Close
Menu

ਬਾਦਲ ਵੱਲੋਂ ਖੇਤੀਬਾਡ਼ੀ ਵਿਭਾਗ ਨੂੰ ਕਲੀਨ ਚਿੱਟ

-- 25 September,2015

ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਰਮੇ ਦੀ ਫ਼ਸਲ ’ਤੇ ਚਿੱਟੇ ਮੱਛਰ ਦੇ ਹਮਲੇ ਨੂੰ ਕੁਦਰਤੀ ਆਫ਼ਤ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਵਿਭਾਗ ਦਾ ਕੋਈ ਦੋਸ਼ ਨਹੀਂ ਹੈ। ਵਿਧਾਨ ਸਭਾ ਵਿੱਚ ਕਿਸਾਨੀ ਮਸਲਿਆਂ ’ਤੇ ਚਲਦੀ ਬਹਿਸ ਨੂੰ ਸਮੇਟਦਿਆਂ ਸ੍ਰੀ ਬਾਦਲ ਨੇ ਵਿਰੋਧੀ ਧਿਰ ਵੱਲੋਂ ਕੀਟਨਾਸ਼ਕਾਂ ਦੀ ਖ਼ਰੀਦ ਵਿੱਚ ਘਪਲੇਬਾਜ਼ੀ ਦੇ ਦੋਸ਼ਾਂ ਨੂੰ ਵੀ ਨਕਾਰਿਆ ਤੇ ਕਿਹਾ ਕਿ ਖਰੀਦ ਵਿੱਚ ਸਿਰਫ਼ ਲਾਪਰਵਾਹੀ ਹੋੲੀ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਅਫ਼ਸਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵਿਰੋਧੀ ਧਿਰ ਨੇ ਮੁੱਖ ਮੰਤਰੀ ਦੇ ਭਾਸ਼ਨ ਦਾ ਬਾਈਕਾਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਵੱਲੋਂ ਮੰਗ ਕੀਤੀ ਗਈ ਕਿ ਇਕ ਕਿਸਾਨ ਵੱਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ’ਤੇ ਬੋਲਣ ਦੀ ਇਜਾਜ਼ਤ ਦਿੱਤੀ ਜਾਵੇ। ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਵਿਰੋਧੀ ਧਿਰ ਨੂੰ ਗੱਲ ਕਰਨ ਦੀ ਪ੍ਰਵਾਨਗੀ ਨਾ ਦਿੱਤੀ ਅਤੇ ਕਿਹਾ ਕਿ ਪਹਿਲਾਂ ਸਦਨ ਦੇ ਨੇਤਾ ਆਪਣੀ ਗੱਲ ਰੱਖਣਗੇ। ਇਸ ਮਗਰੋਂ ਕਾਂਗਰਸ ਦੇ ਸਾਰੇ ਮੈਂਬਰ ਨਾਅਰੇ ਮਾਰਦੇ ਹੋਏ ਸਦਨ ਵਿੱਚੋਂ ਬਾਹਰ ਚਲੇ ਗਏ। ਮੁੱਖ ਮੰਤਰੀ ਨੇ ਕਾਂਗਰਸ ਵਿਧਾਇਕਾਂ ਵੱਲੋਂ ਅਖਤਿਆਰ ਕੀਤੇ ਵਤੀਰੇ ਦੀ ਨਿੰਦਾ ਕਰਦਿਆਂ ਸਪੀਕਰ ਨੂੰ ਕਿਹਾ ਕਿ ਵਿਰੋਧੀ ਧਿਰ ਦੀਆਂ ‘ਲਗਾਮਾਂ ਕੱਸੀਆਂ’ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਨਰਮੇ ’ਤੇ ਚਿੱਟੇ ਮੱਛਰ ਦਾ ਹਮਲਾ ਇਸ ਫਸਲ ਦੀ ਪਿਛੇਤੀ ਬਿਜਾਈ ਅਤੇ ਮੌਕੇ ਸਿਰ ਭਾਰੀ ਮੀਂਹ ਨਾ ਪੈਣ ਕਾਰਨ ਹੋਇਆ। ਉਨ੍ਹਾਂ ਕਿਹਾ ਕਿ ਇਹ ਇਕ ਕੁਦਰਤੀ ਆਫ਼ਤ ਹੈ ਤੇ ਸਰਕਾਰ ਵੱਲੋਂ ਜਿਸ ਤਰੀਕੇ ਇਸ ਤਰ੍ਹਾਂ ਦੀਆਂ ਆਫ਼ਤਾਂ ਨਾਲ ਨਜਿੱਠਿਆ ਜਾਂਦਾ ਹੈ, ਉਸ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਨਰਮੇ ਦੀ ਫ਼ਸਲ ਵਾਹ ਦਿੱਤੀ ਸੀ, ੳੁਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਕਲੀ ਕੀਟਨਾਸ਼ਕਾਂ ਦੇ ਸਬੰਧ ਵਿੱਚ ਏਡੀਜੀਪੀ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਇਸ ਟੀਮ ਵੱਲੋਂ ਸੈਂਪਲ ਭਰੇ ਜਾ ਰਹੇ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਬਾਸਮਤੀ ਦੀ ਖ਼ਰੀਦ ਏ ਗਰੇਡ ਝੋਨੇ ਦੇ ਸਮਰਥਨ ਮੁੱਲ ’ਤੇ ਕਰਨ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ੳੁਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਉਤਪਾਦਕ ਕਿਸਾਨਾਂ ਨੂੰ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ‘ਚਿੱਟਾ ਮੱਛਰ’ ਤਾਂ ਅਸਲ ਵਿੱਚ ਕਾਂਗਰਸ ਨੂੰ ਪਿਆ ਹੈ, ਜਿਨ੍ਹਾਂ ਦਾ ਆਪਦਾ ਹੀ ਨੀ ਪਤਾ ਕਿ ਕੀ ਕਰਨਗੇ। ਸ੍ਰੀ ਬਾਦਲ ਨੇ ਸਪੀਕਰ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਵਿਰੋਧੀ ਧਿਰ ਦੀਆਂ ਲਗਾਮਾਂ ਕੱਸ ਕੇ ਰੱਖੀਆਂ ਜਾਣ। ਇਹ ਮਤਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਮਦਨ ਮੋਹਨ ਮਿੱਤਲ ਵੱਲੋਂ ਪੇਸ਼ ਕੀਤਾ ਗਿਆ ਸੀ। ਵਿਰੋਧੀ ਧਿਰ ਦੀ ਗ਼ੈਰ ਮੌਜੂਦਗੀ ਵਿੱਚ ਹਾਕਮ ਧਿਰ ਨੇ ਮਤੇ ਨੂੰ ‘ਸਰਬਸੰਮਤੀ’ ਨਾਲ ਪਾਸ ਹੋਇਆ ਕਰਾਰ ਦਿੱਤਾ।

Facebook Comment
Project by : XtremeStudioz