Close
Menu

ਫੂਲਕਾ ਨੇ ਸ਼ਹੀਦ ਐਸਪੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

-- 02 August,2015

ਜਲੰਧਰ, ਦੀਨਾਨਗਰ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਕਪੂਰਥਲਾ ਦੇ ਐਸ.ਪੀ. ਬਲਜੀਤ ਸਿੰਘ ਦੇ ਘਰ ਦੁੱਖ ਪ੍ਰਗਟਾਉਣ ਆਏ ਆਮ ਆਦਮੀ ਪਾਰਟੀ ਦੇ ਆਗੂ ਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਜਰੀਵਾਲ ਸਰਕਾਰ ਦੇ ਪੈਟਰਨ ’ਤੇ ਪੰਜਾਬ ਪੁਲੀਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਇਕ-ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣੀ ਚਾਹੀਦੀ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ 49 ਦਿਨ ਸਰਕਾਰ ਰਹੀ ਸੀ ਉਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਗੁੰਡਾ ਅਨਸਰਾਂ ਵੱਲੋਂ ਮਾਰੇ ਗਏ ਦਿੱਲੀ ਪੁਲੀਸ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਰਾਸ਼ੀ ਦਿੱਤੀ ਸੀ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੀ ਕੇਜਰੀਵਾਲ ਸਰਕਾਰ ਦੇ ਇਸੇ ਪੈਟਰਨ ਨੂੰ ਅਪਣਾ ਕੇ ਪੰਜਾਬ ਪੁਲੀਸ ਦੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੀਨਾਨਗਰ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਪੁਲੀਸ ਮੁਲਾਜ਼ਮਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਤੇ ਐਸ.ਪੀ. ਬਲਜੀਤ ਸਿੰਘ ਦੇ ਪਰਿਵਾਰ ਨੂੰ 25   ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਇਹ ਰਕਮ ਮੌਜੂਦਾ ਦੌਰ ਵਿੱਚ ਬਹੁਤ ਹੀ ਨਿਗੂਣੀ ਹੈ, ਘੱਟੋ ਘੱਟ 1 ਕਰੋੜ ਰੁਪਏ ਦੇਣ ਨਾਲ ਹੀ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮਿਲ ਸਕਦੀ ਹੈ।
ਦੀਨਾਨਗਰ ’ਚ ਹੋਏ ਪੁਲੀਸ ਥਾਣੇ ’ਤੇ ਹਮਲੇ ’ਚ ਪੰਜਾਬ ਪੁਲੀਸ ਦੇ ਜਵਾਨਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਐਚ.ਐਸ. ਫੂਲਕਾ ਨੇ ਕਿਹਾ ਕਿ ਜਵਾਨਾਂ ਨੇ ਬੜੀ ਦਲੇਰੀ ਨਾਲ ਅਤਿਵਾਦੀਆਂ ਦਾ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਮਾ ਸਮਾਂ ਅਤਿਵਾਦ ਦੇ ਦਰਦ ਨੂੰ ਹੰਢਾਇਆ ਹੈ ਤੇ ਇਥੋਂ ਦਾ ਕੋਈ ਵੀ ਬਸ਼ਿੰਦਾ ਅਤਿਵਾਦ ਦੀ ਹਮਾਇਤ ਨਹੀਂ ਕਰ ਸਕਦਾ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਫੈਡਰਲ ਢਾਂਚੇ ਨੂੰ ਤਿਲਾਂਜਲੀ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਆਪਣਾ ਪੱਖ ਰੱਖਣ ਵਾਸਤੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਕੋਈ ਵੀ ਵਕੀਲ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਬਣਾਏ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਦੀ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ।

Facebook Comment
Project by : XtremeStudioz