Close
Menu

ਪੰਜਾਬ ਸਰਕਾਰ ਪ੍ਰਵਾਸੀ ਮਜ਼ਦੂਰਾਂ ਨੂੰ ਮਕਾਨ ਬਣਾ ਕੇ ਦੇਵੇਗੀ : ਬਾਦਲ

-- 05 November,2013

Badal_(Free_Education)_1383571050ਅੰਮ੍ਰਿਤਸਰ,5 ਨਵੰਬਰ (ਦੇਸ ਪ੍ਰਦੇਸ ਟਾਈਮਜ਼)-  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ‘ਚ ਵੱਡਾ ਯੋਗਦਾਨ ਪਾਉਣ ਵਾਲੇ ਪ੍ਰਵਾਸੀ ਮਜਦੂਰਾਂ ਨੂੰ ਸੂਬਾ ਸਰਕਾਰ ਵੱਲੋਂ ਸ਼ਹਿਰਾਂ ‘ਚ 3 ਹਜਾਰ ਮਕਾਨ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਰਾਂ ਨੂੰ ਬਣਾਉਣ ਲਈ ਸਰਕਾਰ ਵੱਲੋਂ ਜ਼ਮੀਨ ਮੁਫਤ ਦਿੱਤੀ ਜਾਵੇਗੀ ਅਤੇ ਮਕਾਨ ਦੀ ਉਸਾਰੀ ‘ਤੇ ਜੋ ਖਰਚਾ ਆਵੇਗਾ ਉਹ ਕਿਸ਼ਤਾਂ ‘ਚ ਲਿਆ ਜਾਵੇਗਾ।
ਅੱਜ ਅੰਮ੍ਰਿਤਸਰ ਵਿਖੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਮਨਾਏ ਗਏ ਪ੍ਰਕਾਸ਼ ਉਤਸਵ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਮੁੱਖ ਮੰਤਰੀ ਸ. ਬਾਦਲ ਨੇ ਪ੍ਰਵਾਸੀ ਮਜਦੂਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਤੇ ਸਨਅਤੀ ਤਰੱਕੀ ‘ਚ ਪ੍ਰਵਾਸੀ ਮਜ਼ਦੂਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਪ੍ਰਵਾਸੀ ਮਜ਼ਦੂਰਾਂ ਨੇ ਆਪਣੀ ਮਿਹਨਤ ਨਾਲ ਸੂਬੇ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਹੈ। ਸ. ਬਾਦਲ ਨੇ ਕਿਹਾ ਕਿ ਮਿਹਨਤਕਸ਼ ਪ੍ਰਵਾਸੀ ਮਜ਼ਦੂਰਾਂ ਦੀਆਂ ਜਰੂਰਤਾਂ ਦਾ ਖਿਆਲ ਰੱਖਣਾ ਤੇ ਉਨ੍ਹਾਂ ਨੂੰ ਪੂਰਾ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਸਰਕਾਰ ਆਪਣੇ ਇਸ ਫਰਜ਼ ਤੋਂ ਕਦੇ ਪਿਛੇ ਨਹੀਂ ਹਟੇਗੀ।
ਮੁੱਖ ਮੰਤਰੀ ਸ. ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ‘ਚ ਜਿਥੇ ਵੀ ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ ਹਨ ਜਾਂ ਜਿਸ ਇਲਾਕੇ ਉਹ ਜਿਆਦਾ ਗਿਣਤੀ ‘ਚ ਰਹਿੰਦੇ ਹਨ ਉਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਾਇਮਰੀ ਸਕੂਲ ਤੇ ਡਿਸਪੈਂਸਰੀਆਂ ਖੋਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਹੁਤ ਛੇਤੀ ਅਜਿਹੀਆਂ ਬਸਤੀਆਂ ਦੀ ਸ਼ਨਾਖਤ ਕਰਕੇ ਉਥੇ ਬਣਨ ਵਾਲੇ ਸਕੂਲਾਂ, ਡਿਸਪੈਂਸਰੀਆਂ ਲਈ ਜ਼ਮੀਨ ਦਾ ਪ੍ਰਬੰਧ ਕਰਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਵਾਸੀ ਮਜਦੂਰਾਂ ਦੇ ਨੀਲੇ ਕਾਰਡ ਵੀ ਬਣਾਏ ਜਾਣਗੇ ਤਾਂ ਜੋ ਸਸਤਾ ਆਟਾ ਦਾਲ ਯੋਜਨਾ ਦਾ ਲਾਭ ਪ੍ਰਵਾਸੀ ਮਜਦੂਰਾਂ ਨੂੰ ਵੀ ਮਿਲ ਸਕੇ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸਸਤਾ ਆਟਾ ਦਾਲ ਯੋਜਨਾ ਦਾ ਘੇਰਾ ਵਧਾ ਕੇ ਦੁਗਣਾ ਕਰਨ ਜਾ ਰਹੀ ਹੈ ਅਤੇ ਹੁਣ ਅੱਗੇ ਤੋਂ ਨੀਲੇ ਕਾਰਡ ‘ਤੇ ਇੱਕ ਰੁਪਏ ਕਿਲੋ ਆਟਾ ਮਿਲਿਆ ਕਰੇਗਾ।
ਸ. ਬਾਦਲ ਨੇ ਕਿਹਾ ਕਿ ਪ੍ਰਵਾਸੀ ਮਜਦੂਰਾਂ ਦੇ ਰਾਸ਼ਨ ਕਾਰਡ, ਵੋਟਰ ਕਾਰਡ, ਅਧਾਰ ਕਾਰਡ ਪਹਿਲ ਦੇ ਅਧਾਰ ‘ਤੇ ਬਣਾ ਕੇ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਹਦਾਇਤ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਪ੍ਰਵਾਸੀ ਮਜਦੂਰ ਕਈ-ਕਈ ਸਾਲਾਂ ਤੋਂ ਇਥੇ ਰਹਿ ਰਹੇ ਹਨ ਉਨ੍ਹਾਂ ਦੇ ਰਾਸ਼ਨ ਕਾਰਡ ਬਣਾ ਕੇ ਦੇਣ ਲਈ ਸੋਮਵਾਰ ਨੂੰ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇ ਅਤੇ ਬਿਨਾਂ ਕੋਈ ਪੈਸਾ ਲਿਆਂ ਪ੍ਰਵਾਸੀ ਮਜ਼ਦੂਰਾਂ ਦੇ ਮੌਕੇ ‘ਤੇ ਹੀ ਰਾਸ਼ਨ ਕਾਰਡ ਬਣਾ ਕੇ ਦਿੱਤੇ ਜਾਣ।
ਇਸੇ ਦੌਰਾਨ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਪਵਿੱਤਰ ਹੈ ਅਤੇ ਸਾਰੀ ਦੁਨੀਆਂ ਦੇ ਕਿਰਤੀ ਅੱਜ ਬਾਬਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਸਾਨੂੰ ਹੱਥੀਂ ਕਿਰਤ ਕਰਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਮਿਸ਼ਨਰੀ ਦਾ ਸਾਰਾ ਵਿਕਾਸ ਬਾਬਾ ਜੀ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸੁਭਾਗ ਹੈ ਕਿ ਉਹ ਹਰ ਮਹਾਂ-ਪੁਰਸ਼ ਦਾ ਦਿਹਾੜਾ ਸਰਕਾਰੀ ਤੌਰ ‘ਤੇ ਮਨਾਉਂਦੀ ਹੈ ਅਤੇ ਅੱਜ ਬਾਬਾ ਜੀ ਦਾ ਪ੍ਰਕਾਸ਼ ਉਤਸਵ ਵੀ ਸਰਕਾਰੀ ਤੌਰ ‘ਤੇ ਮਨਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਕਿਹਾ ਕਿ ਅਜ਼ਾਦੀ ਦੇ 65 ਸਾਲਾਂ ਬਾਅਦ ਵੀ ਜੇਕਰ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਨਸੀਬ ਨਹੀਂ ਹੋਈਆਂ ਤਾਂ ਇਸ ਲਈ ਦੇਸ਼ ‘ਤੇ ਸਭ ਤੋਂ ਲੰਮਾਂ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਮੀਰ ਲੋਕਾਂ ਦਾ ਸਾਥ ਦਿੰਦੀ ਹੈ ਗਰੀਬਾਂ ਦਾ ਨਹੀਂ। ਉਨ੍ਹਾਂ ਕਿਹਾ ਕਿ ਗਰੀਬੀ ਹਟਾਓ ਦੇ ਨਾਅਰੇ ਦੇ ਕੇ ਰਾਜ ਕਰਨ ਵਾਲੀ ਕਾਂਗਰਸ ਨੇ ਦੇਸ਼ ‘ਚੋਂ ਗਰੀਬੀ ਤਾਂ ਕੀ ਦੂਰ ਕਰਨੀ ਸੀ ਬਲਕਿ ਇਸਦੀਆਂ ਲੋਕ ਵਿਰੋਧੀਆਂ ਨੀਤੀਆਂ ਨੇ ਆਮ ਲੋਕਾਂ ਦਾ ਜੀਵਨ ਇੰਨ੍ਹਾਂ ਦੁਭਰ ਕਰ ਦਿੱਤਾ ਹੈ ਕਿ ਹੁਣ ਤਾਂ ਗਰੀਬ ਖੁਦ ਖਤਮ ਹੋਣ ਦੇ ਕਿਨਾਰੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਲੋਕ ਵਿਰੋਧੀ, ਗਰੀਬ ਵਿਰੋਧੀ ਪਾਰਟੀ ਨੂੰ ਸੱਤਾ ‘ਚੋਂ ਲਾਂਭੇ ਰੱਖਣਾ ਹੀ ਦੇਸ਼ ਦੇ ਹਿੱਤ ਵਿੱਚ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਪਾਰਲੀਮਾਨੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਪ੍ਰਵਾਸੀ ਮਜਦੂਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਹੈ ਅਤੇ ਉਨ੍ਹਾਂ ਦੀ ਹਰ ਮੰਗ ਨੂੰ ਪੂਰਿਆਂ ਕੀਤਾ ਜਾਵੇਗਾ। ਇਸੇ ਦੌਰਾਨ ਪ੍ਰਵਾਸੀ ਮਜ਼ਦੂਰ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਉੱਤਰ ਪ੍ਰਦੇਸ਼ ਕਲਿਆਣ ਪਰਿਸ਼ਦ ਦੇ ਪ੍ਰਧਾਨ ਸ੍ਰੀ ਆਰ.ਸੀ. ਯਾਦਵ ਨੇ ਪ੍ਰਵਾਸੀ ਮਜ਼ਦੂਰਾਂ ਦੀਆਂ ਮੰਗਾਂ ਮੁੱਖ ਮੰਤਰੀ ਸ. ਬਾਦਲ ਅੱਗੇ ਰੱਖੀਆਂ ਅਤੇ ਇਸ ਗੱਲ ਦਾ ਯਕੀਨ ਦਵਾਇਆ ਕਿ ਪ੍ਰਵਾਸੀ ਮਜ਼ਦੂਰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਉਦਯੋਗਪਤੀ ਕਮਲ ਡਾਲਮੀਆ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ, ਭਾਈ ਰਜਿੰਦਰ ਸਿੰਘ ਮਹਿਤਾ ਵੀ ਹਾਜ਼ਰ ਸਨ।

Facebook Comment
Project by : XtremeStudioz