Close
Menu

ਬਾਦਲ ਨੇ ਮਨਪ੍ਰੀਤ ਨੂੰ ਕਾਂਗਰਸ ਦਾ ਹੱਥਠੋਕਾ ਕਰਾਰ ਦਿੰਦਿਆਂ ਪੀਪੀਪੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਦਾ ਦਿੱਤਾ ਸੱਦਾ

-- 08 August,2013

333

ਚੰਡੀਗੜ੍ਹ, 8 ਅਗਸਤ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਮੁੱਖ ਮੰਤਰੀ ਸ਼. ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਬਕਾ ਵਿੱਤ ਮੰਤਰੀ ਅਤੇ ਪੀ.ਪੀ.ਪੀ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਨਾਲ ਹੱਥ ਮਿਲਾਉਣ ਸੰਬੰਧੀ ਆਪਣਾ ਰੁਖ਼ ਜ਼ਾਹਿਰ ਕਰਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਆਪਣੇ ਸਿਆਸੀ ਸੁਆਰਥਾਂ ਨੂੰ ਪੂਰਾ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਖੋਭਿਆ ਹੈ ਪਰੂੰਤ ਪੰਜਾਬ ਦੇ ਸੂਝਵਾਨ ਲੋਕਾਂ ਨੇ ਮਨਪ੍ਰੀਤ ਬਾਦਲ ਦੇ ਇਸ  ਧੋਖੇ ਦਾ ਢੁਕਵਾਂ ਜਵਾਬ ਦੇ ਦਿੱਤਾ ਹੈ ਜਿਸ ਕਰਕੇ ਇਹ ਪੀ.ਪੀ.ਪੀ. ਆਗੂ ਅੱਜ ਆਪਣੀ ਸਿਆਸੀ ਹੋਂਦ ਬਚਾਉਣ ਲਈ ਕਾਂਗਰਸ ਪਾਰਟੀ ਵਿੱਚ ਸ਼ਰਨ ਲੈਣ ਲਈ ਘੁੰਮ ਰਿਹਾ ਹੈ। ਮੁਖ ਮੰਤਰੀ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਹੱਥ ਮਿਲਾ ਕੇ ਮਨਪ੍ਰੀਤ ਬਾਦਲ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਸਦੀ ਕੋਈ ਵੀ ਵਿਚਾਰਧਾਰਕ ਪ੍ਰਤੀਬੱਧਤਾ ਨਹੀਂ ਹੈ।

ਅੱਜ ਇਥੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਅਤੇ ਪੀ.ਪੀ.ਪੀ. ਆਗੂ ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕਾਂਗਰਸ ਪਾਰਟੀ ਦਾ ਹੱਥਠੋਕਾ ਬਣ ਚੁਕਿਆ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਮਨਪ੍ਰੀਤ ਬਾਦਲ ਨੂੰ ਆਪਣਾ ਸਿਆਸੀ ਵਾਰਸ ਬਣਾਇਆ ਸੀ ਪਰ ਬਦਕਿਸਮਤੀ ਨਾਲ ਮਨਪ੍ਰੀਤ ਬਾਦਲ ਨੇ ਆਪਣੇ ਸਿਆਸੀ ਮੰਤਵਾਂ ਦੀ ਪੂਰਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿੱਚ ਛੁਰਾ ਮਾਰ ਦਿੱਤਾ।

ਸ. ਬਾਦਲ ਨੇ ਪੀ.ਪੀ.ਪੀ. ਵਿੱਚ ਜਾਣ ਵਾਲੇ ਸਾਰੇ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਮਨਪ੍ਰੀਤ ਬਾਦਲ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣ ਲਈ ਕਿਹਾ। ਸ. ਬਾਦਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਨਾ ਹੀ ਆਪਣੀ ਮਾਂ ਪਾਰਟੀ ਪ੍ਰਤੀਬੱਧਤਾ ਨਿਭਾਈ ਅਤੇ ਨਾ ਹੀ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਦੀ ਧਰਤੀ ਉੱਪਰ ਲੋਕਾਂ ਨਾਲ ਕੀਤੇ ਵਾਅਤੇ ਨਿਭਾਏ ਜਿਸ ਕਰਕੇ ਹੁਣ ਮਨਪ੍ਰੀਤ ਬਾਦਲ ਦੇ ਇਸ਼ਾਰੇ ‘ਤੇ ਸ਼੍ਰੋਮਣੀ ਅਕਾਲੀ ਦਲ ਛੱਡਣ ਵਾਲਿਆਂ ਲਈ ਸਹੀ ਸਮਾਂ ਹੈ ਕਿ ਉਹ ਆਪਣੀ ਪੁਰਾਣੀ ਪਾਰਟੀ ਵਿੱਚ ਵਾਪਸ ਆ ਜਾਣ। ਗਿੱਦੜਬਾਹਾ ਦੀ ਧਰਤੀ ਨੂੰ ਪਵਿੱਤਰ ਆਖਦਿਆ ਸ. ਬਾਦਲ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ ਹੈ ਉਸ ਸਮੇਂ ਤੋਂ ਹੀ ਇਸ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਹੈ। ਮੁਖ ਮੰਤਰੀ ਨੇ ਕਿਹਾ ਕਿ ਉਹ ਖੁਦ ਇਥੋਂ ਦੇ ਲੋਕਾਂ ਦਾ ਬਹੁਤ ਸਤਿਕਾਰ ਕਰਦੇ ਹਨ। ਇਸ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਸ.ਬਾਦਲ ਨੇ ਕਿਹਾ ਕਿ ਇਸ ਹਲਕੇ ਦੀ ਹਰ ਸਮੱਸਿਆ ਦਾ ਹੱਲ ਪੰਜਾਬ ਸਰਕਾਰ ਕਰੇਗੀ।

ਇਸ ਮੌਕੇ ਮੈਂਬਰ ਲੋਕ ਸਭਾ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸ: ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਉਨਾਂ ਨੂੰ ਇੱਥੇ ਆਉਣ ਤੇ ਜੀ ਆਇਆਂ ਨੂੰ ਆਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਡੀ.ਆਈ.ਜੀ. ਸ: ਅਮਰ ਸਿੰਘ ਚਹਿਲ, ਐਸ.ਐਸ.ਪੀ. ਸ: ਸੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਜੱਥੇਦਾਰ ਨਵਤੇਜ ਸਿੰਘ ਕਾਊਣੀ ਅਤੇ ਜੱਥੇਦਾਰ ਗੁਰਪਾਲ ਸਿੰਘ ਗੋਰਾ ਤਿੰਨੋਂਂ ਐਸ.ਜੀ.ਪੀ.ਸੀ. ਮੈਂਬਰ, ਸ: ਸੁਰਜੀਤ ਸਿੰਘ ਗਿਲਜ਼ੇਵਾਲਾ, ਸ: ਸੰਤ ਸਿੰਘ ਬਰਾੜ, ਐਡਵੋਕੇਟ ਗੁਰਮੀਤ ਸਿੰਘ ਮਾਨ ਆਦਿ ਵੀ ਹਾਜਰ ਸਨ।

Facebook Comment
Project by : XtremeStudioz