ਕੌਰ ਜੋਸ਼, ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ  ਅਤੇ ਅਰੁਣੇਸ਼ ਸ਼ਾਕਿਰ, ਸਰਬਜੋਤ ਸਿੰਘ ਸਾਬੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਤੋਂ ਇਲਾਵਾ ਕਈ ਹੋਰ ਪਤਵੰਤੇ ਮੌਜੂਦ ਸਨ।

Facebook Comment
Project by : XtremeStudioz