Close
Menu

ਫ਼ਿਲਮ ‘ਨਾਨਕ ਸ਼ਾਹ ਫਕੀਰ’ ’ਤੇ ਰੋਕ ਲਈ ਪ੍ਰਧਾਨ ਮੰਤਰੀ ਨੂੰ ਅਪੀਲ

-- 11 April,2015

ਅੰਮ੍ਰਿਤਸਰ, ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਪੱਤਰ ਭੇਜ ਕੇ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ’ਤੇ ਪਾਬੰਦੀ ਲਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਿੱਖ ਜਥੇਬੰਦੀ ਵੱਲੋਂ ਫ਼ਿਲਮ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਵੀ ਕੀਤਾ ਗਿਆ।
ਅੈਸਜੀਪੀਸੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਫ਼ਿਲਮ ਦੇ ਮਾਮਲੇ ਵਿੱਚ ਨਾ ਤਾਂ ਸੈਂਸਰ ਬੋਰਡ ਵਿੱਚ ਕੋਈ ਸਿੱਖ ਮੈਂਬਰ ਰੱਖਿਆ ਗਿਆ ਤੇ ਨਾ ਹੀ ਇਸ ਬਾਰੇ ਸ਼੍ਰੋਮਣੀ ਕਮੇਟੀ ਨਾਲ ਕੋਈ ਵਿਚਾਰ ਕਰ ਕੇ ਸਹਿਮਤੀ ਲਈ ਗਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿੱਚ ਇਸ ਫ਼ਿਲਮ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਫ਼ਿਲਮ ’ਤੇ ਰੋਕ ਲਾਉਣ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀ ਭੈਣ ਬੇਬੇ ਨਾਨਕੀ ਜੀ ਦਾ ਰੋਲ ਵਿਅਕਤੀਗਤ ਤੌਰ ’ਤੇ ਨਿਭਾਇਆ ਗਿਆ ਹੈ, ਜਿਸ ਲਈ ਸਿੱਖ ਧਰਮ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਇਸਲਾਮ ਧਰਮ ਵਿੱਚ ਮੁਹੰਮਦ ਸਾਹਿਬ ਜੀ ਦੀ ਤਸਵੀਰ ਛਾਪਣ ਦੀ ਵੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਤੇ ਰੋਹ ਹੈ। ਫ਼ਿਲਮ ’ਤੇ ਤੁਰੰਤ ਪਾਬੰਦੀ ਲਾਈ ਜਾਵੇ ਕਿਉਂਕਿ ਸਿੱਖਾਂ ਵਿੱਚ ਪਾਈ ਜਾ ਰਹੀ ਬੇਚੈਨੀ ਕਾਰਨ ਉਹ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਗੇ।
ਇਸ ਦੌਰਾਨ ਸਿੱਖ ਨੌਜਵਾਨਾਂ ਵੱਲੋਂ ਫ਼ਿਲਮ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਛੇਹਰਟਾ ਤੋਂ ਦਰਬਾਰ ਸਾਹਿਬ ਤੱਕ ਨੌਜਵਾਨਾਂ ਨੇ ਰੋਸ ਵਿਖਾਵਾ ਕੀਤਾ ਤੇ ਫ਼ਿਲਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਵਿੱਚ ਸ਼ਾਮਲ ਪਰਮਜੀਤ ਸਿੰਘ ਮੰਡ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਨੂੰ ਐਨੀਮੇਸ਼ਨ ਜਾਂ ਮਨੁੱਖੀ ਕਿਰਦਾਰ ਦੇ ਰੂਪ ਵਿੱਚ ਨਹੀਂ ਦਿਖਾਇਆ ਜਾ ਸਕਦਾ ਪਰ ਫ਼ਿਲਮ ਵਿੱਚ ਅਜਿਹਾ ਕੀਤਾ ਗਿਆ ਹੈ, ਜੋ ਕਿ ਸਿੱਖ ਸਿਧਾਂਤਾਂ ਦੀ ਉਲੰਘਣਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਹੋ ਸਕਦਾ।

Facebook Comment
Project by : XtremeStudioz